ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਮੁਲਜ਼ਮ 1 ਕਰੋੜ ਦੀ ਨਕਦੀ ਸਣੇ ਕਾਬੂ

Saturday, Oct 08, 2022 - 04:05 PM (IST)

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਮੁਲਜ਼ਮ 1 ਕਰੋੜ ਦੀ ਨਕਦੀ ਸਣੇ ਕਾਬੂ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਡਰੋਨ ਰਾਹੀਂ ਹਥਿਆਰਾਂ ਤੇ ਗੋਲਾ ਬਾਰੂਦ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਨਵੀਂ ਖੇਪ ਬਰਾਮਦ ਕੀਤੀ ਹੈ। ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਮਾਡਿਊਲ ਦੇ ਕੁੱਲ ਪੰਜ ਮੈਂਬਰਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਿੰਡ ਬਰਵਾਲਾ ਜ਼ਿਲ੍ਹਾ ਤਰਨਤਾਰਨ, ਹਰਚੰਦ ਸਿੰਘ ਅਤੇ ਗੁਰਸਾਹਿਬ ਸਿੰਘ ਦੋਵੇਂ ਵਾਸੀ ਵਲਟੋਹਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 1.01 ਕਰੋੜ ਰੁਪਏ ਦੀ ਨਕਦੀ, 500 ਗ੍ਰਾਮ ਹੈਰੋਇਨ, 17 ਪਿਸਤੌਲ ਸਮੇਤ 400 ਜਿੰਦਾ ਕਾਰਤੂਸ, ਇਕ ਐਮਪੀ-4 ਰਾਈਫ਼ਲ ਸਮੇਤ 300 ਜਿੰਦਾ ਕਾਰਤੂਸ, ਦੋ ਤੋਲਣ ਵਾਲੀਆਂ ਮਸ਼ੀਨਾਂ ਅਤੇ ਦੋ ਕਰੰਸੀ ਗਿਣਨ ਵਾਲੀਆਂ ਮਸ਼ੀਨਾਂ ਬਰਾਮਦ ਕੀਤੀਆਂ ਹਨ।

PunjabKesari

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਪੁਲਸ ਟੀਮ ਨੇ ਇਸ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ 'ਚ ਇਕ ਮੁਲਜ਼ਮ ਜਸਕਰਨ ਸਿੰਘ ਅਤੇ ਉਸ ਦੇ ਸਾਥੀ ਰਤਨਬੀਰ ਸਿੰਘ ਵਜੋਂ ਪਛਾਣ ਕੀਤੀ ਗਈ ਸੀ, ਜਿਨ੍ਹਾਂ ਤੋਂ ਪਿਸਤੌਲਾਂ ਦੀ ਕੁੱਲ ਬਰਾਮਦਗੀ ਨੂੰ ਲੈ ਕੇ ਉਨ੍ਹਾਂ ਦੇ ਟਿਕਾਣਿਆਂ ਤੋਂ 10 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਸਨ। ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਜਸਕਰਨ ਸਿੰਘ ਤੇ ਰਤਨਬੀਰ ਸਿੰਘ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਦੇ ਸਾਥੀ ਸੁਰਿੰਦਰ ਨੇ ਪਾਕਿਸਤਾਨ ਤੋਂ ਡਰੋਨਾਂ ਦੀ ਮਦਦ ਨਾਲ ਹਥਿਆਰਾਂ ਤੇ ਗੋਲਾ ਬਾਰੂਦ ਦੀ ਖੇਪ ਫੜੀ ਸੀ। ਇਨਪੁਟਸ ਤੋਂ ਬਾਅਦ ਪੁਲਸ ਨੇ ਸ਼ੁੱਕਰਵਾਰ ਨੂੰ ਸੁਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਕਬਜ਼ੇ 'ਚੋਂ 10 ਪਿਸਤੌਲਾਂ ਦੇ ਨਾਲ ਛੇ ਮੈਗਜ਼ੀਨਾਂ ਅਤੇ 100 ਜਿੰਦਾ ਕਾਰਤੂਸ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਸੁਰਿੰਦਰ ਜਸਕਰਨ ਸਿੰਘ ਦੇ ਨਿਰਦੇਸ਼ਾਂ 'ਤੇ ਰਤਨਬੀਰ ਤੋਂ ਖੇਪ ਚੁੱਕ ਕੇ ਦੋ ਭਰਾਵਾਂ ਹਰਚੰਦ ਅਤੇ ਗੁਰਸਾਹਿਬ ਤੱਕ ਪਹੁੰਚਾਉਂਦਾ ਸੀ, ਪੁਲਸ ਟੀਮਾਂ ਨੇ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 7 ਪਿਸਤੌਲ, ਇਕ ਐੱਮ.ਪੀ.-4 ਰਾਈਫਲ ਅਤੇ 500 ਗ੍ਰਾਮ ਹੈਰੋਇਨ ਤੋਂ ਇਲਾਵਾ 1.01 ਕਰੋੜ ਰੁਪਏ ਦੀ ਨਕਦੀ, ਵਜ਼ਨ ਮਸ਼ੀਨ ਅਤੇ ਕਰੰਸੀ ਗਿਣਨ ਦੀਆਂ ਮਸ਼ੀਨਾਂ ਸਮੇਤ ਖੇਪ ਦਾ ਬਾਕੀ ਹਿੱਸਾ ਬਰਾਮਦ ਕੀਤਾ ਹੈ।

ਡੀ.ਜੀ.ਪੀ ਨੇ ਕਿਹਾ ਕਿ ਪਾਕਿਸਤਾਨ ਤੋਂ ਆਈਆਂ ਹੋਰ ਖੇਪਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਣਪਛਾਤੇ ਵਿਅਕਤੀਆਂ ਨੂੰ ਅੱਗੇ ਡਿਲੀਵਰੀ ਕਰਨ ਲਈ ਇਸ ਮਾਡਿਊਲ ਵੱਲੋਂ ਪ੍ਰਾਪਤ ਕੀਤੀ ਗਈ ਹੋ ਸਕਦੀ ਹੈ। ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਜਸਕਰਨ ਨੇ ਕਬੂਲ ਕੀਤਾ ਕਿ ਉਹ ਆਸਿਫ਼ ਨਾਂ ਦੇ ਪਾਕਿਸਤਾਨੀ ਤਸਕਰ ਦੇ ਸੰਪਰਕ 'ਚ ਸੀ, ਜੋ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਂਦਾ ਸੀ ਅਤੇ ਰਤਨਬੀਰ ਉਸ ਨੂੰ ਬਰਾਮਦ ਕਰਦਾ ਸੀ। ਇਸ ਦੌਰਾਨ ਪੁਲਸ ਸਟੇਸ਼ਨ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 30 ਮਿਤੀ 04.10.2022 ਨੂੰ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਸੀ।


author

Mandeep Singh

Content Editor

Related News