ਮੰਤਰੀ ਤ੍ਰਿਪਤ ਬਾਜਵਾ ਵੱਲੋਂ ਮੱਛੀ ਪਾਲਕਾਂ ਨੂੰ ''ਵਿਸ਼ਵ ਮੱਛੀ ਪਾਲਣ ਦਿਵਸ'' ਦੀ ਵਧਾਈ
Saturday, Nov 20, 2021 - 04:30 PM (IST)
ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣਾ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਮੱਛੀ ਪਾਲਕਾਂ ਨੂੰ ਹਰ ਸਾਲ 21 ਨਵੰਬਰ ਨੂੰ ਦੁਨੀਆਂ ਭਰ ਵਿੱਚ ਮਨਾਏ ਜਾਂਦੇ 'ਵਿਸ਼ਵ ਮੱਛੀ ਪਾਲਣ ਦਿਵਸ' ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਮੰਤਰੀ ਬਾਜਵਾ ਨੇ ਵੱਧ ਤੋਂ ਵੱਧ ਮੱਛੀ ਦੀ ਪੈਦਾਵਾਰ ਕਰਨ ਅਤੇ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਦਾ ਸੱਦਾ ਦਿੱਤਾ ਹੈ। ਸ. ਬਾਜਵਾ ਨੇ ਦੱਸਿਆ ਕਿ ਇਸ ਦਿਹਾੜੇ ਨੂੰ ਮਨਾਉਣ ਦਾ ਮੁੱਖ ਮੰਤਵ ਕੁਦਰਤੀ ਪਾਣੀਆਂ ਵਿੱਚ ਮੱਛੀ ਸਰੋਤਾਂ ਨੂੰ ਸੰਭਾਲ ਕੇ ਰੱਖਣ ਅਤੇ ਸਹੀ ਢੰਗ ਨਾਲ ਇਸਤੇਮਾਲ ਕਰਨ ਵਾਸਤੇ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ ਤਾਂ ਜੋ ਇਨ੍ਹਾਂ ਸਰੋਤਾ ਨੂੰ ਆਉਣ ਵਾਲੀਆਂ ਨਸਲਾਂ ਵਾਸਤੇ ਸੰਭਾਲ ਕੇ ਰੱਖਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ, ਇਸ ਲਈ ਪੰਜਾਬ ਵਿੱਚ ਇਸ ਦਿਵਸ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਕੁਦਰਤੀ ਸਾਧਨਾਂ ਨੂੰ ਸੰਭਾਲ ਕੇ ਰੱਖਣ ਲਈ ਅਤੇ ਮੱਛੀ ਛੱਪੜਾਂ ਵਿੱਚ ਵੱਧ ਤੋਂ ਵੱਧ ਮੱਛੀ ਦੀ ਪੈਦਾਵਾਰ ਪ੍ਰਾਪਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਨਾਲ ਦਿਹਾਤੀ ਇਲਾਕਿਆਂ ਵਿੱਚ ਰੁਜ਼ਗਾਰ ਦੇ ਸਾਧਨ ਵੀ ਪੈਦਾ ਹੋ ਰਹੇ ਹਨ। ਮੱਛੀ ਪਾਲਣ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਹੇਠ ਸੂਬਾ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਤਰੱਕੀ ਕਰ ਰਿਹਾ ਹੈ। ਪੰਜਾਬ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਨੂੰ ਵਧਾਉਣ ਤੇ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸਰਕਾਰ ਵੱਲੋਂ ਇੱਕ ਹੋਰ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਕਿੱਲਿਆਂਵਾਲੀ, ਜ਼ਿਲ੍ਹਾ ਫਾਜ਼ਿਲਕਾ ਵਿਖੇ ਸਥਾਪਿਤ ਕੀਤਾ ਜਾ ਰਿਹਾ ਹੈ।
ਇਹ ਫਾਰਮ ਜ਼ਿਲ੍ਹਾ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਨੇੜੇ ਦੇ ਹੋਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵਧੀਆ ਕਿਸਮ ਦਾ ਮੱਛੀ ਪੂੰਗ ਰਿਆਇਤੀ ਦਰਾਂ ਤੇ ਪ੍ਰਦਾਨ ਕਰੇਗਾ। ਇਸੇ ਤਰ੍ਹਾਂ ਸਾਫ-ਸੁਥਰੀ ਮੱਛੀ ਨੂੰ ਉਪਭੋਗਤਾ ਤੱਕ ਪਹੁੰਚਾਉਣ ਲਈ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਇੱਕ ਹੋਲ ਸੇਲ-ਕਮ-ਰਿਟੇਲ ਫਿਸ ਮਾਰਕਿਟ ਦੀ ਸਥਾਪਿਤ ਕੀਤਾ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸਾਫ-ਸੁਥਰੀ ਮੱਛੀ ਦੀ ਢੋਆ-ਢੁਆਈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਸਾਧਨ ਮੁਹੱਈਆ ਕਰਵਾਉਣ ਵਾਸਤੇ ਚਾਰ ਪਹੀਆ, ਤਿੰਨ ਪਹੀਆ ਅਤੇ ਦੋ ਪਹੀਆ ਵਾਹਨ ਸਮੇਤ ਆਈਸ ਬੋਕਸ ਸਬਸਿਡੀ ਤੇ ਪ੍ਰਦਾਨ ਕੀਤੇ ਜਾ ਰਹੇ ਹਨ।