ਵਿਜੀਲੈਂਸ ਨੂੰ ਮਿਲੀ ਵੱਡੀ ਸਫ਼ਲਤਾ, ਪਰਲਜ਼ ਕੇਸ 'ਚ ਲੋੜੀਂਦੇ 3 ਭਗੌੜੇ ਗੁਜਰਾਤ ਤੋਂ ਕੀਤੇ ਗ੍ਰਿਫ਼ਤਾਰ
Tuesday, Oct 24, 2023 - 12:48 AM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਗੁਜਰਾਤ ਪੁਲਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈੱਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐੱਲ.) ਕੇਸ 'ਚ ਲੋੜੀਂਦੇ 3 ਭਗੌੜੇ ਮੁਲਜ਼ਮਾਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਪ੍ਰਦੀਪ ਸਿੰਘ ਵਾਸੀ ਪਿੰਡ ਜਲਵੇੜਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਬੇਅੰਤ ਸਿੰਘ ਹੱਤਿਆਕਾਂਡ ਦੇ ਦੋਸ਼ੀ ਨੂੰ ਝਟਕਾ, ਹਾਈ ਕੋਰਟ ਨੇ ਪਟੀਸ਼ਨ 'ਤੇ ਸੁਣਾਇਆ ਇਹ ਫ਼ੈਸਲਾ
ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਥਾਣਾ ਸ਼ਹਿਰੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਈਪੀਸੀ ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਐੱਫਆਈਆਰ ਨੰਬਰ 79 ਮਿਤੀ 16-07-2020 ਵਿੱਚ ਲੋੜੀਂਦੇ ਸਨ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ’ਤੇ ਪਿੰਡ ਘੋਲੂਮਾਜਰਾ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿਖੇ ਪੀ.ਏ.ਸੀ.ਐੱਲ. ਦੀਆਂ ਵੱਲ-ਵੱਖ ਜਾਇਦਾਦਾਂ ਦੀ ਗੈਰ-ਕਾਨੂੰਨੀ ਤੌਰ ’ਤੇ ਤਬਾਦਲਾ-ਏ-ਮਲਕੀਅਤ ਕਰਨ ਦਾ ਦੋਸ਼ ਹੈ। ਇਨ੍ਹਾਂ ਨੂੰ ਇਸ ਗੱਲ ਦਾ ਪੂਰਾ ਇਲਮ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ.ਏ.ਸੀ.ਐੱਲ. ਨੂੰ ਕਿਸੇ ਵੀ ਅਜਿਹੀ ਜਾਇਦਾਦ ਨੂੰ ਵੇਚਣ/ਤਬਾਦਲਾ-ਏ-ਮਲਕੀਅਤ ਕਰਨ ’ਤੇ ਰੋਕ ਲਗਾਈ ਹੋਈ ਹੈ, ਜਿਸ ਵਿੱਚ ਪੀ.ਏ.ਸੀ.ਐੱਲ. ਦਾ ਕਿਸੇ ਵੀ ਰੂਪ ਵਿੱਚ ਕੋਈ ਅਧਿਕਾਰ ਜਾਂ ਹਿੱਤ ਬਣਦਾ ਹੈ ਪਰ ਬਾਵਜੂਦ ਇਸ ਦੇ ਇਨ੍ਹਾਂ ਨੇ ਜਾਇਦਾਦਾਂ ਦੀ ਫਰੋਖ਼ਤ/ਤਬਾਦਲਾ-ਏ-ਮਲਕੀਅਤ ਦਾ ਅਮਲ ਜਾਰੀ ਰੱਖਿਆ।
ਇਹ ਵੀ ਪੜ੍ਹੋ : ਬਿਹਾਰ 'ਚ ਵਾਪਰਿਆ ਵੱਡਾ ਹਾਦਸਾ, ਦੁਰਗਾ ਪੂਜਾ ਪੰਡਾਲ 'ਚ ਮਚੀ ਭਾਜੜ, 2 ਔਰਤਾਂ ਤੇ 1 ਬੱਚੇ ਦੀ ਮੌਤ
