ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ
Tuesday, Apr 12, 2022 - 09:07 PM (IST)
ਜਲੰਧਰ : ਦਿੱਲੀ ਦੇ ਰਾਸ਼ਟਰਪਤੀ ਭਵਨ ’ਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਖ਼ਾਸ ਮੁਲਾਕਾਤ ਕੀਤੀ। ਉਥੇ ਹੀ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ ’ਤੇ ਇਕ ਹੋਰ ਸ਼ਿਕੰਜਾ ਕੱਸਦਿਆਂ ਕਿਹਾ ਕਿ ਕੋਈ ਵੀ ਪ੍ਰਾਈਵੇਟ ਸਕੂਲ 2 ਸਾਲ ਤੱਕ ਵਰਦੀ ਨਹੀਂ ਬਦਲ ਸਕਦਾ। ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇ CM ਭਗਵੰਤ ਮਾਨ
ਦਿੱਲੀ ਦੇ ਰਾਸ਼ਟਰਪਤੀ ਭਵਨ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਖ਼ਾਸ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਦੌਰਾਨ ਰਾਸ਼ਟਰਪਤੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਕੇਜਰੀਵਾਲ ਨਾਲ ਮੀਟਿੰਗ ਮਗਰੋਂ CM ਮਾਨ ਦਾ ਟਵੀਟ, ਕਿਹਾ-ਪੰਜਾਬ ਦੇ ਲੋਕਾਂ ਨੂੰ ਜਲਦ ਦੇਵਾਂਗਾ ਚੰਗੀ ਖ਼ਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ’ਤੇ ਹਨ। ਇਸ ਦੌਰੇ ਦੌਰਾਨ ਉਨ੍ਹਾਂ ਨੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਸਾਡੇ ਲੀਡਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਬਹੁਤ ਵਧੀਆ ਮੀਟਿੰਗ ਹੋਈ।
ਪੰਜਾਬ ਸਰਕਾਰ ਨੇ IPS ਤੇ IAS ਅਧਿਕਾਰੀਆਂ ਦੇ ਕੀਤੇ ਤਬਾਦਲੇ
ਸੂਬੇ 'ਚ ਆਮ ਆਦਮੀ ਪਾਰਟੀ ਦੇ ਸੱਤਾ ਸੰਭਾਲਣ ਤੋਂ ਬਾਅਦ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਮਾਨ ਸਰਕਾਰ ਨੇ ਪੁਲਸ ਅਤੇ ਪ੍ਰਸ਼ਾਸਨਿਕ ਵਿਭਾਗਾਂ 'ਚ ਵੱਡਾ ਫੇਰਬਦਲ ਕਰਦੇ ਹੋਏ ਕਈ ਆਈ.ਪੀ.ਐੱਸ. ਅਤੇ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਪੰਜਾਬ ਸਰਕਾਰ ਵਲੋਂ ਮਾਪਿਆਂ ਨੂੰ ਵੱਡੀ ਰਾਹਤ, ਨਿੱਜੀ ਸਕੂਲਾਂ ਲਈ ਜਾਰੀ ਕੀਤੇ ਸਖ਼ਤ ਹੁਕਮ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ ’ਤੇ ਇਕ ਹੋਰ ਛਿਕੰਜਾ ਕੱਸਦੇ ਹੋਏ ਆਖਿਆ ਹੈ ਕਿ ਕੋਈ ਵੀ ਪ੍ਰਾਈਵੇਟ ਸਕੂਲ ਦੋ ਸਾਲ ਤਕ ਵਰਦੀ ਨਹੀਂ ਬਦਲ ਸਕਦਾ ਹੈ।
ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ
ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ’ਚੋਂ 16 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ।
