ਮਾਫ਼ੀਆ ਖ਼ਤਮ ਕਰਨ ਦੇ ਸੀ ਦਾਅਵੇ: ‘ਆਪ’ ਦੇ ਰਾਜ ’ਚ ਸਰਕਾਰ ਨੂੰ ਲੱਗਣ ਜਾ ਰਿਹਾ 158 ਕਰੋੜ ਦਾ ‘ਚੂਨਾ’
Wednesday, Jul 20, 2022 - 04:13 PM (IST)
ਜਲੰਧਰ (ਪੁਨੀਤ)– ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਨੂੰ ਖ਼ਤਮ ਕਰਨ ਵਰਗੇ ਵੱਡੇ-ਵੱਡੇ ਦਾਅਵੇ ਕੀਤੇ ਸਨ ਪਰ ਇਸਦੇ ਉਲਟ ਸਰਕਾਰ ਵੱਲੋਂ ਜਿਹੜੀ ਪਾਲਿਸੀ ਲਿਆਂਦੀ ਜਾ ਰਹੀ ਹੈ, ਉਸ ਤਹਿਤ ਪ੍ਰਾਈਵੇਟ ਦੇ ਆਧਾਰ ’ਤੇ ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ 158 ਕਰੋੜ ਦਾ ਚੂਨਾ ਲੱਗਣ ਜਾ ਰਿਹਾ ਹੈ। ਸਰਕਾਰ ਨੂੰ ਚੋਣਾਂ ਦੌਰਾਨ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸੱਤਾ ਵਿਚ ਆਉਣ ਤੋਂ ਬਾਅਦ 36 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗੱਲ ਕਹੀ ਜਾ ਰਹੀ ਹੈ ਪਰ ਇਨ੍ਹਾਂ ਵਿਚ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕਿਸੇ ਵੀ ਕੱਚੇ ਕਰਮਚਾਰੀ ਨੂੰ ਸ਼ਾਮਲ ਨਹੀਂ ਕੀਤਾ ਜਾ ਰਿਹਾ।
ਬੁਲਾਰਿਆਂ ਨੇ ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰੋਡਵੇਜ਼, ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਦੀ ਦੇਸ਼ ਭਗਤ ਯਾਦਗਾਰ ਹਾਲ ਵਿਚ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਕੀਤਾ। ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਤੁਰੰਤ ਪ੍ਰਭਾਵ ਨਾਲ ਪੈਂਡਿੰਗ ਮੰਗਾਂ ਪੂਰੀਆਂ ਨਾ ਹੋਈਆਂ ਤਾਂ 26 ਜੁਲਾਈ ਨੂੰ ਸੂਬੇ ਦੇ ਹਰੇਕ ਡਿਪੂ ’ਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 1 ਅਗਸਤ ਨੂੰ ਮੁੱਖ ਸੜਕਾਂ ਜਾਮ ਕੀਤੀਆਂ ਜਾਣਗੀਆਂ। 2 ਅਗਸਤ ਤੋਂ ਪਟਿਆਲਾ ਵਿਚ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। 14 ਤੋਂ 16 ਅਗਸਤ ਤੱਕ ਹੜਤਾਲ ਕਰਕੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ 15 ਅਗਸਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਵਿਚ ਰੋਸ ਰੈਲੀਆਂ ਕੱਢੀਆਂ ਜਾਣਗੀਆਂ ਅਤੇ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ। ਇਸੇ ਤਰ੍ਹਾਂ ਕਰਮਚਾਰੀਆਂ ਦਾ ਇਕ ਗਰੁੱਪ ਟਰਾਂਸਪੋਰਟ ਮੰਤਰੀ ਦਾ ਘਿਰਾਓ ਕਰੇਗਾ।
