ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ, ਮੂਸੇਵਾਲਾ ਕਤਲਕਾਂਡ ’ਚ ਦੋ ਹੋਰ ਗਾਇਕਾਂ ਤੋਂ ਪੁੱਛਗਿੱਛ, ਪੜ੍ਹੋ Top 10

11/03/2022 9:20:33 PM

ਜਲੰਧਰ (ਬਿਊਰੋ) : ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਕੇਂਦਰ ਸਰਕਾਰ 'ਤੇ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਪੂਰੀਆਂ ਨਾ ਕਰ ਕੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਇਆ ਹੈ। ਉਥੇ ਹੀ ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰੀ ਜਾਂਚ ਏਜੰਸੀ (NIA) ਨੇ ਸਿੱਧੂ ਮੂਸੇ ਵਾਲਾ ਕਤਲ ਕੇਸ ’ਚ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਕੋਲੋਂ ਪੁੱਛਗਿੱਛ ਕੀਤੀ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ

ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਮੁੜ ਸੰਘਰਸ਼ ਵਿੱਢਣ ਦੀ ਚਿਤਾਵਨੀ, 24 ਨਵੰਬਰ ਨੂੰ ਰੇਲਾਂ ਰੋਕਣ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਕੇਂਦਰ ਸਰਕਾਰ 'ਤੇ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਪੂਰੀਆਂ ਨਾ ਕਰ ਕੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਇਆ ਹੈ। ਚੰਡੀਗੜ੍ਹ 'ਚ ਮੀਡੀਆ ਨੂੰ ਸੰਬੋਧਨ ਕਰਦਿਆਂ ਚਢੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਸਾਰੇ ਮੁਕੱਦਮੇ ਰੱਦ ਕਰਨ ਦਾ ਭਰੋਸਾ ਦਿੱਤਾ ਸੀ ਪਰ ਇਕ ਸਾਲ ਬੀਤਣ ਦੇ ਬਾਵਜੂਦ ਕਿਸਾਨਾਂ ਖ਼ਿਲਾਫ਼ ਮਾਮਲੇ ਰੱਦ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਹੋਰ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ।

ਵੱਡੀ ਖ਼ਬਰ : ਮੂਸੇ ਵਾਲਾ ਕਤਲ ਕੇਸ ’ਚ NIA ਨੇ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਕੀਤੀ ਪੁੱਛਗਿੱਛ

ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰੀ ਜਾਂਚ ਏਜੰਸੀ (NIA) ਨੇ ਸਿੱਧੂ ਮੂਸੇ ਵਾਲਾ ਕਤਲ ਕੇਸ ’ਚ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਕੋਲੋਂ ਪੁੱਛਗਿੱਛ ਕੀਤੀ ਹੈ। NIA ਦੇ ਦਿੱਲੀ ਹੈੱਡਕੁਆਰਟਰ ਵਿਖੇ 4 ਤੋਂ 5 ਘੰਟਿਆਂ ਤਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਕੋਲੋਂ ਪੁੱਛਗਿੱਛ ਕੀਤੀ ਗਈ ਹੈ। ਦੋਵਾਂ ਗਾਇਕਾਂ ਕੋਲੋਂ ਸਿੱਧੂ ਮੂਸੇ ਵਾਲਾ ਦੇ ਕਤਲ ਨੂੰ ਲੈ ਕੇ ਕਈ ਸਵਾਲ-ਜਵਾਬ ਕੀਤੇ ਗਏ ਹਨ।

ਇਮਰਾਨ ਖ਼ਾਨ ਦੀ ਰੈਲੀ ’ਚ ਗੋਲ਼ੀਆਂ ਚੱਲਣ ਨਾਲ 1 ਦੀ ਮੌਤ, PM ਸ਼ਾਹਬਾਜ਼ ਨੇ ਜਾਂਚ ਦੇ ਦਿੱਤੇ ਹੁਕਮ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ ’ਚ ਗੋਲ਼ੀਬਾਰੀ ਹੋਈ ਹੈ। ਇਸ ਗੋਲ਼ੀਬਾਰੀ ’ਚ ਇਮਰਾਨ ਖਾਨ ਖੁਦ ਵੀ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਤੋਂ ਇਲਾਵਾ 9 ਹੋਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇੱਕ ਵਿਅਕਤੀ ਦੀ ਮੌਤ ਦੀ ਵੀ ਪੁਸ਼ਟੀ ਹੋਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ । ਊਨ੍ਹਾਂ ਨੇ ਇਸ ਗੋਲ਼ੀਬਾਰੀ ਦੀ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਹਨ। ਪੁਲਸ ਨੇ ਇਸ ਮਾਮਲੇ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। 

