ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨਮਿੱਤ ਪਰਾਲੀ ਨਾ ਸਾੜਨ ਕਿਸਾਨ : ਬਾਜਵਾ

10/04/2019 5:22:31 PM

ਪਟਿਆਲਾ (ਰਾਜੇਸ਼)—ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੇਵਾ ਯੋਜਨਾ (ਐੱਨ. ਐੱਸ. ਐੱਸ.) ਦੇ ਸਵਾ ਲੱਖ ਵਾਲੰਟੀਅਰ ਪੰਜਾਬ ਦੇ ਸਾਰੇ 12984 ਪਿੰਡਾਂ 'ਚ ਜਾਣਗੇ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ, ਭਾਸ਼ਾ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਪਟਿਆਲਾ ਦੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਵਿਖੇ 'ਪਰਾਲੀ ਨੂੰ ਅੱਗ ਲਾਉਣ ਨੂੰ ਕਹੋ ਨਾਂਹ' ਦੀ ਇਸ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਦਾ ਰਸਮੀ ਤੌਰ 'ਤੇ ਆਗ਼ਾਜ਼ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਜ਼ਿਲੇ ਦੇ 11 ਕਾਲਜਾਂ ਦੇ ਐੱਨ. ਐੱਸ. ਐੱਸ. ਵਾਲੰਟੀਅਰਾਂ ਨੂੰ ਰਵਾਨਾ ਕੀਤਾ।
ਬਾਜਵਾ ਨੇ ਪੰਜਾਬ ਦੇ ਕਿਸਾਨਾਂ ਨੂੰ ਭਾਵੁਕ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਮੌਕੇ ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣਾ ਹੈ। ਇਸ ਲਈ ਦੇਸ਼-ਵਿਦੇਸ਼ 'ਚੋਂ ਸ਼ਰਧਾਲੂ ਪੰਜਾਬ ਆਉਣਗੇ। ਇਸ ਕਰ ਕੇ ਕਿਸਾਨ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਰੋਕਣ ਲਈ ਪਰਾਲੀ ਨਾ ਸਾੜਨ। ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਖੇਤਾਂ 'ਚ ਹੀ ਵਾਹੁਣ ਵਾਸਤੇ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਇਸ ਸਾਲ 260 ਕਰੋੜ ਰੁਪਏ ਖਰਚੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਵਿਖੇ ਮਾਤਾ ਤ੍ਰਿਪਤਾ ਦੇ ਨਾਂ 'ਤੇ ਲੜਕੀਆਂ ਲਈ 21 ਕਰੋੜ ਰੁਪਏ ਦੀ ਲਾਗਤ ਨਾਲ 500 ਕਮਰਿਆਂ ਦਾ ਹੋਸਟਲ ਬਣਾਇਆ ਜਾ ਰਿਹਾ ਹੈ। ਇਸ ਲਈ 2 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਲ ਕੇ ਕਰਵਾਉਣਾ ਚਾਹੁੰਦੀ ਹੈ ਪਰ ਸ਼੍ਰੋਮਣੀ ਕਮੇਟੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਦਾ ਏਜੰਡਾ ਲੈ ਕੇ ਚੱਲ ਰਹੀ ਹੈ।

ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਐੱਸ. ਐੱਸ. ਮਰਵਾਹਾ ਨੇ ਦੱਸਿਆ ਕਿ ਪਿਛਲੀ ਵਾਰ ਵੀ ਵਿਦਿਆਰਥੀ ਪਿੰਡਾਂ 'ਚ ਕਿਸਾਨਾਂ ਨੂੰ ਜਾਗਰੂਕ ਕਰਨ ਗਏ ਸਨ। ਇਸ ਕਰ ਕੇ ਪਰਾਲੀ ਘੱਟ ਸੜੀ ਸੀ। ਇਸ ਵਾਰ ਸਾਰੀਆਂ ਯੂਨੀਵਰਸਿਟੀਆਂ ਨੇ ਇਸ ਨੂੰ ਇਕ ਮਿਸ਼ਨ ਵਜੋਂ ਲਿਆ ਹੈ। ਇਸ ਕਰ ਕੇ ਸਾਰੇ ਉੱਪ-ਕੁਲਪਤੀ ਅਤੇ ਉਹ ਖ਼ੁਦ ਵੀ ਪਿੰਡਾਂ 'ਚ ਜਾਣਗੇ। ਪੰਜਾਬੀ ਯੂਨੀਵਰਸਿਟੀ ਦੇ ਉੱਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਅਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਉੱਪ-ਕੁਲਪਤੀ ਲੈਫਟੀਨੈਂਟ ਜਨਰਲ (ਸੇਵਾਮੁਕਤ) ਜੇ. ਐੱਸ. ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕਿਸਾਨ ਹੁਣ ਜਾਗਰੂਕ ਹੋ ਗਏ ਹਨ। ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਾਉਣਗੇ। ਇਸ ਮੌਕੇ ਕੈਬਨਿਟ ਮੰਤਰੀ ਦੇ ਓ. ਐੱਸ. ਡੀ. ਗੁਰਦਰਸ਼ਨ ਸਿੰਘ ਬਾਹੀਆ, ਵਧੀਕ ਡਿਪਟੀ ਕਮਿਸ਼ਨਰ (ਡੀ) ਡਾ. ਪ੍ਰੀਤੀ ਯਾਦਵ, ਡਾ. ਬਲਕਾਰ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਕਰਮਜੀਤ ਕੌਰ, ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਕੋਆਰਡੀਨੇਟਰ ਡਾ. ਪਰਮਵੀਰ ਸਿੰਘ, ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਚਰਨਜੀਤ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੈਂਬਰ ਸਕੱਤਰ ਕਰੁਣੇਸ਼ ਗਰਗ, ਸਰੀਰਕ ਸਿੱਖਿਆ ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਤ ਕੌਰ, ਡਾ. ਮਲਕੀਤ ਸਿੰਘ ਮਾਨ, ਐਸੋਚੈਮ ਦੇ ਪ੍ਰਾਜੈਕਟ ਮੈਨੇਜਰ ਰਣਜੀਤ ਕੁਮਾਰ ਅਤੇ ਹੋਰ ਪਤਵੰਤੇ ਮੌਜੂਦ ਸਨ।


Shyna

Content Editor

Related News