ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਟਰਾਂਸਪੋਰਟ ਮੁਲਾਜ਼ਮ, ਭੁੱਖ-ਹੜਤਾਲ ਦੂਜੇ ਦਿਨ ਵੀ ਜਾਰੀ
Wednesday, Sep 09, 2020 - 03:23 PM (IST)

ਲੁਧਿਆਣਾ (ਨਰਿੰਦਰ) : ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਟਰਾਂਸਪੋਰਟ ਮੁਲਾਜ਼ਮਾਂ ਦੀ ਭੁੱਖ-ਹੜਤਾਲ ਦਾ ਅੱਜ ਦੂਜਾ ਦਿਨ ਹੈ। ਰੋਡਵੇਜ਼ ਦੇ ਇਹ ਮੁਲਾਜ਼ਮ ਬੱਸ ਅੱਡੇ 'ਤੇ ਭੁੱਖ-ਹੜਤਾਲ 'ਤੇ ਬੈਠੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਨੀਤੀਆਂ ਖਿਲਾਫ਼ ਉਨ੍ਹਾਂ ਨੇ 3 ਦਿਨਾਂ ਦੀ ਭੁੱਖ-ਹੜਤਾਲ ਕੀਤੀ ਹੈ ਅਤੇ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਚੱਕਾ ਜਾਮ ਕਰ ਦੇਣਗੇ ਅਤੇ ਸੜਕਾਂ 'ਤੇ ਉਤਰ ਆਉਣਗੇ।
ਇਸ ਸਬੰਧੀ ਆਲ ਇੰਡੀਆ ਟਰਾਂਸਪੋਰਟ ਯੂਨੀਅਨ ਕਾਂਗਰਸ ਦੇ ਪ੍ਰਧਾਨ ਹਰਬੰਸ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਦਰਾਂ ਦਾ ਨਿਜੀਕਰਣ ਕੀਤੀ ਜਾ ਰਿਹਾ ਹੈ, ਜਿਸ ਦਾ ਉਹ ਸਖ਼ਤ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਮੰਗ ਹੈ ਕਿ ਠੇਕੇਦਾਰੀ ਪ੍ਰਣਾਲੀ ਬੰਦ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਡੀ. ਏ. ਦੀਆਂ ਕਿਸ਼ਤਾਂ ਅਤੇ ਬਕਾਇਆ ਆਦਿ ਉਨ੍ਹਾਂ ਨੂੰ ਦਿੱਤਾ ਜਾਵੇ।
ਇੰਪਲਾਇਜ਼ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਬੱਸਾਂ ਦੇ ਨਿੱਜੀਕਰਣ ਵੱਲ ਵੱਧ ਰਹੀ ਹੈ, ਜਿਸ ਨਾਲ ਪੰਜਾਬ ਰੋਡਵੇਜ਼ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਤਿੱਖਾ ਸੰਘਰਸ਼ ਅਖਤਿਆਰ ਕਰਨਗੇ।