ਇਤਿਹਾਸ ਗਵਾਹ ਹੈ, ਜਿਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਉਹ ਕਦੇ ਵੀ ਕਾਮਯਾਬ ਨਹੀਂ ਹੋਏ : ਚੀਮਾ

Monday, Apr 24, 2023 - 12:25 PM (IST)

ਜਲੰਧਰ/ਚੰਡੀਗੜ੍ਹ (ਧਵਨ, ਰਮਨਜੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਮਨ ਪਸੰਦ ਲੋਕ ਹਨ। ਉਹ ਸ਼ਾਂਤੀ ਅਤੇ ਵਿਕਾਸ ਚਾਹੁੰਦੇ ਹਨ। ਇਤਿਹਾਸ ਗਵਾਹ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਭਾਈਚਾਰੇ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਉਹ ਹਮੇਸ਼ਾ ਅਸਫਲ ਰਿਹਾ ਹੈ। ਐਤਵਾਰ ਨੂੰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ’ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਅਜਨਾਲਾ ਕਾਂਡ ਦੌਰਾਨ ਇਕ ਵਿਅਕਤੀ ਨੂੰ ਪੁਲਸ ਹਿਰਾਸਤ ਤੋਂ ਬਾਹਰ ਕੱਢਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਢਾਲ ਬਣਾਇਆ ਗਿਆ ਸੀ ਪਰ ਪੰਜਾਬ ਪੁਲਸ ਨੇ ਪੂਰੀ ਗੰਭੀਰਤਾ, ਸੰਵੇਦਨਸ਼ੀਲਤਾ ਅਤੇ ਸਮਝਦਾਰੀ ਨਾਲ ਪੂਰੀ ਸਥਿਤੀ ਨੂੰ ਸੰਭਾਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਸ ਨੇ ਬਿਨਾਂ ਕਿਸੇ ਗੋਲੀਬਾਰੀ ਜਾਂ ਲਾਠੀਚਾਰਜ ਤੋਂ ਪੂਰੀ ਸਥਿਤੀ ਨੂੰ ਕਾਬੂ ਹੇਠ ਕਰ ਲਿਆ। ਕਿਸੇ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਹੀਂ ਕਰਨ ਦਿੱਤੀ ਕਿਉਂਕਿ ਉਹ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਕੰਮ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਉਣ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ। ਚੀਮਾ ਨੇ ਕਿਹਾ ਕਿ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਕਾਨੂੰਨ ਦਾ ਸਾਹਮਣਾ ਕਰਨ ਦੀ ਬਜਾਏ ਪੁਲਸ ਤੋਂ ਡਰਦਾ ਭੱਜ ਗਿਆ ਸੀ। ਉਸ ਨੂੰ ਪੰਜਾਬ ਪੁਲਸ ਨੇ 36 ਦਿਨਾਂ ਦੀ ਲੰਬੀ ਕਾਰਵਾਈ ਤੋਂ ਬਾਅਦ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਅਜਨਾਲਾ ਕਾਂਡ ਵਰਗਾ ਸਟੰਟ ਕਰਨ ਦੀ ਕੋਸ਼ਿਸ਼ ਕੀਤੀ ਪਰ ਇਕ ਵਾਰ ਫਿਰ ਪੰਜਾਬ ਪੁਲਸ ਨੇ ਕੁਸ਼ਲਤਾ ਨਾਲ ਕੰਮ ਕੀਤਾ।

ਇਹ ਵੀ ਪੜ੍ਹੋ : ਧੀ ਘਰੋਂ ਆਏ ਫੋਨ ਨੇ ਉਡਾਏ ਮਾਪਿਆਂ ਦੇ ਹੋਸ਼, ਜਦੋਂ ਜਾ ਕੇ ਵੇਖਿਆ ਤਾਂ ਨਿਕਲ ਗਈਆਂ ਚੀਕਾਂ

ਚੀਮਾ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਅਤੇ ਪੁਲਸ ਗੋਲੀਬਾਰੀ ’ਚ ਕਈ ਬੇਕਸੂਰ ਲੋਕ ਮਾਰੇ ਗਏ ਪਰ ਇਹ ਆਮ ਆਦਮੀ ਪਾਰਟੀ ਦੀ ਧਰਮ ਨਿਰਪੱਖ ਸਰਕਾਰ ਹੈ, ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣਾ ਸਾਡੀ ਪਹਿਲ ਹੈ। ਅਸੀਂ ਇਸ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦੇਵਾਂਗੇ। ਉਨ੍ਹਾਂ ਨੇ ਧੀਰਜ ਨਾਲ ਕੰਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਸੂਬੇ ’ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਵੀ ਸਰਕਾਰ ’ਤੇ ਭਰੋਸਾ ਕਰਨ ਅਤੇ ਸਮਰਥਨ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਪੂਰੇ ਆਪ੍ਰੇਸ਼ਨ ਦੌਰਾਨ ਕੋਈ ਵੀ ਮੰਦਭਾਗੀ ਘਟਨਾ ਨਹੀਂ ਵਾਪਰੀ। ਉਨ੍ਹਾਂ ਲੋਕਾਂ ਨੂੰ ‘ਆਪ’ ਸਰਕਾਰ ਦਾ ਸਮਰਥਨ ਜਾਰੀ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਸੀਂ ਆਪਣੇ ਲੋਕਾਂ ਦੇ ਸਹਿਯੋਗ ਨਾਲ ਹੀ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖ ਸਕਦੇ ਹਾਂ। ਸੂਬੇ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਲਿਜਾਣ ਲਈ ਸ਼ਾਂਤੀ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਸ ਦੀ ਵੱਡੀ ਪ੍ਰੈੱਸ ਕਾਨਫਰੰਸ, ਪੂਰੀ ਕਾਰਵਾਈ ਦੀ ਦਿੱਤੀ ਜਾਣਕਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News