ਟਰਾਂਸਪੋਰਟ ਮੰਤਰੀ ਭੁੱਲਰ ਨੇ ਸੜਕ ਹਾਦਸਿਆਂ ’ਚ ਮੌਤ ਦਰ 50 ਫ਼ੀਸਦੀ ਘੱਟ ਕਰਨ ਦਾ ਰੱਖਿਆ ਟੀਚਾ

12/15/2022 1:44:18 AM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ ’ਚ ਹੋ ਰਹੀਆਂ ਮੌਤਾਂ ਦੀ ਦਰ 50 ਫ਼ੀਸਦੀ ਘੱਟ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਟੀਚਾ ਦਿੱਤਾ ਹੈ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਮੀਟਿੰਗ ਦੌਰਾਨ ਸੜਕ ਸੁਰੱਖਿਆ ਮਾਪਦੰਡਾਂ ਬਾਰੇ ਸੁਝਾਅ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਭਾਗ ਨੂੰ ਸੜਕ ਹਾਦਸਿਆਂ ’ਚ ਅਜਾਈਂ ਜਾ ਰਹੀਆਂ ਮੌਤਾਂ ਨੂੰ ਘੱਟ ਕਰਨ ’ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ’ਚ ਸੜਕ ਹਾਦਸਿਆਂ ਵਿਚ ਰੋਜ਼ਾਨਾ 14 ਮੌਤਾਂ ਹੋ ਰਹੀਆਂ ਹਨ, ਜਿਨ੍ਹਾਂ ’ਤੇ ਮੁੱਖ ਮੰਤਰੀ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਸੀ ਕਿ ਇਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਘੱਟ ਕਰਨ ਦੇ ਕਾਰਜ ਕੀਤੇ ਜਾਣ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਤੇਜ਼ ਅਤੇ ਆਧੁਨਿਕ ਐਮਰਜੈਂਸੀ ਦੇਖਭਾਲ ਸਹੂਲਤਾਂ ਰਾਹੀਂ 10 ’ਚੋਂ 3 ਜਾਨਾਂ ਨੂੰ ਸਿੱਧੇ ਤੌਰ ’ਤੇ ਬਚਾਇਆ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਲਤੀਫ਼ਪੁਰਾ (ਜਲੰਧਰ) ’ਚ ਪ੍ਰਭਾਵਿਤ ਪਰਿਵਾਰਾਂ ਨੂੰ ਲੈ ਕੇ ‘ਆਪ’ ਸਰਕਾਰ ਨੇ ਕੀਤਾ ਵੱਡਾ ਐਲਾਨ

