ਸਿੱਖਿਆ ਮੰਤਰੀ ਬੈਂਸ ਤੇ ਖਹਿਰਾ ਵਿਚਾਲੇ ਹੋਈ ਤਿੱਖੀ ਬਹਿਸ, ਸਰਕਾਰੀ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਪੜ੍ਹੋ Top 10

03/07/2023 9:09:04 PM

ਜਲੰਧਰ (ਬਿਊਰੋ): ਅੱਜ ਪੰਜਾਬ ਵਿਧਾਨ ਸਭਾ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਾਲੇ ਤਿੱਖੀ ਬਹਿਸ ਹੋ ਗਈ ਤਾਂ ਉੱਧਰ ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਰਾਹੀਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੜ੍ਹੋ ਅੱਜ ਦੀਆਂ ਮੁੱਖ ਖ਼ਬਰਾਂ...

ਵਿਧਾਨ ਸਭਾ ’ਚ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਸੁਖਪਾਲ ਖਹਿਰਾ ਵਿਚਾਲੇ ਤਿੱਖੀ ਬਹਿਸ, ਤਲਖ਼ ਹੋਇਆ ਮਾਹੌਲ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਾਲੇ ਤਿੱਖੀ ਬਹਿਸ ਹੋ ਗਈ। ਦਰਅਸਲ ਸੁਖਪਾਲ ਖਹਿਰਾ ਵਲੋਂ ਸਦਨ ਵਿਚ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜੇ ਜਾਣ ਦੀ ਪ੍ਰਕਿਰਿਆ ’ਤੇ ਸਵਾਲ ਚੁੱਕੇ ਗਏ। 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਸੂਬਾ ਸਰਕਾਰ ਵਲੋਂ ਜਾਰੀ ਹੋਏ ਸਖ਼ਤ ਹੁਕਮ

ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ ਤਾਂ ਜੋ ਜਨਤਕ ਕੰਮ ਕਾਜ ਪ੍ਰਭਾਵਿਤ ਨਾ ਹੋਵੇ। ਇਹ ਗੱਲ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵੱਲੋਂ ਲਿਆਂਦੇ ਧਿਆਨ ਦਿਵਾਓ ਮਤੇ ’ਤੇ ਜਵਾਬ ਦਿੰਦਿਆਂ ਕਹੀ। 

ਬੇਅਦਬੀ ਮਾਮਲੇ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਦਿੱਤੇ ਗਏ ਭਾਸ਼ਣ ’ਤੇ ਸੋਮਵਾਰ ਨੂੰ ਵਿਧਾਨ ਸਭਾ ਸਦਨ ਵਿਚ ਬਹਿਸ-ਚਰਚਾ ਸ਼ੁਰੂ ਹੋਈ। ਵਿਧਾਇਕ ਜੀਵਨਜੋਤ ਕੌਰ ਨੇ ਰਾਜਪਾਲ ਨੂੰ ਉਕਤ ਭਾਸ਼ਣ ਲਈ ਧੰਨਵਾਦ ਮਤਾ ਪੇਸ਼ ਕੀਤਾ, ਜਿਸ ਦੀ ਵਿਧਾਇਕ ਬੁੱਧਰਾਮ ਨੇ ਪ੍ਰਸਤਾਵਨਾ ਕੀਤੀ।

ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਪੇ, ਕਹਿ ਦਿੱਤੀ ਵੱਡੀ ਗੱਲ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਉਥੇ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਪਿਤਾ ਬਲਕੌਰ ਸਿੰਘ ਸਿੱਧੂ ਤੇ ਮਾਤਾ ਚਰਨ ਕੌਰ ਵਿਧਾਨ ਸਭਾ ਦੇ ਬਾਹਰ ਧਰਨਾ ਲਾ ਕੇ ਬੈਠੇ ਹਨ। ਦੱਸ ਦਈਏ ਕਿ ਇਸ ਸਿੱਧੂ ਦੇ ਮਾਪਿਆਂ ਨਾਲ ਕਾਂਗਰਸੀ ਵਿਧਾਇਕ ਵੀ ਬੈਠੇ ਨਜ਼ਰ ਆ ਰਹੇ ਹਨ। 

