ਪੁਲਸ ਨੇ ਟੋਲ ਪਲਾਜ਼ਾ 'ਤੇ ਧਰਨਾ ਦੇਣ ਜਾ ਰਹੇ ਕਿਸਾਨਾਂ ਨੂੰ ਕੀਤਾ ਡਿਟੇਨ

Friday, Feb 27, 2026 - 05:44 PM (IST)

ਪੁਲਸ ਨੇ ਟੋਲ ਪਲਾਜ਼ਾ 'ਤੇ ਧਰਨਾ ਦੇਣ ਜਾ ਰਹੇ ਕਿਸਾਨਾਂ ਨੂੰ ਕੀਤਾ ਡਿਟੇਨ

ਮੋਗਾ (ਕਸ਼ਿਸ਼ ਸਿੰਗਲਾ) : ਬੀਕੇਯੂ ਸਿੱਧੂਪੁਰ ਦੇ ਸੱਦੇ ’ਤੇ ਅੱਜ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਜਾਮ ਕਰਨ ਦੀ ਘੋਸ਼ਣਾ ਤੋਂ ਪਹਿਲਾਂ ਹੀ ਮੋਗਾ ਪੁਲਸ ਨੇ ਕਾਰਵਾਈ ਕਰਦਿਆਂ ਕਈ ਕਿਸਾਨਾਂ ਨੂੰ ਡਿਟੇਨ ਕਰ ਲਿਆ। ਇਹ ਘਟਨਾ ਦਾਰਾਪੁਰ ਟੋਲ ਪਲਾਜ਼ੇ ਦੇ ਨੇੜੇ ਵਾਪਰੀ, ਜਿੱਥੇ ਕਿਸਾਨ ਇਕੱਠੇ ਹੋ ਰਹੇ ਸਨ। ਪੁਲਸ ਨੇ ਉਨ੍ਹਾਂ ਨੂੰ ਟੋਲ ਪਲਾਜ਼ੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਰੋਕ ਕੇ ਹਿਰਾਸਤ ਵਿਚ ਲੈ ਲਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਮੁਤਾਬਕ ਗੁਰਜੀਤ ਸਿੰਘ ਖਾਲਸਾ ਸਮਾਣਾ ਟਾਵਰ ’ਤੇ ਬੈਠ ਕੇ ਇਸ ਮਸਲੇ ’ਤੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮਾਮਲੇ ’ਚ ਧਿਆਨ ਖਿੱਚਣ ਲਈ ਜਥੇਬੰਦੀ ਨੇ ਟੋਲ ਪਲਾਜ਼ੇ ਫਰੀ ਕਰਨ ਦਾ ਫ਼ੈਸਲਾ ਕੀਤਾ ਸੀ।

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਹਾਲੇ ਟੋਲ ਪਲਾਜ਼ੇ ’ਤੇ ਪਹੁੰਚੇ ਵੀ ਨਹੀਂ ਸਨ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਜ਼ਬਰਦਸਤੀ ਕਾਰਵਾਈ ਕੀਤੀ ਗਈ ਸੀ। ਉਹ ਸਿਰਫ਼ ਇਕੱਠੇ ਹੋ ਕੇ ਆਪਣਾ ਰੋਸ ਪ੍ਰਗਟ ਕਰਨ ਦੀ ਤਿਆਰੀ ਕਰ ਰਹੇ ਸਨ ਪਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਲਿਆ। ਕਿਸਾਨਾਂ ਨੇ ਇਸ ਕਾਰਵਾਈ ਨੂੰ ਸਰਕਾਰ ਅਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਕਰਾਰ ਦਿੱਤਾ। ਉਨ੍ਹਾਂ ਦਾ ਦਾਅਵਾ ਹੈ ਕਿ ਪਿਛਲੇ ਇਕ ਮਹੀਨੇ ਤੋਂ ਚੱਲ ਰਹੇ ਸੰਘਰਸ਼ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਸੰਵੇਦਨਸ਼ੀਲ ਰਵੱਈਆ ਨਹੀਂ ਅਪਣਾਇਆ ਗਿਆ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ’ਤੇ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਡਿਟੇਨ ਕੀਤੇ ਗਏ ਕਿਸਾਨਾਂ ਦੀ ਰਿਹਾਈ ਅਤੇ ਅਗਲੀ ਰਣਨੀਤੀ ਬਾਰੇ ਜਥੇਬੰਦੀ ਜਲਦ ਫ਼ੈਸਲਾ ਲਵੇਗੀ।


author

Gurminder Singh

Content Editor

Related News