ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ UK ਲਈ ਰਵਾਨਾ, ਪੰਜਾਬ ਕੈਬਨਿਟ ਨੇ ਲਏ ਕਈ ਅਹਿਮ ਫ਼ੈਸਲੇ, ਪੜ੍ਹੋ Top 10
Friday, Nov 18, 2022 - 08:34 PM (IST)
ਜਲੰਧਰ (ਬਿਊਰੋ) : ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਯੂ.ਕੇ. ਲਈ ਰਵਾਨਾ ਹੋ ਗਏ। ਉੱਧਰ, ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਪੜ੍ਹੋ ਅੱਜ ਦੀਆਂ TOP 10 ਖ਼ਬਰਾਂ...
ਮੂਸੇਵਾਲਾ ਦੇ ਮਾਤਾ-ਪਿਤਾ UK ਲਈ ਰਵਾਨਾ, ਪੁੱਤ ਦੇ ਇਨਸਾਫ਼ ਲਈ ਕੀਤੇ ਜਾ ਰਹੇ ਪ੍ਰਦਰਸ਼ਨ 'ਚ ਲੈਣਗੇ ਹਿੱਸਾ (ਤਸਵੀਰਾਂ)
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਯੂ. ਕੇ. ਲਈ ਰਵਾਨਾ ਹੋ ਗਏ ਹਨ। ਯੂ. ਕੇ. 'ਚ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ ਹੋ ਰਹੇ ਹਨ। ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉੱਥੇ ਇਕ ਪ੍ਰੋਗਰਾਮ ਉਲੀਕਿਆ ਗਿਆ ਹੈ।
ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਹਰੀ ਝੰਡੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਸਿੱਧਾ ਲਾਭ ਹੋਵੇਗਾ। ਇਹ ਫ਼ੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਵੀਂ ਪੈਨਸ਼ਨ ਸਕੀਮ (ਐੱਨ.ਪੀ.ਐੱਸ.) ਅਧੀਨ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਮਨਜ਼ੂਰ ਕੀਤਾ ਗਿਆ ਜਿਸ ਨਾਲ ਸੂਬੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ।
ਕਿਸਾਨਾਂ ਵਲੋਂ ਲਗਾਏ ਜਾ ਰਹੇ ਧਰਨਿਆਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਕਿਸਾਨਾਂ ਵਲੋਂ ਲਗਾਏ ਜਾ ਰਹੇ ਧਰਨਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 7 ਮਹੀਨਿਆਂ ਦੌਰਾਨ ਉਨ੍ਹਾਂ ਦੀ ਸਰਕਾਰ ਨੇ ਖੇਤੀ ਸੰਬੰਧੀ ਵੱਡੇ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਦੌਰਾਨ ਦੇਖਣ ਨੂੰ ਮਿਲਿਆ ਹੈ ਕਿ ਜਿੱਥੇ ਮਰਜ਼ੀ ਹਾਵੀਏ ’ਤੇ ਬੈਠ ਕੇ ਧਰਨਾ ਲਗਾ ਦਿੱਤੀ ਜਾਂਦਾ ਹੈ, ਜਿਹੜੀ ਮਰਜ਼ੀ ਸੜਕ ਜਾਮ ਕਰ ਦਿੱਤੀ ਜਾਂਦੀ ਹੈ।
ਪੰਜਾਬ ’ਚ ਫਿਰ ਵੱਡੀਆਂ ਵਾਰਦਾਤਾਂ ਦੀ ਚਿਤਾਵਨੀ, ਖੁਫ਼ੀਆਂ ਵਿਭਾਗ ਦੀ ਇਨਪੁੱਟ ਤੋਂ ਬਾਅਦ ਪੁਲਸ ਅਲਰਟ ’ਤੇ