ਮੌੜ ਮੰਡੀ ਬੰਬ ਧਮਾਕਾ ਦੇ ਮਾਮਲੇ 'ਚ ਡੇਰਾ ਸੱਚਾ ਸੌਦਾ ਨਾਲ ਜੁੜੇ ਸਮਰਥਕਾਂ ਖ਼ਿਲਾਫ਼ ਵੱਡੀ ਕਾਰਵਾਈ

ਡੇਰਾ ਸੱਦਾ ਸੌਦਾ ਸੰਸਥਾ ਨਾਲ ਜੁੜੇ ਤਿੰਨ ਸਮਰਥਕਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਇੰਟਰਪੋਲ ਨੇ ਤਿੰਨ ਦੋਸ਼ੀਆਂ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਦੋਸ਼ੀਆਂ ਦਾ ਨਾਮ ਗੁਰਤੇਜ ਸਿੰਘ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਹੈ। ਦੱਸਣਯੋਗ ਹੈ ਕਿ 2017 'ਚ ਪੰਜਾਬ ਦੇ ਮੌੜ ਮੰਡੀ 'ਚ ਬੰਬ ਧਮਾਕਾ ਹੋਇਆ ਸੀ।

ਪੰਜਾਬ ਵਿਧਾਨ ਸਭਾ 'ਚ ਗੂੰਜਿਆ 'ਅੰਮ੍ਰਿਤਪਾਲ' ਦਾ ਮੁੱਦਾ, ਰਾਜਾ ਵੜਿੰਗ ਬੋਲੇ-'ਗ੍ਰਿਫ਼ਤਾਰ ਕਰੋ, ਅਸੀਂ ਤੁਹਾਡੇ ਨਾਲ ਹਾਂ

ਪੰਜਾਬ ਵਿਧਾਨ ਸਭਾ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਦਾ ਜ਼ੋਰ-ਸ਼ੋਰ ਨਾਲ ਮੁੱਦਾ ਚੁੱਕਿਆ ਗਿਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੰਮ੍ਰਿਤਪਾਲ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਜਿੰਨੀ ਜਲਦੀ ਹੋ ਸਕੇ ਗ੍ਰਿਫ਼ਤਾਰ ਕੀਤਾ ਜਾਵੇ, ਅਸੀਂ ਸਰਕਾਰ ਦੇ ਨਾਲ ਹਾਂ। 

ਵਿਧਾਨ ਸਭਾ ਇਜਲਾਸ : ਮੂਸੇਵਾਲਾ ਕਤਲ ਕਾਂਡ ਦੀ CBI ਜਾਂਚ 'ਤੇ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ

 ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਹੋਇਆ ਸੀ, ਜਿਸ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਉਨ੍ਹਾਂ ਨੇ ਆਪਣਾ ਧਰਨਾ ਖ਼ਤਮ ਕਰ ਲਿਆ ਹੈ। ਮੂਸੇਵਾਲਾ ਦੇ ਮਾਪਿਆਂ ਵੱਲੋਂ CBI ਜਾਂਚ ਦੀ ਮੰਗ 'ਤੇ ਬੋਲਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਮਾਮਲੇ 'ਚ ਸੀ. ਬੀ. ਆਈ. ਜਾਂਚ ਦੀ ਕੋਈ ਲੋੜ ਨਹੀਂ ਕਿਉਂਕਿ ਸਾਡੀਆਂ ਆਪਣੀਆਂ ਏਜੰਸੀਆਂ ਬਹੁਤ ਕਾਮਯਾਬ ਹਨ। 

