ਮੂਸੇਵਾਲਾ ਦੇ ਗਾਣੇ ''ਤੇ ਲੱਗੀ ਪਾਬੰਦੀ, ਉਥੇ ਸੰਗਰੂਰ ਵਾਸੀਆਂ ਨੇ ਸਿਮਰਨਜੀਤ ਮਾਨ ਦੇ ਹੱਕ ''ਚ ਦਿੱਤਾ ਫਤਵਾ, ਪੜ੍ਹੋ TOP 10

06/26/2022 9:11:53 PM

ਜਲੰਧਰ : ਅੱਜ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਹੱਕ 'ਚ ਫਤਵਾ ਦੇ ਕੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿੱਤ ਦਿਵਾਈ। ਉਥੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਐੱਸ.ਵਾਈ.ਐੱਲ. 'ਤੇ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆਂ ਇਸ ਗਾਣੇ ਨੂੰ ਯੂ-ਟਿਊਬ ਪਲੇਟਫਾਰਮ ਤੋਂ ਹਟਵਾ ਦਿੱਤਾ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-

ਸੰਗਰੂਰ ਲੋਕ ਸਭਾ ਸੀਟ 'ਤੇ ਸਿਮਰਨਜੀਤ ਸਿੰਘ ਮਾਨ ਦਾ ਕਬਜ਼ਾ, ਅੰਕੜਿਆਂ 'ਚ ਜਾਣੋ 2014 ਤੋਂ ਹੁਣ ਤੱਕ ਦੇ ਨਤੀਜੇ
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੇ ਇਤਿਹਾਸ ਰਚ ਦਿੱਤਾ ਹੈ। ਦੱਸ ਦੇਈਏ ਕਿ ਸਿਮਰਨਜੀਤ ਮਾਨ 1989 ਵਿਚ ਤਰਨਤਾਰਨ ਤੋਂ ਅਤੇ 1999 'ਚ ਸੰਗਰੂਰ ਤੋਂ ਸੰਸਦ ਮੈਂਬਰ ਵਜੋਂ ਵੀ ਜਾ ਚੁੱਕੇ ਹਨ। 

ਆਪ’ ਦੀ ਹਾਰ ਮਗਰੋਂ CM ਮਾਨ ਦਾ ਟਵੀਟ, ਕਿਹਾ-ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ ਮੱਥੇ ਪ੍ਰਵਾਨ
ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਫ਼ਤਵੇ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਹੈ।

ਲੋਕ ਸਭਾ ਹਲਕਾ ਸੰਗਰੂਰ ਦੇ 9 ਵਿਧਾਨ ਸਭਾ ਹਲਕਿਆਂ ਦੇ ਨਤੀਜੇ, ਜਾਣੋ ਕਿੱਥੇ ਕਿਸ ਨੇ ਮਾਰੀ ਬਾਜ਼ੀ
ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ 'ਆਪ' ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ  ਨੂੰ ਹਰਾਉਂਦੇ ਹੋਏ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਹਨ ਪਰ ਹਲਕਾ ਸੰਗਰੂਰ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਸੰਗਰੂਰ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ, ਜਾਣੋ ਕੀ ਰਹੇ ਵੱਡੇ ਕਾਰਨ
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਲਈ ਹੈ। ਮਾਨ ਨੇ 5822 ਵੋਟਾਂ ਦੇ ਫਰਕ ਨਾਲ ‘ਆਪ’ ਉਮੀਦਵਾਰ ਗੁਰਮੇਲ ਘਰਾਚੋਂ ਨੂੰ ਹਰਾਇਆ। 100 ਸਾਲ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸੰਗਰੂਰ ਜ਼ਿਮਨੀ ਚੋਣ ’ਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਤੇ ਉਹ ਪੰਜਵੇਂ ਨੰਬਰ ’ਤੇ ਰਹੀ।

9 ਵਿਧਾਇਕਾਂ ਸਣੇ ਦੋ ਮੰਤਰੀਆਂ ਤੇ ਮੁੱਖ ਮੰਤਰੀ ਦੇ ਗੜ੍ਹ ’ਚ ਹਾਰੀ ‘ਆਪ’, ਜਾਣੋ ਕੀ ਰਹੇ ਮੁੱਖ ਕਾਰਣ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਗੜ੍ਹ ਵਜੋਂ ਜਾਣੀ ਜਾਂਦੀ ਸੰਗਰੂਰ ਲੋਕ ਸਭਾ ਸੀਟ ’ਤੇ ਆਮ ਆਦਮੀ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਹ ਹਾਰ ਉਦੋਂ ਹੋਰ ਵੀ ਨਾਮੋਸੀ ਭਰੀ ਹੋ ਜਾਂਦੀ ਹੈ ਜਦੋਂ ਲੋਕ ਸਭਾ ਦੇ ਅਧੀਨ ਆਉਣ ਵਾਲੇ 9 ਵਿਧਾਨ ਸਭਾ ਹਲਕਿਆਂ ’ਚ 9 ਵਿਧਾਇਕ ਹੀ ਆਮ ਆਦਮੀ ਪਾਰਟੀ ਦੀ ਹੋਣ, ਜਿਨ੍ਹਾਂ ਵਿਚ ਦੋ ਮੰਤਰੀ ਅਤੇ ਖੁਦ ਮੁੱਖ ਮੰਤਰੀ ਸ਼ਾਮਲ ਹਨ।

