ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਓਟ ਲੈ ਕੇ ਹਿੰਸਕ ਧਰਨੇ ਦੇਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ : ਹਰਪਾਲ ਚੀਮਾ

Saturday, Feb 25, 2023 - 06:46 PM (IST)

ਪਟਿਆਲਾ (ਪਰਮੀਤ): ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਓਟ ਲੈ ਕੇ ਹਿੰਸਕ ਧਰਨੇ ਮੁਜ਼ਾਹਰੇ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਸ ਅਤੇ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੀ ਹੈ, ਇਸ ਲਈ ਪੁਲਸ ਨੇ ਬਹੁਤ ਹੀ ਸੰਜਮ ਨਾਲ ਕੰਮ ਲਿਆ। ਹਰਪਾਲ ਚੀਮਾ ਅੱਜ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਪਟਿਆਲਾ ਹੈਰੀਟੇਜ ਫੈਸਟੀਵਲ ਅਧੀਨ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਏ ਗਏ ਘੋੜਿਆਂ ਦੇ ਕਰਤੱਬਾਂ ਦੇ ਸ਼ੋਅ ਦਾ ਉਦਘਾਟਨ ਕਰਨ ਪੁੱਜੇ ਸਨ। ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਅਮਨ ਕਾਨੂੰਨ ਸਥਿਤੀ ਬਾਰੇ ਵਿਰੋਧੀ ਧਿਰਾਂ ਦਾ ਬਿਆਨ ਬੇਬੁਨਿਆਦ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥਾਂ ’ਚ ਲੈਣ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦਾ ਮਾਹੌਲ ਠੀਕ ਹੈ ਤਾਂ ਹੀ ਇਨਵੈਸਟ ਪੰਜਾਬ ਸਮਿਟ ਹੋਇਆ, ਨਿਵੇਸ਼ ਆ ਰਿਹਾ ਹੈ ਅਤੇ ਹੈਰੀਟੇਜ ਮੇਲਿਆਂ ਵਰਗੇ ਵੱਡੇ ਉਤਸਵ ਹੋ ਰਹੇ ਹਨ। ਵਿੱਤ ਮੰਤਰੀ ਨੇ ਅਜਨਾਲਾ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਧਰਨੇ ਦੇਣਾ ਕਿਸੇ ਦਾ ਵੀ ਹੱਕ ਹੈ ਪਰ ਪਾਲਕੀ ਸਾਹਿਬ ਨੂੰ ਅੱਗੇ ਕਰਕੇ ਹਿੰਸਕ ਧਰਨੇ ਇੱਕ ਮਾੜੀ ਪਿਰਤ ਹੈ। ਅਜਿਹੀ ਕਾਰਵਾਈ ਨਾਲ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ, ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਣ ਵਾਲਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪੁੱਜੀ ਹੈ, ਇਸ ਲਈ ਹਰੇਕ ਸਿੱਖ ਨੂੰ ਇਸ ਦੀ ਵਿਰੋਧਤਾ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪ੍ਰੋ. ਸਰਚਾਂਦ ਸਿੰਘ ਵਲੋਂ ਜਥੇਦਾਰ ਨੂੰ ਪ੍ਰਕਾਸ਼ ਸਿੰਘ ਬਾਦਲ ਤੋਂ 'ਫ਼ਖ਼ਰ ਏ ਕੌਮ' ਦਾ ਰੁਤਬਾ ਵਾਪਸ ਲੈਣ ਦੀ ਅਪੀਲ