ਕੋਟਕਪੂਰਾ ਵਿਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਕਾਂਡ ਤੋਂ ਬਾਅਦ ਹੁਣ ਪੰਜਾਬ ਵਿਚ ਕਈ ਹੋਰ ਡੇਰਾ ਪ੍ਰੇਮੀ ਗੈਂਗਸਟਰਾਂ/ਅੱਤਵਾਦੀਆਂ ਦੇ ਟਾਰਗੇਟ ’ਤੇ ਹਨ। ਦਰਅਸਲ ਇਸ ਸੰਬੰਧੀ ਪੰਜਾਬ ਪੁਲਸ ਨੂੰ ਇਨਪੁੱਟ ਮਿਲੀ ਹੈ, ਜਿਸ ਵਿਚ ਡੇਰਾ ਪ੍ਰੇਮੀਆਂ ’ਤੇ ਭਵਿੱਖ ਵਿਚ ਹਮਲੇ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਇਨਪੁੱਟ ਤੋਂ ਬਾਅਦ ਪੁਲਸ ਵਿਭਾਗ ਨੇ ਤੁਰੰਤ ਕਈ ਡੇਰਾ ਪ੍ਰੇਮੀਆਂ ਦੀ ਸੁਰੱਖਿਆ ਵਧਾ ਦਿੱਤੀ ਹੈ।
ਲੁਧਿਆਣਾ ਤੋਂ ਵੱਡੀ ਖ਼ਬਰ : ਪੈਟਰੋਲ ਪੰਪ ਲੁੱਟ ਮਾਮਲੇ 'ਚ ਭਾਜਪਾ ਆਗੂ ਦਾ ਪੁੱਤਰ ਗ੍ਰਿਫ਼ਤਾਰ
ਲੁਧਿਆਣਾ ਪੁਲਸ ਵੱਲੋਂ ਭਾਜਪਾ ਆਗੂ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੇ ਪੁੱਤਰ ਉਦੇਰਾਜ ਸਿੰਘ ਅਤੇ ਉਸ ਦੇ ਸਾਥੀ ਅੰਮ੍ਰਿਤਰਾਜ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਜਬਰ-ਜ਼ਿਨਾਹ ਦੇ ਕੇਸ 'ਚ ਫਸੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਦਿਖਾਈ ਨਹੀਂ ਦੇ ਰਹੀਆਂ। ਸਿਮਰਜੀਤ ਬੈਂਸ ਨੂੰ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਰਅਸਲ ਸਿਮਰਜੀਤ ਬੈਂਸ ਨੇ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ 'ਚ ਪਟੀਸ਼ਨ ਪਾਈ ਸੀ, ਜਿਸ 'ਤੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਹੋ ਸਕਿਆ ਹੈ।
ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਪੰਜਾਬ ’ਚ ਪ੍ਰਦਰਸ਼ਨ, ਭਾਜਪਾ ਆਗੂ ਫਤਿਹ ਜੰਗ ਬਾਜਵਾ ਦੀ ਘੇਰੀ ਕੋਠੀ
ਬਟਾਲਾ ਦੇ ਨਜ਼ਦੀਕੀ ਕਸਬਾ ਕਾਦੀਆਂ ’ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਇਕੱਠੇ ਹੋ ਕੇ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ ਕੱਢਿਆ ਗਿਆ। ਮਾਰਚ ਕੱਢਦੇ ਦੌਰਾਨ ਭਾਜਪਾ ਲੀਡਰ ਫਤਿਹ ਜੰਗ ਬਾਜਵਾ ਦੇ ਘਰ ਸਾਹਮਣੇ ਸੜਕ ਨੂੰ ਜਾਮ ਕਰਦੇ ਹੋਏ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਦਿੱਲੀ ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਜਥੇਦਾਰ ਹਰਪ੍ਰੀਤ ਸਿੰਘ ਦੇ ਤੱਤੇ ਬੋਲ -ਸਿੱਖ ਨਸਲਕੁਸ਼ੀ ਦੀਆਂ ਮਿਲ ਰਹੀਆਂ ਧਮਕੀਆਂ, ਕਿੱਥੇ ਹੈ ਸਰਕਾਰ?
