ਨਸ਼ਿਆਂ ਦਾ ਦੋਸ਼ੀ ਅਫਸਰ ਹੋਵੇ ਜਾਂ ਆਮ ਨਾਗਿਰਕ, ਸਜ਼ਾ ਸਖਤ ਮਿਲੇਗੀ : ਬਾਜਵਾ

07/02/2018 4:31:16 PM

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਸੋਮਵਾਰ ਨੂੰ ਹੋਈ ਅਹਿਮ ਮੀਟਿੰਗ 'ਚ ਨਸ਼ਿਆਂ ਨੂੰ ਖਤਮ ਕਰਨ ਲਈ ਵੱਡਾ ਫੈਸਲਾ ਲੈਂਦੇ ਹੋਏ ਨਸ਼ਾ ਤਸਕਰਾਂ ਨੂੰ ਫਾਂਸੀ ਦੇਣ ਦੀ ਸਜ਼ਾ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਨਸ਼ਿਆਂ ਦਾ ਦੋਸ਼ੀ ਭਾਵੇਂ ਕੋਈ ਪੁਲਸ ਅਫਸਰ ਹੋਵੇ ਜਾਂ ਫਿਰ ਆਮ ਨਾਗਰਿਕ, ਉਸ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। ਇਕ ਡੀ. ਐੱਸ. ਪੀ. 'ਤੇ ਕੁੜੀ ਵਲੋਂ ਨਸ਼ੇੜੀ ਬਣਾਉਣ ਦੇ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਉਸ ਡੀ. ਐੱਸ. ਪੀ. ਨੂੰ ਵੀ ਮੁਅੱਤਲ ਕੀਤਾ ਜਾਵੇਗਾ ਅਤੇ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਵਲੋਂ ਪਾਸ ਕੀਤਾ ਗਿਆ ਇਹ ਪ੍ਰਸਤਾਵ ਕੇਂਦਰ ਨੂੰ ਭੇਜਿਆ ਜਾਵੇਗਾ ਤਾਂ ਜੋ ਪੰਜਾਬ 'ਚੋਂ ਨਸ਼ਿਆਂ ਦਾ ਸਫਾਇਆ ਕੀਤਾ ਜਾ ਸਕੇ। ਉਨ੍ਹਾਂ ਪੁਲਸ 'ਤੇ ਲੱਗ ਰਹੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲਸ ਦੋਸ਼ੀ ਨਹੀਂ ਹੈ ਅਤੇ ਨਾ ਹੀ ਪੁਲਸ ਨਸ਼ੇ 'ਤੇ ਨਕੇਲ ਕੱਸਣ 'ਚ ਅਸਫਲ ਸਾਬਿਤ ਹੋਈ ਹੈ ਪਰ ਸਰਕਾਰ ਅਤੇ ਪੁਲਸ ਨੂੰ ਨਸ਼ੇ 'ਤੇ ਨਕੇਲ ਕੱਸਣ ਨੂੰ ਲੈ ਕੇ ਸਮਾਜ ਦੇ ਸਹਿਯੋਗ ਦੀ ਲੋੜ ਹੈ।