ਕੋਟਕਪੂਰਾ ਗੋਲੀਕਾਂਡ ਬਾਬਤ ਪੁੱਛੇ ਸਵਾਲ ਦੇ ਜਵਾਬ ’ਚ     ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ’ਤੇ ਬਣੀ ਸਿਟ ਨੇ ਇਮਾਨਦਾਰੀ ਨਾਲ ਚਲਾਨ ਅਦਾਲਤ 'ਚ ਪੇਸ਼ ਕੀਤਾ ਹੈ ਅਤੇ ਜਿਹੜੇ ਲੋਕਾਂ ਨੇ ਇਸ ਜੁਰਮ ਨੂੰ ਅੰਜਾਮ ਦਿੱਤਾ, ਉਨ੍ਹਾਂ ਨੂੰ ਅਦਾਲਤ ’ਚ ਸਜਾਵਾਂ ਜ਼ਰੂਰ ਮਿਲਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਹੈ ਕਿ ਇਸ ਮਾਮਲੇ 'ਚ ਬਹੁਤ ਲੰਮੇ ਅਰਸੇ ਬਾਅਦ ਪੰਜਾਬ ਦੇ ਇਨਸਾਫ਼ ਪਸੰਦ ਲੋਕਾਂ ਨੂੰ ਇਨਸਾਫ਼ ਮਿਲੇਗਾ। ਵਿੱਤ ਮੰਤਰੀ ਨੇ ਇੱਕ ਹੋਰ ਸਵਾਲ ਦੇ ਜਵਾਬ 'ਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਮਿਥੇ ਸਮੇਂ 'ਤੇ ਵਿਧਾਨ ਸਭਾ 'ਚ ਪੇਸ਼ ਕੀਤਾ ਜਾਵੇਗਾ ਅਤੇ ਰਾਜਪਾਲ ਵੱਲੋਂ ਪ੍ਰਵਾਨਗੀ ਵੀ ਮਿਲ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਰਾਜਪਾਲ ਨੂੰ ਆਪਣੇ ਅਹੁਦੇ ਦੀ ਮਾਣ-ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਹੈ ਕਿਉਂਕਿ ਪੰਜਾਬ ਸਰਕਾਰ ਲੋਕਾਂ ਦੀ ਚੁਣੀ ਹੋਈ ਸਰਕਾਰ ਹੈ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਜਾਂ ਦੂਜੇ ਸੂਬਿਆਂ ਨਾਲ ਸਬੰਧਤ ਮਾਮਲਾ ਹੈ, ਇਸ ਉਪਰ ਵੀ ਪੰਜਾਬ ਸਰਕਾਰ ਵਿਚਾਰ ਕਰ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਨਵਜੀਤ ਸੰਧੂ ਦੀ ਦੇਖ-ਰੇਖ ਹੇਠ ਹੋਏ ਘੋੜਿਆਂ ਦੇ ਕਰਤੱਬਾਂ ਦੇ ਸ਼ੋਅ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਦਾ ਉਦੇਸ਼ ਲੋਕਾਂ ਨੂੰ ਆਪਣੀ ਵਿਰਾਸਤ ਅਤੇ ਨੌਜਵਾਨਾਂ ਨੂੰ ਘੋੜਸਵਾਰ ਖੇਡਾਂ ਪ੍ਰਤੀ ਜਾਗਰੂਕ ਕਰਨਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ, ਵਿਰਾਸਤ ਤੇ ਖੂਨ ’ਚ ਮਿਲੀਆਂ ਹਨ, ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਵਿੱਚ ਘੋੜਸਵਾਰੀ ਕਰਨ ਦੀ ਪ੍ਰਤਿਭਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਓਲੰਪਿਕ ਖੇਡਾਂ ਦੇ ਨਕਸ਼ੇ ’ਤੇ ਲਿਜਾਣਾ ਚਾਹੁੰਦੀ ਹੈ ਇਸੇ ਲਈ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਵੱਡੇ ਕਦਮ ਚੁੱਕੇ ਗਏ ਹਨ। 

ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮਾਂ ਅਤੇ ਸਾਜ਼ਿਸ਼ਕਰਤਾਵਾਂ ਦੇ ਚਿਹਰੇ ਦਾ ਹੋਇਆ ਪਰਦਾਫਾਸ਼ : ਅਰੋੜਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News