ਅੰਮ੍ਰਿਤਸਰ ’ਚ ਸੁਧੀਰ ਕੁਮਾਰ ਸੂਰੀ ਦੇ ਕਤਲ ਮਾਮਲੇ ਤੋਂ ਬਾਅਦ ਭਾਈਚਾਰਕ ਏਕਤਾ ’ਚ ਤਨਾਅ ਨਜ਼ਰ ਆ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਵਿਵਾਦਿਤ ਬਿਆਨ ਵੀ ਦਿੱਤੇ ਜਾ ਰਹੇ ਹਨ। ਇਕ ਹਿੰਦੂ ਨੇਤਾ ਵੱਲੋਂ ਦਿੱਤੇ ਬਿਆਨ ਕਾਰਨ ਉਸ 'ਤੇ ਮਾਮਲਾ ਵੀ ਦਰਜ ਹੋ ਚੁੱਕਾ ਹੈ ਪਰ ਉਸ ਖ਼ਿਲਾਫ਼ ਇਸ ਤੋਂ ਅੱਗੇ ਕੋਈ ਕਾਰਵਾਈ ਨਹੀਂ ਹੋਈ। ਹੁਣ ਇਸ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ’ਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਗਏ ਹਨ।
ISRO ਨੇ ਰਚਿਆ ਇਤਿਹਾਸ, ਭਾਰਤ ਦਾ ਪਹਿਲਾ ਪ੍ਰਾਈਵੇਟ ਰਾਕੇਟ Vikram-S ਕੀਤਾ ਲਾਂਚ
ਭਾਰਤ ਦੇ ਪੁਲਾੜ ਨੇ ਅੱਜ ਉਸ ਸਮੇਂ ਨਵੀਆਂ ਉਚਾਈਆਂ ਨੂੰ ਛੂਹਿਆ ਜਦੋਂ ਭਾਰਤੀ ਪੁਲਾੜ ਖੋਜ ਸੰਸਥਾ (ISRO) ਨੇ ਸ਼੍ਰੀਹਰਿਕੋਟਾ ’ਚ ਆਪਣੇ ਕੇਂਦਰ ਤੋਂ ਦੇਸ਼ ਦੇ ਪਹਿਲੇ ਅਜਿਹੇ ਰਾਕੇਟ ਨੂੰ ਲਾਂਚ ਕੀਤਾ ਜਿਸਨੂੰ ਨਿੱਜੀ ਤੌਰ ’ਤੇ ਵਿਕਸਿਤ ਕੀਤਾ ਗਿਆ ਹੈ। ਭਾਰਤ ਦੇ ਪਹਿਲੇ ਪ੍ਰਾਈਵੇਟ ਰਾਕੇਟ ਵਿਕਰਮ-ਐੱਸ ਨੂੰ ਸ਼੍ਰੀਹਰਿਕੋਟਾ ਤੋਂ ਲਾਂਚ ਕੀਤਾ ਗਿਆ ਹੈ। ਭਾਰਤ ਦੇ ਪੁਲਾੜ ਪ੍ਰੋਗਰਾਮ ਦੇ ਜਨਕ ਵਿਕਰਮ ਸਾਰਾਭਾਈ ਨੂੰ ਸ਼ਰਧਾਂਜਲੀ ਦਿੰਦੇ ਹੋਏ ਇਸ ਰਾਕੇਟ ਦਾ ਨਾਂ ‘ਵਿਕਰਮ-ਐੱਸ’ ਰੱਖਿਆ ਗਿਆ ਹੈ।
ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਬੰਬ ਧਮਾਕੇ ਦੀ ਧਮਕੀ
ਰਾਹੁਲ ਗਾਂਧੀ ਦੀ ਅਗਵਾਈ ਵਾਲੀ 'ਚ ਜਾਰੀ 'ਭਾਰਤ ਜੋੜੋ ਯਾਤਰਾ' ਦੇ ਇੰਦੌਰ ਦੇ ਖਾਲਸਾ ਸਟੇਡੀਅਮ 'ਚ 28 ਨਵੰਬਰ ਨੂੰ ਸੰਭਾਵਿਤ ਰਾਤ ਦੇ ਆਰਾਮ ਦੌਰਾਨ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਹੈ। ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪੱਤਰ ਰਾਹੀਂ ਦਿੱਤੀ ਗਈ ਇਸ ਧਮਕੀ ’ਤੇ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।