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜਸਟਿਸ (ਸੇਵਾਮੁਕਤ) ਆਰ.ਐੱਮ. ਲੋਢਾ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਤਹਿਤ ਇਹ ਸਪੱਸ਼ਟ ਹਦਾਇਤ ਸੀ ਕਿ ਪੀ.ਏ.ਸੀ.ਐੱਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਤੋਂ ਬਾਅਦ ਹੋਈ ਵਿਕਰੀ ਦੀ ਵਰਤੋਂ ਦੋਸ਼ੀ ਕੰਪਨੀ ਵੱਲੋਂ ਸ਼ੁਰੂ ਕੀਤੀ ਗਈ ਸਮੂਹਿਕ ਨਿਵੇਸ਼ ਯੋਜਨਾ (ਸੀਆਈਐੱਸ) ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਉਨ੍ਹਾਂ ਦੀ ਬਣਦੀ ਰਾਸ਼ੀ ਮੋੜਨ ਲਈ ਕੀਤੀ ਜਾਵੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਹਰਕੀਰਤ ਸਿੰਘ ਪੁਲਸ ਥਾਣਾ ਪੰਜਾਬ ਸਟੇਟ ਕ੍ਰਾਈਮ ਸੈੱਲ ਵਿਖੇ ਮਿਤੀ 21.02.2023 ਨੂੰ ਦਰਜ ਇਕ ਹੋਰ ਐੱਫ.ਆਈ.ਆਰ. ਨੰਬਰ 01 ਅਧੀਨ ਧਾਰਾ 406, 420, 465, 467, 468, 471, 384, 120-ਬੀ ਆਈ.ਪੀ.ਸੀ. ਵਿੱਚ ਵੀ ਲੋੜੀਂਦਾ ਸੀ। ਇਸ ਕੇਸ ਵਿੱਚ 01.01.2023 ਨੂੰ ਹੋਈ ਜਨਰਲ ਬਾਡੀ ਦੀ ਮੀਟਿੰਗ ਦੀ ਫਰਜ਼ੀ ਕਾਰਵਾਈ ਦੇ ਆਧਾਰ ’ਤੇ ਪੀਏਸੀਐੱਲ ਦੇ 3 ਡਾਇਰੈਕਟਰਾਂ ਦੀ ਗੈਰ-ਕਾਨੂੰਨੀ ਨਿਯੁਕਤੀ ਅਤੇ ਪੀਏਸੀਐੱਲ ਜਾਇਦਾਦਾਂ ਨਾਲ ਜੁੜੇ ਵਿਅਕਤੀਆਂ/ਇਕਾਈਆਂ ਤੋਂ ਪੈਸਾ ਵਸੂਲਣ ਵਿੱਚ ਉਸ ਦੀ ਭੂਮਿਕਾ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ : ਜੇਲ੍ਹ ’ਚ ਬੰਦ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਤਿੰਨੋਂ ਮੁਲਜ਼ਮਾਂ ਦਾ ਰਾਹਦਾਰੀ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ ਦੀ ਅਗਲੀ ਜਾਂਚ ਜਾਰੀ ਹੈ। ਇਸ ਸਬੰਧੀ ਬਿਊਰੋ ਵੱਲੋਂ ਪਹਿਲਾਂ ਹੀ ਪੀਏਸੀਐੱਲ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ, ਗੈਰ-ਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਗਏ ਡਾਇਰੈਕਟਰਾਂ 'ਚੋਂ ਇਕ ਧਰਮਿੰਦਰ ਸਿੰਘ ਸੰਧੂ ਅਤੇ ਪੀਏਸੀਐੱਲ ਦੇ ਗੈਰ-ਕਾਨੂੰਨੀ ਡਾਇਰੈਕਟਰਾਂ ਦੀ ਨਿਯੁਕਤੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਵਾਲੇ ਸੀ.ਏ. ਜਸਵਿੰਦਰ ਸਿੰਘ ਡਾਂਗ ਨੂੰ ਇਸੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8