ਸਪੀਕਰ ਸੰਧਵਾਂ ਤੇ ਮੰਤਰੀ ਅਨਮੋਲ ਗਗਨ ਸਣੇ ਹੋਰ ਸ਼ਖ਼ਸੀਅਤਾਂ ਵੱਲੋਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

Wednesday, Feb 08, 2023 - 10:08 PM (IST)

ਸਪੀਕਰ ਸੰਧਵਾਂ ਤੇ ਮੰਤਰੀ ਅਨਮੋਲ ਗਗਨ ਸਣੇ ਹੋਰ ਸ਼ਖ਼ਸੀਅਤਾਂ ਵੱਲੋਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ (ਬਿਊਰੋ) : ਮਹਿਲ ਕਲਾਂ ਦੇ ਪਿੰਡ ਕੁਤਬਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ 3 ਰੋਜ਼ਾ ਸ਼ਹੀਦੀ ਸਮਾਗਮ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਸਣੇ ਹੋਰ ਸ਼ਖ਼ਸੀਅਤਾਂ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੁਤਬਾ-ਬਾਹਮਣੀਆਂ ਇਕ ਇਤਿਹਾਸਕ ਪਿੰਡ ਹੈ, ਜਿੱਥੇ ਵੱਡੇ ਘੱਲੂਘਾਰੇ ਸਮੇਂ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਲੋਹਾ ਲੈਂਦਿਆਂ ਵੱਡੀ ਗਿਣਤੀ ਸਿੰਘਾਂ ਨੇ ਸ਼ਹਾਦਤ ਦਾ ਜਾਮ ਪੀਤਾ, ਜਿਨ੍ਹਾਂ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ : ਮਰ ਚੁੱਕੀ ਇਨਸਾਨੀਅਤ: ਬਿਸਤਰੇ 'ਤੇ ਪਿਸ਼ਾਬ ਕਰਨ 'ਤੇ ਪੁੱਤ ਨੇ ਅਧਰੰਗ ਪੀੜਤ ਪਿਤਾ ਦਾ ਕਰ ਦਿੱਤਾ ਕਤਲ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਜੇਕਰ ਅਬਦਾਲੀ ਵਰਗੇ ਮੁਗਲਾਂ ਨੂੰ ਕੋਈ ਚੁਣੌਤੀ ਦੇ ਸਕਦਾ ਸੀ ਤਾਂ ਉਹ ਸਿੰਘ ਹੀ ਸਨ, ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਨਹੀਂ ਕੀਤੀ ਅਤੇ ਬਹਾਦਰੀ ਨਾਲ ਲੜਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਅੱਗੇ ਪਿੰਡ ’ਚ ਸ਼ਹੀਦਾਂ ਦੀ ਢੁੱਕਵੀਂ ਯਾਦਗਾਰ ਬਣਾਉਣ ਦੀ ਮੰਗ ਰੱਖੀ। ਪੰਡੋਰੀ ਨੇ ਕਿਹਾ ਕਿ ਇਸ ਇਤਿਹਾਸਕ ਪਿੰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਖਾਸ ਕਰਕੇ ਇਸ ਇਲਾਕੇ ਵਿੱਚ ਨਹਿਰੀ ਪਾਣੀ ਦੀ ਪਹੁੰਚ ਵਾਸਤੇ ਖਾਲਾਂ, ਕੱਸੀਆਂ, ਰਜਬਾਹੇ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ, ਜੋ ਕਿ ਵਿਭਾਗ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਹੈ।

ਇਹ ਵੀ ਪੜ੍ਹੋ : ਘਰ 'ਚ ਇਕੱਲੀ ਸੀ ਔਰਤ, ਲੁਟੇਰਿਆਂ ਨੇ ਹਮਲਾ ਕਰ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਾਏਕੋਟ ਹਾਕਮ ਸਿੰਘ ਠੇਕੇਦਾਰ, ਵਿਧਾਇਕ ਭਦੌੜ ਲਾਭ ਸਿੰਘ ਉਗੋਕੇ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਐੱਸਡੀਐੱਮ ਗੋਪਾਲ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News