ਬਿਜਲੀ ਸੰਕਟ ਵੱਲ ਵਧ ਰਿਹੈ ਪੰਜਾਬ! ਗੋਇੰਦਵਾਲ ਸਾਹਿਬ ਸਥਿਤ ਥਰਮਲ ਪਲਾਂਟ ਹੋਇਆ ਬੰਦ
ਪੰਜਾਬ ਵਿੱਚ ਬਿਜਲੀ ਦਾ ਸੰਕਟ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਪਿਛਲੇ ਕਾਫ਼ੀ ਸਮੇਂ ਤੋਂ ਕੋਲੇ ਦੀ ਘਾਟ ਨਾਲ ਜੂਝ ਰਹੇ ਜ਼ਿਲ੍ਹਾ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਸਥਿਤ ਜੀ. ਵੀ. ਕੇ. ਥਰਮਲ ਪਲਾਂਟ ਦਾ ਇਕੋ ਯੂਨਿਟ ਚੱਲ ਰਿਹਾ ਸੀ, ਜੋ ਅੱਜ ਤੜਕੇ ਬੰਦ ਹੋ ਗਿਆ।
ਪੱਟੀ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਮਾਂ-ਪੁੱਤ ਨੇ ਕਤਲ ਕਰਕੇ ਦਰਿਆ ’ਚ ਸੁੱਟੀ ਪਿਓ ਦੀ ਲਾਸ਼
ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਧਗਾਣੇ ਤੋਂ ਇਕ ਦਿਲ-ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਕਲਯੁੱਗੀ ਪੁੱਤ ਵਲੋਂ ਪਤਨੀ ਮਾਂ ਮਿਲ ਕੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ ਗਿਆ। ਇਥੇ ਹੀ ਬਸ ਨਹੀਂ ਕਾਤਲ ਪੁੱਤ ਨੇ ਪਿਤਾ ਦੀ ਲਾਸ਼ ਨੂੰ ਦਰਿਆ ਵਿਚ ਸੁੱਟ ਦਿੱਤਾ ਅਤੇ ਬਾਅਦ ਵਿਚ ਥਾਣਾ ਸਦਰ ਪੱਟੀ ਵਿਖੇ ਗੁੰਮਸ਼ੁਦਗੀ ਦੀ ਦਰਖਾਸਤ ਦੇ ਦਿੱਤੀ।
ਵਿਸਾਖੀ ਦਾ ਦਿਹਾੜਾ ਮਨਾਉਣ ਲਈ ਜੈਕਾਰਿਆਂ ਦੀ ਗੂੰਜ ਨਾਲ ਪਾਕਿ ਰਵਾਨਾ ਹੋਇਆ 705 ਸਿੱਖ ਸ਼ਰਧਾਲੂਆਂ ਦਾ ਜਥਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ 705 ਸਿੱਖ ਸ਼ਰਧਾਲੂਆਂ ਦਾ ਜਥਾ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਜੈਕਾਰਿਆਂ ਦੀ ਗੂੰਜ ਨਾਲ ਅੱਜ ਪਾਕਿਸਤਾਨ ਲਈ ਰਵਾਨਾ ਕਰ ਦਿੱਤਾ ਗਿਆ ਹੈ। ਸਿੱਖ ਸ਼ਰਧਾਲੂਆਂ ਦੇ ਇਸ ਜਥੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੱਥੇ ਦੇ ਆਗੂਆਂ ਦੇ ਗਲ ਵਿੱਚ ਸਿਰੋਪਾਓ ਪਾ ਕੇ ਜੱਥੇ ਨੂੰ ਰਵਾਨਾ ਕੀਤਾ ਗਿਆ।
ਇਟਲੀ 'ਚ ਇਕ ਹੋਰ ਪੰਜਾਬੀ ਨੇ ਕਰਵਾਈ ਬੱਲੇ ਬੱਲੇ, ਸਿੱਖਿਆ ਦੇ ਖੇਤਰ 'ਚ ਹਾਸਲ ਕੀਤਾ ਵੱਡਾ ਮੁਕਾਮ
ਇਟਲੀ ਦੇ ਜ਼ਿਲ੍ਹਾ ਵਿਚੈਂਸਾ ਦੇ ਕਸਬਾ ਮਨਤੇਕੀਓ ਮਾਜ਼ੋਰੇ ਵਿੱਚ ਆਪਣੇ ਪਰਿਵਾਰ ਨਾਲ ਰਹਿ ਰਹੇ ਚੰਦਨ ਕੁਮਾਰ ਸ਼ੀਹਮਾਰ ਨੇ ਯੂਰੋਕੋਮ ਯੂਨੀਵਰਸਿਟੀ ਆਫ (ਨੀਸ) ਫਰਾਂਸ ਤੋਂ ਸਿਸਟਮ ਆਫ ਟੈਲੀਕਮਿਊਨੀਕੇਸ਼ਨ ਵਿੱਚ ਪੀਐਚਡੀ ਕਰਕੇ ਪੰਜਾਬੀਆਂ ਦੀ ਬੱਲੇ ਬੱਲੇ ਕਰਵਾਈ।