ਵਿਜੀਲੈਂਸ ਵੱਲੋਂ ਝੋਨਾ ਘੁਟਾਲੇ ''ਚ ਸ਼ਾਮਲ ਇਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ, 3 ਦਿਨ ਦੇ ਰਿਮਾਂਡ ''ਤੇ

Monday, Nov 06, 2023 - 08:13 PM (IST)

ਵਿਜੀਲੈਂਸ ਵੱਲੋਂ ਝੋਨਾ ਘੁਟਾਲੇ ''ਚ ਸ਼ਾਮਲ ਇਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ, 3 ਦਿਨ ਦੇ ਰਿਮਾਂਡ ''ਤੇ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ ਜਗਰਾਓਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫਰਮ ਦਾ ਮਾਲਕ ਹੈ। ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਹੋਏ ਚਰਚਿਤ ਝੋਨਾ ਘੁਟਾਲੇ ਵਿੱਚ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਅੱਜ ਉਸ ਵੱਲੋਂ ਲੁਧਿਆਣਾ ਦੀ ਅਦਾਲਤ ਵਿੱਚ ਆਤਮ-ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਪਰੰਤ ਅਦਾਲਤ ਨੇ ਬਿਊਰੋ ਨੂੰ 3 ਦਿਨ ਦਾ ਪੁਲਸ ਰਿਮਾਂਡ ਦੇ ਦਿੱਤਾ। ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਨੇ ਪਹਿਲਾਂ ਹੀ ਖਾਰਜ ਕਰ ਦਿੱਤੀ ਸੀ ਅਤੇ ਉਸ ਨੂੰ ਵਿਜੀਲੈਂਸ ਦੇ ਸਾਹਮਣੇ ਆਤਮ-ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ।

ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ, ਜੇਲ੍ਹ 'ਚ ਹੀ ਮਨਾਉਣਗੇ ਦੀਵਾਲੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਕਤ ਵਿਭਾਗ ਦੇ ਭਗੌੜਾ ਕਰਾਰ ਦਿੱਤੇ ਜਾ ਚੁੱਕੇ ਮੁਅੱਤਲ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨਾਲ ਨੇੜਲੇ ਸਬੰਧ ਸਨ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਪਰਮਜੀਤ ਚੇਚੀ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ ਕਾਰਾਂ, ਸਕੂਟਰਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਵਾਲੇ ਵਾਹਨਾਂ ਦੀਆਂ ਸੂਚੀਆਂ ਵਾਲੇ ਟੈਂਡਰ ਦਸਤਾਵੇਜ਼ ਠੇਕੇ ਲੈਣ ਵੇਲੇ ਜਮ੍ਹਾ ਕਰਵਾ ਕੇ ਜਗਰਾਓਂ ਕਲੱਸਟਰ ਦੀਆਂ ਅਨਾਜ ਮੰਡੀਆਂ ਦੇ ਠੇਕੇ ਹਾਸਲ ਕੀਤੇ। ਪੜਤਾਲ ਦੌਰਾਨ ਇਹ ਰਜਿਸਟ੍ਰੇਸ਼ਨ ਨੰਬਰ ਅਤੇ ਅਨਾਜ ਸਟੋਰ ਕਰਨ ਲਈ ਜਾਰੀ ਕੀਤੇ ਗੇਟ ਪਾਸ ਵੀ ਜਾਅਲੀ ਉਕਤ ਕਾਰ, ਸਕੂਟਰ ਆਦਿ ਦੇ ਨੰਬਰਾਂ ਵਾਲੇ ਜਾਅਲੀ ਨੰਬਰਾਂ ਵਾਲੇ ਪਾਏ ਗਏ ਸਨ।

ਇਹ ਵੀ ਪੜ੍ਹੋ : ਪਟਿਆਲਾ 'ਚ ਕੰਬਾਈਨ-ਬਾਈਕ ਦੀ ਟੱਕਰ 'ਚ ਜਲੰਧਰ 'ਚ ਤਾਇਨਾਤ ਫ਼ੌਜੀ ਦੀ ਮੌਤ
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐੱਫ.ਆਈ.ਆਰ. ਨੰਬਰ ਤਹਿਤ 11 ਮਿਤੀ 16.08.22 ਨੂੰ ਮੁਕੱਦਮਾ ਦਰਜ ਹੈ। ਇਸ ਮੁਕੱਦਮੇ 'ਚ ਸ਼ਾਮਲ 16 'ਚੋਂ 12 ਮੁਲਜ਼ਮ ਜਿਨ੍ਹਾਂ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ, ਸੁਰਿੰਦਰ ਕੁਮਾਰ ਧੋਤੀਵਾਲਾ ਤੇ ਕਾਲੂ ਰਾਮ (ਚਾਰੇ ਆੜ੍ਹਤੀ), ਡੀ.ਐੱਫ.ਐੱਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ 2 ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 2 ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐੱਫ.ਐੱਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀ.ਐੱਮ. ਪਨਸਪ ਨੂੰ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਚਰਚਿਤ ਕੇਸ ਵਿੱਚ ਇਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ ਡਿਪਟੀ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਮੁਲਜ਼ਮ ਕਰਾਰ ਦਿੱਤਾ ਜਾ ਚੁੱਕਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News