...ਤੇ ਹੁਣ ਪੇਂਡੂ ਇਲਾਕਿਆਂ 'ਤੇ ਲੋਕਾਂ ਨੂੰ ਵੀ ਮਿਲਣਗੀਆਂ ਸ਼ਹਿਰ ਵਰਗੀਆਂ ਸਹੂਲਤਾਂ

Thursday, Dec 19, 2019 - 10:08 AM (IST)

...ਤੇ ਹੁਣ ਪੇਂਡੂ ਇਲਾਕਿਆਂ 'ਤੇ ਲੋਕਾਂ ਨੂੰ ਵੀ ਮਿਲਣਗੀਆਂ ਸ਼ਹਿਰ ਵਰਗੀਆਂ ਸਹੂਲਤਾਂ

ਖੰਨਾ (ਬਿਪਨ) : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਾਉਣ ਲਈ ਦ੍ਰਿੜ ਵਚਨਬੱਧ ਹੈ ਤਾਂ ਜੋ ਇਨ੍ਹਾਂ ਖੇਤਰਾਂ ਦੇ ਲੋਕ ਸ਼ਹਿਰਾਂ ਵੱਲ ਨੂੰ ਨਾ ਪਲਾਇਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਵਿਕਾਸ ਕਾਰਜਾਂ, ਖਾਸ ਕਰਕੇ ਦਿਹਾਤੀ ਖੇਤਰਾਂ ਦੇ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਹੈ। ਉਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਇਮਾਨਦਾਰੀ ਅਤੇ ਵਧੀਆ ਤਰੀਕੇ ਨਾਲ ਨੇਪਰੇ ਚੜ੍ਹਾਉਣ।
ਬਾਜਵਾ ਖੰਨਾ ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਅਤੇ ਉੱਪ ਚੇਅਰਪਰਸਨ ਮਨਜੀਤ ਕੌਰ ਦੇ ਅਹੁਦਾ ਸੰਭਾਲਣ ਮੌਕੇ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਵਿਸ਼ੇਸ਼ ਤੌਰ 'ਤੇ ਪੁੱਜੇ ਸਨ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਵਿਧਾਇਕ ਖੰਨਾ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਪਾਇਲ ਲਖਬੀਰ ਸਿੰਘ ਲੱਖਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਬਾਜਵਾ ਨੇ ਬਲਾਕ ਸੰਮਤੀ ਖੰਨਾ ਲਈ 10 ਲੱਖ ਰੁਪਏ, ਜਦੋਂ ਕਿ ਡਾ. ਅਮਰ ਸਿੰਘ ਨੇ ਹਲਕਾ ਖੰਨਾ ਦੇ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਹਲਕਾ ਖੰਨਾ ਵਿੱਚ ਲੋਕਾਂ ਦੀ ਸਹੂਲਤਾਂ ਲਈ 10 ਖੇਡ ਪਾਰਕਾਂ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ, ਜਿਸ ਨਾਲ ਹਰੇਕ ਵਰਗ ਦੇ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਖੰਨਾ ਹਲਕਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਡਾ. ਅਮਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਹਲਕਾ ਖੰਨਾ ਲਈ 55 ਲੱਖ ਰੁਪਏ ਦੀ ਗਰਾਂਟ ਪਹਿਲਾਂ ਜਾਰੀ ਕੀਤੀ ਹੋਈ ਹੈ, ਜਦਕਿ 50 ਲੱਖ ਰੁਪਏ ਹੋਰ ਜਾਰੀ ਕਰਨ ਦਾ ਐਲਾਨ ਕੀਤਾ।
ਸ੍ਰ. ਬਾਜਵਾ ਨੇ ਪੰਚਾਇਤਾਂ ਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਸੁਚੱਜੇ ਤਰੀਕੇ ਨਾਲ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਬਲਾਕ ਸੰਮਤੀ ਦੋਰਾਹਾ ਦਾ ਚੇਅਰਮੈਨ ਬਣ ਕੇ ਆਪਣੀ ਰਾਜਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ। ਇਸੇ ਤਰ੍ਹਾਂ ਉਨ੍ਹਾਂ ਨੇ ਵੀ ਮਾਰਕੀਟ ਕਮੇਟੀ ਦੇ ਚੇਅਰਮੈਨ ਬਣਨ ਨਾਲ ਹੀ ਲੋਕ ਸੇਵਾ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਚੁਣੇ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਅਤੇ ਵੱਖ-ਵੱਖ ਯੋਜਨਾਵਾਂ ਦਾ ਲਾਭ ਲੈਣ ਲਈ ਵਿਸ਼ੇਸ਼ ਤੌਰ 'ਤੇ ਸਿਖ਼ਲਾਈ ਦਿੱਤੀ ਜਾ ਰਹੀ ਹੈ।
ਉਨ੍ਹਾਂ ਸਰਪੰਚਾਂ ਨੂੰ ਕਿਹਾ ਕਿ ਉਹ ਮਗਨਰੇਗਾ ਯੋਜਨਾ ਦਾ ਭਰਪੂਰ ਲਾਭ ਲੈਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਲਈ 24 ਕਰੋੜ ਰੁਪਏ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਲਈ 6.5 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਇਨ੍ਹਾਂ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਾਰੀ ਹੋਣ ਉਪਰੰਤ ਹੋਰ ਗਰਾਂਟਾਂ ਵੀ ਜਾਰੀ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸ੍ਰ. ਤੇਜ ਪ੍ਰਕਾਸ਼ ਸਿੰਘ ਕੋਟਲੀ, ਨਗਰ ਕੌਂਸਲ ਦੇ ਪ੍ਰਧਾਨ ਸ੍ਰ. ਵਿਕਾਸ ਮਹਿਤਾ, ਸ੍ਰ. ਯਾਦਵਿੰਦਰ ਸਿੰਘ ਜੰਡਾਲੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਹੋਰ ਵੀ ਹਾਜ਼ਰ ਸਨ।


author

Babita

Content Editor

Related News