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਐਮਰਜੈਂਸੀ ਅਤੇ ਟਰੌਮਾ ਦੇਖਭਾਲ ਸਹੂਲਤਾਂ ਨੂੰ ਹੋਰ ਦਰੁੱਸਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲੈਵਲ-2 ਦੇ ਪੰਜ ਟਰੌਮਾ ਕੇਅਰ ਸੈਂਟਰ ਖੰਨਾ, ਜਲੰਧਰ, ਪਠਾਨਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿਖੇ ਬਣੇ ਹੋਏ ਹਨ, ਜਿਥੇ ਸਟਾਫ਼ ਦੀ ਕਮੀ ਪੂਰੀ ਹੋਣ ਨਾਲ ਸੜਕ ਹਾਦਸਿਆਂ ’ਚ ਮੌਤ ਦਰ ਘੱਟ ਕਰਨ ਦੀ ਦਿਸ਼ਾ ’ਚ ਮਦਦ ਮਿਲ ਸਕਦੀ ਹੈ। ਇਸ ਤੋਂ ਇਲਾਵਾ ਇਹ ਫ਼ੈਸਲਾ ਵੀ ਲਿਆ ਗਿਆ ਕਿ ਸੂਬੇ ’ਚ ਚਾਲੂ ਸਾਰੀਆਂ ਐਂਬੂਲੈਂਸਾਂ, ਜਿਵੇਂ ਐੱਨ.ਐੱਚ. ਏ. ਆਈ. (1033), ਟਰਾਂਸਪੋਰਟ ਵਿਭਾਗ (112), ਸਿਹਤ ਵਿਭਾਗ (108) ਆਦਿ ਨੂੰ ਇਕ ਐਪ ਰਾਹੀਂ ਇਕ ਪਲੇਟਫ਼ਾਰਮ ’ਤੇ ਲਿਆ ਕੇ ਪਬਲਿਕ ਫ਼ਰੈਂਡਲੀ ਬਣਾਇਆ ਜਾਵੇਗਾ। ਇਸੇ ਤਰ੍ਹਾਂ ਮੰਤਰੀ ਨੇ ਭਾਰਤੀ ਕੌਮੀ ਰਾਜ ਮਾਰਗ ਅਥਾਰਿਟੀ (ਐੱਨ.ਐੱਚ.ਏ.ਆਈ.), ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਨੂੰ ਆਪਣੇ ਅਧੀਨ ਆਉਂਦੀਆਂ ਵੱਧ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ) ਨੂੰ ਤਰਜੀਹੀ ਤੌਰ ’ਤੇ ਦਰੁੱਸਤ ਕਰਨ ਦੇ ਵੀ ਆਦੇਸ਼ ਦਿੱਤੇ। ਇਹ ਵੀ ਫ਼ੈਸਲਾ ਲਿਆ ਗਿਆ ਕਿ ਇਨ੍ਹਾਂ ਸਬੰਧਿਤ ਵਿਭਾਗਾਂ ਦੇ ਸਿਵਲ ਇੰਜੀਨੀਅਰਾਂ ਨੂੰ 15 ਦਿਨਾਂ ਦਾ ਵਿਸ਼ੇਸ਼ ਸਿਖਲਾਈ ਕੋਰਸ ਕਰਵਾਇਆ ਜਾਵੇਗਾ। ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਲਿਆ ਗਿਆ ਕਿ ਸੜਕਾਂ ਨਾਲ ਸਬੰਧਿਤ ਸਾਰੀਆਂ ਏਜੰਸੀਆਂ, ਜਿਵੇਂ ਐੱਨ. ਐੱਚ. ਏ. ਆਈ., ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਖ਼ਾਸ ਕਰਕੇ ਸੜਕ ਦੇ ਦੁਰਘਟਨਾ ਪ੍ਰਭਾਵਿਤ ਖੇਤਰਾਂ ਅਤੇ ਹਾਈਵੇਜ਼ ਦੇ ਐਂਟਰੀ ਅਤੇ ਐਗਜ਼ਿਟ ਥਾਵਾਂ ’ਤੇ ਅਗਲੇ 2 ਮਹੀਨਿਆਂ ਦੌਰਾਨ ਬੋਰਡ ਲਾਏ ਜਾਣਗੇ।

ਇਹ ਖ਼ਬਰ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਕਿਸਾਨ ਭਲਕੇ ਟੋਲ ਪਲਾਜ਼ਾ ਕਰਨਗੇ ਬੰਦ, ਪੜ੍ਹੋ Top 10

