ਪੰਜਾਬ ਵਿਧਾਨ ਸਭਾ ਸੈਸ਼ਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ, ਕਾਰਵਾਈ 2 ਵਜੇ ਤੱਕ ਮੁਲਤਵੀ

Friday, Jun 24, 2022 - 11:38 AM (IST)

ਚੰਡੀਗੜ੍ਹ : ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਇਹ ਸੈਸ਼ਨ 30 ਜੂਨ ਤੱਕ ਚੱਲੇਗਾ। ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ ਹੋਰ ਵੀ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । 13 ਮਿੰਟ ਚੱਲੇ ਸੈਸ਼ਨ ਤੋਂ ਬਾਅਦ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ,ਸਾਬਕਾ ਮੰਤਰੀ ਹਰਦੀਪਇੰਦਰ ਸਿੰਘ ਬਾਦਲ , ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਸਾਬਕਾ ਵਿਧਾਇਕ ਸੁਖਦੇਵ ਸਿੰਘ ਸੁਖਲਾਧੀ, ਸਾਬਕਾ ਵਿਧਾਇਕ ਸ਼ਿੰਗਾਰਾ ਸਿੰਘ ਸਹੂੰਗੜਾ, ਅਰਜੁਨ ਅਵਾਰਡੀ ਸਰਦਾਰ ਗੁਰਚਰਨ ਸਿੰਘ ਭੰਗੂ, ਅਰਜੁਨ ਅਵਾਰਡੀ ਸ੍ਰੀ ਹਰੀਚੰਦ ਤੋਂ ਇਲਾਵਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜ਼ਲੀ ਦਿੱਤੀ ਗਈ।  

ਇਹ ਵੀ ਪੜ੍ਹੋ- CM ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਅੱਜ

ਦੱਸ ਦੇਈਏ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 27 ਜੂਨ ਨੂੰ 2022-23 ਦਾ ਬਜਟ ਪੇਸ਼ ਕਰਨਗੇ ਅਤੇ ਉਸ ਤੋਂ ਬਾਅਦ ਰਾਜਪਾਲ ਦਾ ਭਾਸ਼ਣ ਹੋਵੇਗਾ ਅਤੇ ਬਜਟ ’ਤੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ। ‘ਆਪ’ ਸਰਕਾਰ ਦਾ ਪਹਿਲਾ ਬਜਟ ਸੈਸ਼ਨ 30 ਜੂਨ ਤਕ ਚੱਲੇਗਾ। ਇਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਇਸ ਵਾਰ ਪੇਪਰਲੈੱਸ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਵਿਚ ਸਿਹਤ ਤੇ ਸਿੱਖਿਆ ਦੇ ਖੇਤਰਾਂ ਵੱਲ ਵਿਸ਼ੇਸ਼ ਜ਼ੋਰ ਦਿੱਤੇ ਜਾਣ ਦੀ ਸੰਭਾਵਨਾ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ , ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News