ਗ਼ੈਰ-ਜ਼ਮਾਨਤੀ ਵਾਰੰਟ 'ਤੇ ਅਦਾਲਤ ’ਚ ਪੇਸ਼ ਹੋਣ ਮਗਰੋਂ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ

 ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ’ਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਅਤੇ ਮਾਈਨਿੰਗ ਠੇਕੇਦਾਰ ਦੇ ਸਟਾਫ਼ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਮਾਮਲਿਆਂ ਨੂੰ ਲੈ ਕੇ ਅੱਜ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼ ਹੋਏ ਤੇ ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ ’ਤੇ ਪੂਰਾ ਭਰੋਸਾ ਹੈ।

ਪਾਰਟੀ ’ਚੋਂ ਮੁਅੱਤਲ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਆਏ ਸਾਹਮਣੇ, ਭਾਜਪਾ ’ਚ ਜਾਣ ਦੀ ਚਰਚਾ ’ਤੇ ਦਿੱਤਾ ਵੱਡਾ ਬਿਆਨ

ਅਕਾਲੀ ਦਲ ’ਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਪੱਖ ਸਾਹਮਣੇ ਆਇਆ ਹੈ। ਬੀਬੀ ਨੇ ਕਿਹਾ ਹੈ ਕਿ ਉਹ ਪੰਥ ਅਤੇ ਪਾਰਟੀ ਦੇ ਸੇਵਾਦਾਰ ਹਨ ਅਤੇ ਉਨ੍ਹਾਂ ਨੇ ਕਦੇ ਵੀ ਪਾਰਟੀ ਜਾਂ ਪਾਰਟੀ ਦੇ ਕਿਸੇ ਵੀ ਆਗੂ ਖ਼ਿਲਾਫ਼ ਕੋਈ ਬਿਆਨਬਾਜ਼ੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦੇ ਆਪਣੇ ਸਟੈਂਡ ’ਤੇ ਕਾਇਮ ਹਨ। ਜਿਹੜਾ ਵਚਨ ਉਨ੍ਹਾਂ ਨੇ ਕੀਤਾ ਹੈ, ਉਸ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਰਾ ਖਾਲਸਾ ਪੰਥ ਉਨ੍ਹਾਂ ਦੇ ਨਾਲ ਹੈ।

ਜ਼ੀਰਾ ਦੇ ਨੌਜਵਾਨ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ, ਪੱਕਾ ਹੋਣ ਲਈ ਲਗਾਈ ਸੀ ਫਾਈਲ

ਜ਼ੀਰਾ ਦੇ ਰਹਿਣ ਵਾਲੇ ਨੌਜਵਾਨ ਦਾ ਮਨੀਲਾ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਸੁਖਚੈਨ ਸਿੰਘ ਜ਼ੀਰਾ ਦੇ ਜੋਹਲ ਨਗਰ ਦਾ ਰਹਿਣ ਵਾਲਾ ਹੈ। ਰੁਜ਼ਗਾਰ ਦੀ ਭਾਲ ਵਿਚ ਲਗਭਗ 4 ਸਾਲ ਪਹਿਲਾਂ ਹੀ ਮਨੀਲਾ ਗਿਆ ਸੀ। ਸੁਖਚੈਨ ਦਾ ਬੀਤੀ ਰਾਤ ਕੁਝ ਨੌਜਵਾਨਾਂ ਵਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ : 72 ਕਿੱਲੋ ਹੈਰੋਇਨ ਮਾਮਲੇ 'ਚ 3 ਹਾਈ ਪ੍ਰੋਫਾਈਲ ਨਸ਼ਾ ਤਸਕਰ ਗ੍ਰਿਫ਼ਤਾਰ