ਦੋ ਮਹੀਨਿਆਂ ਉਪਰੰਤ ਇਸ ਸਬੰਧੀ ਕੀਤੀ ਕਾਰਵਾਈ ਦੀ ਟਰਾਂਸਪੋਰਟ ਮੰਤਰੀ ਖ਼ੁਦ ਸਮੀਖਿਆ ਕਰਨਗੇ। ਕੈਬਨਿਟ ਮੰਤਰੀ ਨੇ ਏ. ਡੀ. ਜੀ. ਪੀ. (ਟ੍ਰੈਫ਼ਿਕ) ਅਮਰਜੀਤ ਸਿੰਘ ਰਾਏ ਨੂੰ ਸੂਬੇ ’ਚ ਟ੍ਰੈਫ਼ਿਕ ਨਿਯਮਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਤੂੜੀ ਢੋਣ ਵਾਲੇ ਵਾਹਨ ਚਾਲਕਾਂ ਨੂੰ ਜਾਗਰੂਕ ਕਰਨ ਅਤੇ ਇਸ ਕਾਰਨ ਵਾਪਰਦੇ ਹਾਦਸਿਆਂ ਬਾਰੇ ਜਾਣਕਾਰੀ ਦੇਣ ਲਈ ਵੀ ਕਿਹਾ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਐਸ.ਡੀ.ਐਮਜ਼. ਨੂੰ ਵੀ ਪੱਤਰ ਲਿਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰੀਆ ਲੱਦ ਕੇ ਲਿਜਾਣ ਵਾਲੇ ਵਾਹਨਾਂ ਅਤੇ ਭਾਰੀ ਵਾਹਨਾਂ ਪਿੱਛੇ ਲੋਹੇ ਦੀ ਰਾਡ ਲਾਉਣਾ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਧੁੰਦ ਦੇ ਸੀਜ਼ਨ ਵਿੱਚ ਟਰੈਕਟਰ-ਟਰਾਲੀਆਂ, ਤਿੰਨ ਪਹੀਆ ਅਤੇ ਦੋ ਪਹੀਆ ਵਾਹਨਾਂ 'ਤੇ ਰਿਫ਼ਲੈਕਟਰ ਟੇਪ ਲਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ। ਇਸ ਵਿਸੇਸ਼ ਮੁਹਿੰਮ ਵਿੱਚ ਰਾਜ ਦੇ ਸਾਰੇ ਐਸ.ਡੀ.ਐਮ. ਅਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ। ਟਰਾਂਸਪੋਰਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਵਿਕਾਸ ਗਰਗ ਨੂੰ ਹਦਾਇਤ ਕੀਤੀ ਕਿ ਸੜਕ ਹਾਦਸਿਆਂ ਦੇ ਜ਼ਖ਼ਮੀਆਂ ਦੀ ਮਦਦ ਕਰਨ ਵਾਲਿਆਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕਰਨ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਣ। ਮੰਤਰੀ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਸ਼ਹਿਰਾਂ ਵਿੱਚ ਸੜਕਾਂ ਦੇ ਨਾਲ-ਨਾਲ ਫੁੱਟਪਾਥ ਅਤੇ ਸਾਈਕਲ ਟਰੈਕ ਬਣਾਉਣ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ।

ਡਿਜੀਲਾਕਰ ਦੇ ਦਸਤਾਵੇਜ਼ ਦਿਖਾਉਣ ’ਤੇ ਨਹੀਂ ਕੱਟੇਗਾ ਚਲਾਨ : ਮੰਤਰੀ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਏ.ਡੀ.ਜੀ.ਪੀ. (ਟ੍ਰੈਫ਼ਿਕ) ਨੂੰ ਹਦਾਇਤ ਕੀਤੀ ਕਿ ਚਾਲਕ ਵੱਲੋਂ ਡਿਜੀਲਾਕਰ ਵਿਚਲਾ ਕੋਈ ਦਸਤਾਵੇਜ਼ ਪੇਸ਼ ਕਰਨ ’ਤੇ ਉਸ ਨੂੰ ਮਾਨਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਆਲਮੀ ਪੱਧਰ ’ਤੇ ਸਮਾਰਟ ਕਾਰਡ ’ਚ ਲਗਣ ਵਾਲੀ ਚਿੱਪ ਦੀ ਘਾਟ ਵਿਭਾਗ ਵੱਲੋਂ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ ਆਦਿ ਜਾਰੀ ਕਰਨ ’ਚ ਦੇਰੀ ਹੋ ਰਹੀ ਹੈ। ਇਸ ਲਈ ਟ੍ਰੈਫ਼ਿਕ ਪੁਲਸ ਡਿਜੀਲਾਕਰ ਸੇਵਾਵਾਂ ਨੂੰ ਮਾਨਤਾ ਦੇਵੇ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਡਾਇਰੈਕਟਰ ਜਨਰਲ ਲੀਡ ਏਜੰਸੀ ਆਰ. ਵੈਂਕਟ ਰਤਨਮ, ਸਟੇਟ ਟਰਾਂਸਪੋਰਟ ਕਮਿਸ਼ਨਰ ਮੌਨਿਸ਼ ਕੁਮਾਰ, ਏ. ਡੀ. ਜੀ. ਪੀ. (ਟ੍ਰੈਫ਼ਿਕ) ਏ. ਐੱਸ. ਰਾਏ ਅਤੇ ਐੱਨ.ਐੱਚ.ਏ.ਆਈ. ਸਣੇ ਲੋਕ ਨਿਰਮਾਣ ਵਿਭਾਗ (ਬੀ. ਐਂਡ ਆਰ.), ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ, ਸਕੂਲ ਸਿੱਖਿਆ ਆਦਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Manoj

This news is Content Editor Manoj