ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
Monday, Feb 12, 2024 - 05:12 PM (IST)
ਬਟਾਲਾ (ਸਾਹਿਲ) : ਇੱਥੇ ਅੱਜ ਸਵੇਰੇ ਰੇਲਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਪੁਲਸ ਚੌਂਕੀ ਰੇਲਵੇ ਬਟਾਲਾ ਦੇ ਇੰਚਾਰਜ ਏ. ਐੱਸ. ਆਈ. ਗੁਰਜਿੰਦਰ ਸਿੰਘ ਨੇ ਦੱਸਿਆ ਕਿ ਤੜਕੇ ਸਵੇਰੇ 3 ਵਜੇ ਦੇ ਕਰੀਬ ਇਕ ਨੌਜਵਾਨ ਰੇਲਵੇ ਸਟੇਸ਼ਨ ਦੇ ਨੇੜੇ ਰੇਲਵੇ ਲਾਈਨ ਕਰਾਸ ਕਰ ਰਿਹਾ ਸੀ ਕਿ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਰੇਲਗੱਡੀ ਦੀ ਫੇਟ ਵੱਜ ਗਈ। ਇਸ ਕਾਰਨ ਮੌਕੇ ’ਤੇ ਹੀ ਨੌਜਵਾਨ ਦੀ ਮੌਤ ਹੋ ਗਈ।
ਚੌਂਕੀ ਇੰਚਾਰਜ ਨੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਆਸ-ਪਾਸ ਪੁੱਛਗਿੱਛ ਕਰਨ ’ਤੇ ਨੌਜਵਾਨ ਦੀ ਪਛਾਣ ਨਹੀਂ ਹੋ ਪਾਈ। ਉਸ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਸਨਾਖ਼ਤ ਲਈ ਸਿਵਲ ਹਸਪਤਾਲ ਬਟਾਲਾ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 32 ਤੋਂ 35 ਸਾਲ ਦੇ ਦਰਮਿਆਨ ਲੱਗਦੀ ਹੈ।