ਟਰਾਂਸਪੋਰਟ ਮੰਤਰੀ ਭੁੱਲਰ ਨੇ RC ਤੇ ਲਾਇਸੈਂਸ ਜਾਰੀ ਕਰਨ ਵਾਲੀ ਕੰਪਨੀ ਨੂੰ ਨੋਟਿਸ ਕੀਤਾ ਜਾਰੀ, ਜਾਣੋ ਵਜ੍ਹਾ

Friday, Mar 31, 2023 - 09:08 PM (IST)

ਟਰਾਂਸਪੋਰਟ ਮੰਤਰੀ ਭੁੱਲਰ ਨੇ RC ਤੇ ਲਾਇਸੈਂਸ ਜਾਰੀ ਕਰਨ ਵਾਲੀ ਕੰਪਨੀ ਨੂੰ ਨੋਟਿਸ ਕੀਤਾ ਜਾਰੀ, ਜਾਣੋ ਵਜ੍ਹਾ

ਚੰਡੀਗੜ੍ਹ (ਬਿਊਰੋ) : ਸੂਬੇ ’ਚ ਨਵੇਂ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫ਼ਿਕੇਟ (ਆਰ. ਸੀ.) ਅਤੇ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੇ ਕੰਮ ਦੇ ਪ੍ਰਭਾਵਿਤ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮਾਰਟ ਕਾਰਡ ਜਾਰੀ ਕਰਨ ਵਾਲੀ "ਸਮਾਰਟ ਚਿੱਪ ਲਿਮਟਿਡ" ਕੰਪਨੀ ਨੂੰ ਕੰਟ੍ਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੰਮ ਠੱਪ ਹੋਣ ਕਾਰਨ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ, ਜਿਸ ਦਾ ਕੰਪਨੀ ਵੱਲੋਂ ਕੋਈ ਢੁੱਕਵਾਂ ਜਵਾਬ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ : ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਣੇ ਗ੍ਰਿਫਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ ਆਰ. ਸੀ. ਅਤੇ ਲਾਇਸੈਂਸ ਦੇ ਕੰਮ ਵਿਚ ਦੇਰੀ ਹੋਣ ਦੀਆਂ ਖ਼ਬਰਾਂ ਦੇ ਸਨਮੁੱਖ ਪਿਛਲੇ ਕਈ ਦਿਨਾਂ ਤੋਂ ਕੰਪਨੀ ਨੂੰ ਕੰਟ੍ਰੈਕਟ ਦੀਆਂ ਸ਼ਰਤਾਂ ਮੁਤਾਬਕ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਸਨ। ਇਸੇ ਲੜੀ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਸਨ ਪਰ ਕੰਪਨੀ ਲਗਾਤਾਰ ਕੰਟਰੈਕਟ ਦੀਆਂ ਸ਼ਰਤਾਂ ਤੋਂ ਮੁਨਕਰ ਹੁੰਦੀ ਰਹੀ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਉਨ੍ਹਾਂ ਦੱਸਿਆ ਕਿ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐੱਲ-2 ਤੇ ਐੱਲ-3 ਕੰਪਨੀਆਂ ਅਤੇ ਸਰਕਾਰੀ ਇਕਾਈਆਂ (ਪੀ.ਐੱਸ.ਯੂਜ਼) ਨੂੰ ਇਹ ਕੰਮ ਅਲਾਟ ਕਰਨ ਲਈ ਪੇਸ਼ਕਸ਼ ਪੱਤਰ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਅਤੇ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੇ ਕੰਮ ਨੂੰ ਛੇਤੀ ਤੋਂ ਛੇਤੀ ਨਿਬੇੜਿਆ ਜਾ ਸਕੇ।

ਭੁੱਲਰ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਸਮਝੌਤੇ ’ਤੇ ਖਰਾ ਨਾ ਉਤਰਨ ਵਾਲੀ ਕੰਪਨੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਝੌਤੇ ਦੀਆਂ ਸ਼ਰਤਾਂ ਮੁਤਾਬਕ ਕੰਮ ਨਾ ਕਰਕੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਲਈ ਕੰਪਨੀ ਨੂੰ ਬਲੈਕ ਲਿਸਟ ਕੀਤੇ ਜਾਣ ਦੀ ਕਾਰਵਾਈ ਵੀ ਆਰੰਭ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਟ੍ਰੈਫਿਕ ਪੁਲਸ ਦੇ ਏ. ਡੀ. ਜੀ. ਪੀ. ਏ. ਐੱਸ. ਰਾਏ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਡਿਜੀਲਾਕਰ ਜਾ ਐੱਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੀਆਂ ਗਈਆਂ ਆਰ. ਸੀਜ਼ ਅਤੇ ਡਰਾਈਵਿੰਗ ਲਾਇਸੈਂਸ ਨੂੰ ਮੰਨਿਆ ਜਾਵੇ ਅਤੇ ਇਹ ਆਨਲਾਈਨ ਦਸਤਾਵੇਜ਼ ਵਿਖਾਉਣ ਵਾਲੇ ਰਾਹਗੀਰਾਂ ਦੇ ਚਲਾਨ ਨਾ ਕੀਤੇ ਜਾਣ।


author

Manoj

Content Editor

Related News