ਇਹ ਵੀ ਪੜ੍ਹੋ: ਪੰਜਾਬ ਦੀ ਸਿੱਖ ਸਿਆਸਤ ’ਚ ਵੱਡੀ ਹਲਚਲ, ਬਾਦਲਾਂ ਦੇ ਵਿਰੋਧੀ ਕਾਲਕਾ ਦੇ ਪ੍ਰੋਗਰਾਮ ’ਚ ਪਹੁੰਚੇ ਸੰਤ ਹਰਨਾਮ ਸਿੰਘ ਧੁੰਮਾ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਕਾਰਨ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨਾਂ ਦਾ ਭਵਿੱਖ ਹਨੇਰੇ ਵਿਚ ਨਜ਼ਰ ਆ ਰਿਹਾ ਹੈ। ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਬਲਜੀਤ ਸਿੰਘ ਰੰਧਾਵਾ, ਦਲਜੀਤ ਸਿੰਘ ਜੱਲੇਵਾਲ ਅਤੇ ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਚੁੱਕੇ ਹਨ ਤੇ ਠੇਕਾ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਕੰਡਕਟਰ-ਡਰਾਈਵਰ ਤੇ ਹੋਰ ਸਟਾਫ ਨੂੰ ਦੂਜੇ ਕਰਮਚਾਰੀਆਂ ਦੀ ਤਰਜ਼ ’ਤੇ ਇਕ ਸਮਾਨ ਤਨਖਾਹ ਦਿੱਤੀ ਜਾਵੇਗੀ ਪਰ ਇਸ ਦੀ ਫਾਈਲ ਵੀ ਅਜੇ ਤੱਕ ਤਿਆਰ ਕਰਨ ਦਾ ਪ੍ਰੋਸੈੱਸ ਸ਼ੁਰੂ ਨਹੀਂ ਹੋਇਆ।
ਸੀਨੀਅਰ ਆਗੂ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਦੀਆਂ ਆਪਣੀਆਂ ਬੱਸਾਂ ਡਿਪੂਆਂ ਵਿਚ ਖੜ੍ਹੀਆਂ ਧੂੜ ਫੱਕ ਰਹੀਆਂ ਹਨ, ਉਥੇ ਹੀ ਇਸਦੇ ਉਲਟ ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣਾ ਸਮਝ ਤੋਂ ਪਰ੍ਹੇ ਹੈ। ਇਸ ਨਾਲ ਆਮ ਆਦਮੀ ਪਾਰਟੀ ਦੇ ਦਾਅਵਿਆਂ ਦੀ ਹਵਾ ਨਿਕਲ ਗਈ ਹੈ। ਕਿਲੋਮੀਟਰ ਸਕੀਮ ਦੀਆਂ ਬੱਸਾਂ ਨਾਲ 6 ਸਾਲਾਂ ਵਿਚ 158 ਕਰੋੜ ਦਾ ਚੂਨਾ ਲੱਗੇਗਾ, ਜਦੋਂ ਕਿ ਆਪਣੀਆਂ ਬੱਸਾਂ ਚਲਾ ਕੇ ਇੰਨੀ ਵੱਡੀ ਰਕਮ ਨੂੰ ਬਚਾਇਆ ਜਾ ਸਕਦਾ ਹੈ। ਕੈਸ਼ੀਅਰ ਬਲਜਿੰਦਰ ਸਿੰਘ, ਰਮਨਦੀਪ ਸਿੰਘ, ਮੀਤ ਪ੍ਰਧਾਨ ਜੋਧ ਸਿੰਘ, ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪੰਨੂ, ਜਲੌਰ ਸਿੰਘ, ਜਤਿੰਦਰ ਸਿੰਘ ਅਤੇ ਸੀਨੀਅਰ ਆਗੂ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਹੁਣ ਸਰਕਾਰ ਆਪਣੀਆਂ ਗੱਲਾਂ ਦੇ ਉਲਟ ਜਾ ਕੇ ਆਊਟਸੋਰਸ ’ਤੇ ਕਰਮਚਾਰੀਆਂ ਦੀ ਭਰਤੀ ਕਰਨ ਜਾ ਰਹੀ ਹੈ, ਜਿਸ ਨਾਲ ਕਰਮਚਾਰੀਆਂ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ, ਇਸ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜਲੰਧਰ ਡਿਪੂ-1 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਟਾਈਮ ਟੇਬਲ ਵਿਚ ਪ੍ਰਾਈਵੇਟ ਆਪ੍ਰੇਟਰਾਂ ਨੂੰ ਵੱਡੇ ਪੱਧਰ ’ਤੇ ਲਾਭ ਦਿੱਤੇ ਜਾ ਰਹੇ ਹਨ। ਸਰਕਾਰੀ ਬੱਸਾਂ ਨੂੰ ਘੱਟ ਲਾਭ ਵਾਲੇ ਕਾਊਂਟਰ ਟਾਈਮ ਮਿਲਦੇ ਹਨ, ਜਦੋਂ ਕਿ ਪ੍ਰਾਈਵੇਟ ਬੱਸਾਂ ਉਸ ਸਮੇਂ ਚਲਵਾਈਆਂ ਜਾ ਰਹੀਆਂ ਹਨ, ਜਦੋਂ ਯਾਤਰੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੁੰਦੀ ਹੈ। ਡਿਪੂ-2 ਦੇ ਪ੍ਰਧਾਨ ਸਤਪਾਲ ਸਿੰਘ ਸੱਤਾ ਨੇ ਕਿਹਾ ਕਿ ਐਡਵਾਂਸ ਬੁਕਿੰਗ ਵਾਲਿਆਂ ਤੇ ਡਾਟਾ ਐਂਟਰੀ ਆਪ੍ਰੇਟਰਾਂ ਦੀ ਤਨਖਾਹ ਵਿਚ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ, ਜਿਸ ਨਾਲ ਉਹ ਆਰਥਿਕ ਤੰਗੀ ਝੱਲ ਰਹੇ ਹਨ।
ਇਹ ਵੀ ਪੜ੍ਹੋ: 26,000 ਨਵੀਆਂ ਭਰਤੀਆਂ ਕਰਨਾ ਤੇ 36,000 ਮੁਲਾਜ਼ਮਾਂ ਨੂੰ ਪੱਕਾ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਵਿਜੇ ਜੰਜੂਆ
ਸੂਬਾਈ ਕਾਰਜਕਾਰਨੀ ਵੱਲੋਂ ਰੱਖੀਆਂ ਮੁੱਖ ਮੰਗਾਂ
* ਕੱਚੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ।
* ਛੋਟੇ-ਮੋਟੇ ਕੇਸ ਬਣਾ ਕੇ ਸਸਪੈਂਡ ਕੀਤੇ ਗਏ ਸੈਂਕੜੇ ਕਰਮਚਾਰੀ ਬਹਾਲ ਹੋਣ।
* ਆਊਟਸੋਰਸ ਬੰਦ ਕਰ ਕੇ ਪੱਕੇ ਤੌਰ ’ਤੇ ਭਰਤੀ ਕੀਤੀ ਜਾਵੇ।
* ਕਿਲੋਮੀਟਰ ਸਕੀਮ ਦੀ ਥਾਂ ਵਿਭਾਗ ਦੀਆਂ ਆਪਣੀਆਂ ਬੱਸਾਂ ਪਾਈਆਂ ਜਾਣ।
* ਸਮਾਨ ਕੰਮ-ਸਮਾਨ ਤਨਖ਼ਾਹ ਤੁਰੰਤ ਲਾਗੂ ਹੋਵੇ।
ਇਹ ਵੀ ਪੜ੍ਹੋ: ਟਰੈਫਿਕ ਚਲਾਨ ਦੇ ਜੁਰਮਾਨੇ ਦਾ ਨੋਟੀਫਿਕੇਸ਼ਨ ਆਉਣ ਤੋਂ ਬਾਅਦ ਜਲੰਧਰ ਸ਼ਹਿਰ ’ਚ ਲਾਗੂ ਹੋਵੇਗੀ ਨਵੀਂ ਪਾਲਿਸੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