ਟ੍ਰੈਫਿਕ ਵਿਵਸਥਾ ਸੁਧਾਰਨ ਲਈ ਐੱਸ. ਡੀ. ਐੱਮ. ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

02/16/2018 12:26:10 PM

ਗੜ੍ਹਦੀਵਾਲਾ (ਜਤਿੰਦਰ)— ਸਥਾਨਕ ਮੇਨ ਰੋਡ 'ਤੇ ਦਿਨੋਂ-ਦਿਨ ਵਿਗੜਦੀ ਜਾ ਰਹੀ ਟ੍ਰੈਫਿਕ ਵਿਵਸਥਾ ਕਾਰਨ ਜਨਤਾ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਵਿਵਸਥਾ ਇੰਨੀ ਜ਼ਿਆਦਾ ਬੱਦਤਰ ਹੋ ਚੁੱਕੀ ਹੈ ਕਿ ਦਿਨ ਵਿਚ ਕਈ-ਕਈ ਵਾਰ ਜਾਮ ਲੱਗ ਜਾਂਦਾ ਹੈ ਅਤੇ ਇਸੇ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਵੀਰਵਾਰ ਐੱਸ. ਡੀ. ਐੱਮ. ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਕੌਂਸਲ ਦਫਤਰ ਵਿਖੇ ਅਧਿਕਾਰੀਆਂ ਨਾਲ ਇਕ ਮੀਟਿੰਗ ਕਰਕੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ। ਇਸ ਮੀਟਿੰਗ ਵਿਚ ਪ੍ਰਸ਼ਾਸਨਿਕ ਅਧਿਕਾਰੀ ਅੰਕੁਰ ਗੁਪਤਾ, ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਮਨਜੀਤ ਸਿੰਘ, ਨਗਰ ਕੌਂਸਲ ਦੇ ਕਾਰਜ-ਸਾਧਕ ਅਫਸਰ ਰਣਧੀਰ ਸਿੰਘ, ਏ. ਐੱਸ. ਆਈ. ਪਰਮਿੰਦਰ ਸਿੰਘ ਤੇ ਏ. ਐੱਸ. ਆਈ. ਦਰਸ਼ਨ ਸਿੰਘ ਆਦਿ ਮੌਜੂਦ ਸਨ। 
ਐੱਸ. ਡੀ. ਐੱਮ. ਨੇ ਕਿਹਾ ਕਿ ਮੇਨ ਰੋਡ 'ਤੇ ਟ੍ਰੈਫਿਕ ਵਿਵਸਥਾ ਨੂੰ ਠੀਕ ਕਰਨ ਲਈ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਅਤੇ ਗਲਤ ਤਰੀਕੇ ਨਾਲ ਵਾਹਨਾਂ ਦੀ ਪਾਰਕਿੰਗ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਹੁਸ਼ਿਆਰਪੁਰ-ਦਸੂਹਾ ਤੋਂ ਆਉਣ-ਜਾਣ ਵਾਲੀਆਂ ਬੱਸਾਂ ਨਿਰਧਾਰਿਤ ਸਥਾਨਾਂ 'ਤੇ ਹੀ ਖੜ੍ਹੀਆਂ ਕੀਤੀਆਂ ਜਾਣ। 
ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਮੇਨ ਰੋਡ 'ਤੇ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਪ੍ਰਤੀ ਸਖਤੀ ਵਰਤਣ ਲਈ ਕਿਹਾ ਅਤੇ ਨਾਇਬ ਤਹਿਸੀਲਦਾਰ ਨੂੰ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਹਰ ਰੋਜ਼ ਇਸ ਕੰਮ ਦੀ ਮਾਨੀਟਰਿੰਗ ਕਰਨ ਲਈ ਕਿਹਾ।