ਵਿਧਾਨ ਸਭਾ 'ਚ ਧਾਲੀਵਾਲ ਤੇ ਖਹਿਰਾ ਵਿਚਾਲੇ ਤਿੱਖੀ ਬਹਿਸ, CM ਦੇ ਆਉਣ 'ਤੇ ਕਾਂਗਰਸ ਦਾ ਵਾਕਆਊਟ

ਪੰਜਾਬ ਵਿਧਾਨ ਸਭਾ 'ਚ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸੁਖਪਾਲ ਖਹਿਰਾ ਵਿਚਾਲੇ ਪਿੰਡ ਦੀ ਜ਼ਮੀਨ ਨੂੰ ਲੈ ਕੇ ਤਿੱਖੀ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਮੰਤਰੀ ਧਾਲੀਵਾਲ ਨੇ ਸੁਖਪਾਲ ਖਹਿਰਾ ਦੇ ਪਿੰਡ ਦੀ ਜ਼ਮੀਨ ਵਾਲੇ ਕਾਗਜ਼ ਦਿਖਾ ਦਿੱਤੇ ਤਾਂ ਖਹਿਰਾ ਨੇ ਕਿਹਾ ਕਿ ਉਹ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਭਾਵੇਂ ਡੀ. ਜੀ. ਪੀ. ਜਾਂ ਵਿਜੀਲੈਂਸ ਤੋਂ ਉਨ੍ਹਾਂ ਦੀ ਜਾਂਚ ਕਰਵਾ ਲਓ। 

10ਵੀਂ ਦਾ ਵਿਦਿਆਰਥੀ ਹੈ ਬਲਕੌਰ ਸਿੰਘ ਨੂੰ ਧਮਕੀ ਦੇਣ ਵਾਲਾ, ਪੁਲਸ ਨੇ ਦੱਸਿਆ, ‘ਕਿਸੇ ਗੈਂਗਸਟਰ ਨਾਲ ਨਹੀਂ ਸਬੰਧ’

ਅੱਜ ਐੱਸ. ਐੱਸ. ਪੀ. ਮਾਨਸਾ ਵਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਦੇਣ ਵਾਲੇ ਸ਼ਖ਼ਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਐੱਸ. ਐੱਸ. ਪੀ. ਮਾਨਸਾ ਨੇ ਦੱਸਿਆ ਕਿ ਜਾਂਚ ਦੌਰਾਨ ਇਕ 14 ਸਾਲਾ ਨਾਬਾਲਿਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਹੜਾ 10ਵੀਂ ਦਾ ਵਿਦਿਆਰਥੀ ਹੈ। ਉਕਤ ਨਾਬਾਲਿਗ ਨੇ ਬਲਕੌਰ ਸਿੰਘ ਨੂੰ ਈ-ਮੇਲਜ਼ ਭੇਜ ਕੇ ਧਮਕੀ ਦਿੱਤੀ ਸੀ।

ਹੋਲੇ ਮਹੱਲੇ ਦੌਰਾਨ ਅਨੰਦਪੁਰ ਸਾਹਿਬ ’ਚ ਵੱਡੀ ਵਾਰਦਾਤ, ਕੈਨੇਡਾ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਸੋਮਵਾਰ ਤੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਰੰਭ ਹੋਏ ਹੋਲੇ ਮਹੱਲੇ ਦੀ ਪਹਿਲੀ ਰਾਤ ਲੜਾਈ-ਝਗੜੇ ਦੌਰਾਨ ਇੱਕ ਨਿਹੰਗ ਸਿੰਘ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਰਦੀਪ ਸਿੰਘ ਪ੍ਰਿੰਸ ਵਾਸੀ ਪਿੰਡ ਗਾਜੀਕੋਟ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ 7 ਮਹੀਨਿਆਂ ਪਹਿਲਾਂ ਪੰਜਾਬ ਆਇਆ ਸੀ ਅਤੇ ਕੈਨੇਡੀਅਨ ਸੀਟੀਜ਼ਨ ਸੀ।ਇਸ ਤੋਂ ਇਲਾਵਾ 17 ਫਰਵਰੀ ਨੂੰ ਉਸ ਨੇ ਵਾਪਸ ਵਿਦੇਸ਼ ਜਾਣਾ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News