ਪੰਜਾਬ ਦੇ ਸੰਸਦ ਮੈਂਬਰਾਂ ਵਲੋਂ ਮੁੱਦਾ ਉਠਾਏ ਜਾਣ ਤੋਂ ਬਾਅਦ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ

Saturday, Mar 24, 2018 - 07:18 AM (IST)

ਪੰਜਾਬ ਦੇ ਸੰਸਦ ਮੈਂਬਰਾਂ ਵਲੋਂ ਮੁੱਦਾ ਉਠਾਏ ਜਾਣ ਤੋਂ ਬਾਅਦ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ

ਜਲੰਧਰ (ਧਵਨ)  - ਪੰਜਾਬ ਦੇ ਸੰਸਦ ਮੈਂਬਰਾਂ ਦੇ ਵਫਦ ਵਲੋਂ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨਾਲ ਮੁਲਾਕਾਤ ਕਰਕੇ ਸਦਨ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਦਾ ਮਾਮਲਾ ਉਠਾਏ ਜਾਣ ਦਾ ਅਸਰ ਅੱਜ ਦੇਖਣ ਨੂੰ ਮਿਲਿਆ ਜਦੋਂ ਸਦਨ 'ਚ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸੰਸਦ ਭਵਨ ਕੰਪਲੈਕਸ 'ਚ ਲੱਗੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੱਖ-ਵੱਖ ਸੂਬਿਆਂ ਦੇ ਸੰਸਦ ਮੈਂਬਰਾਂ ਨਾਲ ਸ਼ਰਧਾਂਜਲੀ ਦੇਣ ਪਹੁੰਚੇ। ਕਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਦੇ ਸਾਹਮਣੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਮਾਮਲਾ ਉਠਾਇਆ ਸੀ।
ਰਾਹੁਲ ਗਾਂਧੀ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲਾਂ ਦਾ ਹਾਰ ਚੜ੍ਹਾਇਆ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਤੋਂ ਸਾਰਿਆਂ ਨੂੰ ਪ੍ਰੇਰਣਾ ਲੈਣ ਦੀ ਲੋੜ ਹੈ। ਇਸ ਮੌਕੇ ਜਾਖੜ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਿਰਫ ਵਿਅਕਤੀ ਨਹੀਂ ਸਗੋਂ ਇਕ ਸੋਚ ਸਨ। ਉਨ੍ਹਾਂ ਦੀ ਵਿਚਾਰਧਾਰਾ ਅੱਜ ਵੀ ਪ੍ਰਸੰਗਿਕ ਹੈ ਅਤੇ ਉਨ੍ਹਾਂ ਦੀ ਸੋਚ 'ਤੇ ਅਮਲ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਸੰਸਦ 'ਚ ਹਰ ਸਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਕੁਰਬਾਨੀ ਨੂੰ ਦੇਖਦਿਆਂ ਸ਼ਰਧਾਂਜਲੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੂਰਾ ਸੰਸਾਰ ਅੱਜ ਭਗਤ ਸਿੰਘ ਦੇ ਸੁਤੰਤਰਤਾ ਸੰਗਰਾਮ 'ਚ ਯੋਗਦਾਨ ਨੂੰ ਅਹਿਮ ਮੰਨਦਾ ਹੈ। ਇਸ ਮੌਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ, ਜਿਨ੍ਹਾਂ ਨੇ ਰਾਹੁਲ ਗਾਂਧੀ ਨਾਲ ਚਰਚਾ 'ਚ ਵੀ ਹਿੱਸਾ ਲਿਆ। ਸੰਸਦ ਮੈਂਬਰਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਤੋਂ ਪ੍ਰੇਰਣਾ ਲੈ ਕੇ ਸਾਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰਨੀ ਚਾਹੀਦੀ ਹੈ ਤਾਂ ਕਿ ਲੋਕ ਖੁਸ਼ਹਾਲ ਜ਼ਿੰਦਗੀ ਜੀਅ ਸਕਣ।


Related News