ਜ਼ਹਿਰੀਲੀ ਸ਼ਰਾਬ ਕਾਂਡ ''ਚ ਨਾਮਜ਼ਦ 12 ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ

09/29/2020 5:44:15 PM

ਤਰਨਤਾਰਨ (ਰਮਨ) : ਜ਼ਿਲ੍ਹੇ ਅੰਦਰ ਜੁਲਾਈ-ਅਗਸਤ ਮਹੀਨੇ ਦੌਰਾਨ ਵਾਪਰੇ ਜ਼ਹਿਰੀਲੀ ਸ਼ਰਾਬ ਕਾਂਡ ਦੌਰਾਨ 98 ਵਿਅਕਤੀਆਂ ਦੀ ਮੌਤ ਅਤੇ 8 ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਸੀ।ਜਿਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਵਲੋਂ ਕਰੀਬ 40 ਮੁਲਜ਼ਮਾਂ ਖ਼ਿਲਾਫ਼ ਧਾਰਾ 302,304,307,328 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਦਾਲਤ ਦੇ ਹੁਕਮਾਂ ਤਹਿਤ ਜੇਲ ਭੇਜ ਦਿੱਤਾ ਸੀ।ਜਿਸ ਸਬੰਧੀ ਜ਼ਿਲ੍ਹਾ ਸੈਸ਼ਨ ਕੋਰਟ ਵਲੋਂ ਥਾਣਾ ਸਦਰ ਪੁਲਸ ਦੀਆਂ ਦਲੀਲਾਂ ਨਾਲ ਸਹਿਮਤੀ ਵਖਾÀੁਂਦੇ ਹੋਏ 12 ਮੁਲਜ਼ਮਾਂ ਦੀਆਂ ਜ਼ਮਾਨਤਾਂ ਨੂੰ ਖਾਰਜ ਕਰਨ ਦਾ ਫਰਮਾਨ ਜਾਰੀ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹੇ ਵੱਖ-ਵੱਖ ਪਿੰਡਾਂ 'ਚ ਜੁਲਾਈ ਅਤੇ ਅਗਸਤ ਮਹੀਨੇ ਦਰਮਿਆਨ ਜ਼ਹਿਰੀਲੀ ਸ਼ਰਾਬ ਦੀ ਵਰਤੋਂ ਕੀਤੇ ਜਾਣ ਕਾਰਨ ਕੁੱਲ 98 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 8 ਦੀਆਂ ਅੱਖਾਂ ਦੀ ਰੋਸ਼ਨੀ ਸਦਾ ਲਈ ਚਲੇ ਗਈ ਸੀ। ਮਾਮਲਾ ਜ਼ਿਆਦਾ ਗੰਭੀਰ ਹੁੰਦਾ ਵੇਖ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਰਾਬ ਮਾਫੀਆ ਖ਼ਿਲਾਫ਼ ਸਖ਼ਤੀ ਨਾਲ ਨਜਿੱਠਣ ਦੇ ਮਿਲੇ ਹੁਕਮਾਂ ਤਹਿਤ ਥਾਣਾ ਸਦਰ ਦੀ ਪੁਲਸ ਵਲੋਂ 40 ਵਿਅਕਤੀਆਂ ਖ਼ਿਲਾਫ਼ ਧਾਰਾ 302, 304,307, 328 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ 'ਚ ਬਰਾਮਦ ਕੀਤੀ ਗਈ ਜ਼ਹਿਰੀਲੀ ਸ਼ਰਾਬ ਦੀ ਲੈਬਾਰਟਰੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਜ਼ਹਿਰੀਲੀ ਸ਼ਰਾਬ ਨੂੰ ਮੀਥਾਨੋਲ ਵਰਗੇ ਜਾਨ ਲੇਵਾ ਕੈਮੀਕਲ ਨਾਲ ਤਿਆਰ ਕੀਤਾ ਗਿਆ ਸੀ ਜਿਸ ਕਾਰਨ ਮੌਤਾਂ ਦੀ ਗਿਣਤੀ ਜ਼ਿਆਦਾ ਜਾ ਪੁੱਜੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਧਰੁੱਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਨਾਮਜ਼ਦ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਵਾਉਣ ਲਈ ਪੁਲਸ ਪੂਰੀ ਮਿਹਨਤ ਨਾਲ ਸਬੂਤਾਂ ਦੇ ਅਧਾਰ 'ਤੇ ਕੰਮ ਕਰ ਰਹੀ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਦੱਸਿਆ ਕਿ ਮਾਣਯੋਗ ਸੈਸ਼ਨ ਜੱਜ ਬਿਸ਼ਨ ਸਰੂਪ ਦੀ ਅਦਾਲਤ ਵਲੋਂ ਕਸ਼ਮੀਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪੰਡੋਰੀ ਗੋਲਾ, ਗੁਰਪਾਲ ਸਿੰਘ ਪੁੱਤਰਰ ਬੂਟਾ ਸਿੰਘ ਵਾਸੀ ਢੋਟੀਆਂ, ਨਰਿੰਦਰ ਸਿੰਘ ਪੁੱਤਰ ਅਜਾਇਬ ਸਿੰਘ ਵਾਸੀ ਮੋਹਾਲੀ, ਗੁਰਜੰਟ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਮੋਹਾਲੀ, ਸੁਖਦੇਵ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਢੋਟੀਆਂ, ਪ੍ਰਤਾਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਜੀਰਕਪੁਰ, ਅਨਿਲ ਕੁਮਾਰ ਪੁੱਤਰ ਜੀਤ ਰਾਮ ਵਾਸੀ ਪਟਿਆਲਾ, ਗੁਰਦੇਵ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਜਾਮਰਾਏ, ਮੰਗਾ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਦਿਉ, ਦਿਲਬਾਗ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕਦਗਿੱਲ, ਸੁਖਵਿੰਦਰ ਸਿੰਘ ਉਰਫ ਸ਼ਿੰਦਰ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਤੁੱੜ, ਰਸ਼ਪਾਲ ਸਿੰਘ ਸ਼ਾਲੂ ਪੁੱਤਰ ਬੂਟਾ ਸਿੰਘ ਵਾਸੀ ਢੋਟੀਆਂ ਦੀਆਂ ਜ਼ਮਾਨਤ ਅਰਜੀਆਂ ਨੂੰ ਪੁਲਸ ਵਲੋਂ ਪੇਸ਼ ਕੀਤੇ ਸਬੂਤਾਂ ਅਤੇ ਦਲੀਲਾਂ ਨਾਲ ਸਹਿਮਤੀ ਜਤਾਉਂਦੇ ਹੋਏ ਖਾਰਜ ਕਰ ਦਿੱਤਾ ਗਿਆ ਹੈ।