 ਪੰਜਾਬ ਪੁਲਸ ਨੇ ਨਸ਼ਿਆਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗੁਰਦਾਸਪੁਰ ਦੀ ਪੁਲਸ ਨੇ ਮੁੰਬਈ ਬੰਦਰਗਾਹ ਤੋਂ 72.5 ਕਿੱਲੋ ਹੈਰੋਇਨ ਦੇ ਮਾਮਲੇ 'ਚ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

EC ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਕੀਤਾ ਐਲਾਨ, ਹੋਵੇਗੀ 2 ਪੜਾਵਾਂ 'ਚ ਵੋਟਿੰਗ

 ਗੁਜਰਾਤ ਵਿਧਾਨ ਸਭਾ ਚੋਣਾਂ ਲਈ ਵੋਟਿੰਗ 2 ਪੜਾਵਾਂ 'ਚ ਇਕ ਅਤੇ 5 ਦਸੰਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਵੀਰਵਾਰ ਨੂੰ ਇੱਥੇ ਇਕ ਪ੍ਰੈਸ ਕਾਨਫਰੰਸ 'ਚ ਗੁਜਰਾਤ 'ਚ ਵੋਟਿੰਗ ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਦੱਖਣੀ ਗੁਜਰਾਤ, ਸੌਰਾਸ਼ਟਰ ਅਤੇ ਉੱਤਰੀ ਗੁਜਰਾਤ ਦੇ ਕੁਝ ਹਿੱਸਿਆਂ ਦੀਆਂ 89 ਸੀਟਾਂ 'ਤੇ ਇਕ ਦਸੰਬਰ ਨੂੰ ਅਤੇ ਮੱਧ ਗੁਜਰਾਤ ਅਤੇ ਉੱਤਰੀ ਗੁਜਰਾਤ ਦੀਆਂ ਬਾਕੀ 93 ਸੀਟਾਂ 'ਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। 

ਪ੍ਰਦੂਸ਼ਣ ਤੇ ਹਵਾ ਦੀ ਖ਼ਰਾਬ ਗੁਣਵੱਤਾ ’ਤੇ ਪ੍ਰਤਾਪ ਬਾਜਵਾ ਨੇ ਕੇਂਦਰ ਸਣੇ ਪੰਜਾਬ ਤੇ ਦਿੱਲੀ ਸਰਕਾਰ ਨੂੰ ਘੇਰਿਆ

ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਦੂਸ਼ਣ ਅਤੇ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਜਵਾ ਨੇ ਕਿਹਾ ਕਿ ਇੰਝ ਜਾਪਦਾ ਹੈ ਜਿਵੇਂ ‘ਆਪ’ ਦੀ ਪੰਜਾਬ ਅਤੇ ਦਿੱਲੀ ਸਰਕਾਰ ਅਤੇ ਭਾਜਪਾ ਦੀ ਕੇਂਦਰ ਸਰਕਾਰ ’ਚ ਇਸ ਸਮੱਸਿਆ ਦੇ ਹੱਲ ਲਈ ਕੋਈ ਤਾਲਮੇਲ ਨਹੀਂ ਹੈ, ਜਿਸ ਕਰ ਕੇ ਦਿੱਲੀ ਦੇ ਲੋਕ ਇਸ ਵਾਤਾਵਰਨ ਸੰਕਟ ਨੂੰ ਝੱਲ ਰਹੇ ਹਨ।

ਪਰਾਲੀ ਸਾੜਨ ਦੇ ਮੁੱਦੇ 'ਤੇ 'ਆਮ ਆਦਮੀ ਪਾਰਟੀ' ਦੀ ਪ੍ਰੈੱਸ ਕਾਨਫਰੰਸ, ਹਰਿਆਣਾ ਦੇ CM ਨੂੰ ਦਿੱਤਾ ਜਵਾਬ

ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ 31 ਲੱਖ ਹੈਕਟੇਅਰ ਝੋਨੇ ਦੀ ਫ਼ਸਲ ਹੁੰਦੀ ਹੈ, ਜਦੋਂ ਕਿ ਹਰਿਆਣਾ 'ਚ ਇਹ 11 ਲੱਖ ਹੈਕਟੇਅਰ ਹੈ।

 

 

Manoj

This news is Content Editor Manoj