ਸੰਗਰੂਰ ਜ਼ਿਮਨੀ ਚੋਣ : ਦਲਬੀਰ ਗੋਲਡੀ ਤੇ ਬੀਬੀ ਕਮਲਦੀਪ ਕੌਰ ਸਣੇ 14 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ
ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ। ਜੇਕਰ ਮੁੱਖ ਪਾਰਟੀਆਂ ਦੀ ਗੱਲ ਕਰੀਏ ਤਾਂ ਅਕਾਲੀ ਦਲ ਫਾਡੀ ਰਿਹਾ।

ਤੀਜੀ ਵਾਰ ਲੋਕ ਸਭਾ ਦੀਆਂ ਪੌੜੀਆਂ ਚੜ੍ਹਣਗੇ ਸਿਮਰਨਜੀਤ ਮਾਨ, ਜਾਣੋ ਕੀ ਰਹੇ ਜਿੱਤ ਦੇ ਵੱਡੇ ਕਾਰਨ
ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਨਤੀਜੇ ਐਲਾਨ ਦਿੱਤੇ ਗਏ ਹਨ। ਲੋਕ ਸਭਾ ਸੀਟ ਸੰਗਰੂਰ ਭਗੰਵਤ ਮਾਨ ਦੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਖ਼ਾਲੀ ਹੋਈ ਸੀ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗੰਵਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ 2 ਲੱਖ 53 ਹਜ਼ਾਰ 154 ਵੋਟਾਂ ਨਾਲ ਵੱਡੀ ਜਿੱਤ ਹਾਸਲ ਕਰ ਚੁੱਕੇ ਹਨ।

ਸਿਮਰਨਜੀਤ ਸਿੰਘ ਮਾਨ ਨੇ ਢਾਹਿਆ ਭਗਵੰਤ ਮਾਨ ਦਾ ਕਿਲ੍ਹਾ, ਕਾਂਗਰਸ ਨੇ ਕਬੂਲੀ ਹਾਰ
ਸੰਗਰੂਰ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ ’ਚ ਜਨਤਾ ਦੇ ਫਤਵੇ ਨੂੰ ਕਾਂਗਰਸ ਨੇ ਨਿਮਰਤਾ ਸਹਿਤ ਕਬੂਲ ਕੀਤਾ ਹੈ। ਸੰਗਰੂਰ ਲੋਕ ਸਭਾ ਸੀਟ ’ਤੇ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖਿਆ ਹੈ ਕਿ ਹਾਰ ਜਿੱਤ ਜ਼ਿੰਦਗੀ ਦਾ ਹਿੱਸਾ ਹੈ ਅਤੇ ਸਿਆਸਤ ਵਿਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ, ਉਹ ਲੋਕਾਂ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ ਕਬੂਲ ਕਰਦੇ ਹਨ।

ਯੂ-ਟਿਊਬ ਤੋਂ ਹਟਾਇਆ ਸਿੱਧੂ ਮੂਸੇ ਵਾਲਾ ਦਾ ਗੀਤ SYL
ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦਾ ਗੀਤ ਐੱਸ.ਵਾਈ. ਐੱਲ.  ਯੂ-ਟਿਊਬ 'ਤੇ ਰਿਲੀਜ਼ ਕੀਤਾ ਗਿਆ ਸੀ ਜੋ ਕਿ ਨੰਬਰ 1 'ਤੇ ਟ੍ਰੈਂਡ ਕਰ ਰਿਹਾ ਸੀ। ਇਸ ਗੀਤ ਨੂੰ ਲੈ ਕੇ ਇਕ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਸ 'ਤੇ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਇਸ ਗਾਣੇ ਨੂੰ ਯੂ-ਟਿਊਬ ਪਲੇਟਫਾਰਮ ਤੋਂ ਹਟਵਾ ਦਿੱਤਾ ਹੈ।

ਪਾਕਿਸਤਾਨ ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ 'ਦਲਬੀਰ ਕੌਰ' ਦਾ ਦਿਹਾਂਤ
ਪਾਕਿਸਤਾਨ ਦੀ ਜੇਲ੍ਹ 'ਚ ਜਾਨ ਗੁਆਉਣ ਵਾਲੇ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦੇਰ ਰਾਤ ਦਿਹਾਂਤ ਹੋ ਗਿਆ ਹੈ। ਦਲਬੀਰ ਕੌਰ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ।

Mukesh

This news is Content Editor Mukesh