ਐੱਸ.ਐੱਸ.ਪੀ ਧਰੁਮਨ ਐਚ ਨਿੰਬਾਲੇ ਨੇ ਦੱਸਿਆ ਕਿ ਇਸ ਕੇਸ ਦੀ ਜਾਂਚ ਕਰ ਰਹੇ ਥਾਣਾ ਸਦਰ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਅਤੇ ਏ.ਐਸ.ਆਈ ਵਿਪਨ ਕੁਮਾਰ ਵਲੋਂ ਸਾਰੇ ਕੇਸ ਦੀ ਜਾਂਚ ਕਰਦੇ ਹੋਏ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰਵਾਉਣ 'ਚ ਅਹਿਮ ਰੋਲ ਅਦਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਦੇ ਇਕ ਹੋਰ ਕੇਸ 'ਚ ਮੁਖ ਮੁਲਜ਼ਮ ਰਛਪਾਲ ਸਿੰਘ ਸ਼ਾਲੂ ਪੁੱਤਰ ਬੂਟਾ ਸਿੰਘ ਦੀ ਜ਼ਮਾਨਤ ਅਰਜੀ ਪਹਿਲਾਂ ਹੀ ਮਾਣਯੌਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਖਾਰਜ ਕੀਤੀ ਜਾ ਚੁੱਕੀ ਹੈ ਜਿਸ ਦੀ ਗ੍ਰਿਫਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਜਾਰੀ ਹੈ ਅਤੇ ਜੋ ਜਲਦ ਪੁਲਸ ਦੀ ਗ੍ਰਿਫਤ 'ਚ ਹੋਵੇਗਾ।


Gurminder Singh

Content Editor

Related News