ਬਾਜਵਾ ਵਲੋਂ ਜੇ. ਈ. ਈ. ਦਾਖਲਾ ਟੈਸਟ ਪੰਜਾਬੀ 'ਚ ਲੈਣ ਦੀ ਮੰਗ

12/01/2019 5:37:12 PM

ਚੰਡੀਗੜ੍ਹ : ਪੰਜਾਬ ਦੇ ਉੱਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਕੇਂਦਰ ਸਰਕਾਰ ਦੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਮੁਲਕ ਦਾ ਵੱਕਾਰੀ ਦਾਖ਼ਲਾ ਟੈਸਟ ਜੇ. ਈ. ਈ. (ਮੁੱਖ) ਦੂਜੀਆਂ ਖੇਤਰੀ ਭਾਸ਼ਾਵਾਂ ਦੀ ਤਰ੍ਹਾਂ ਪੰਜਾਬੀ ਵਿਚ ਵੀ ਲਿਆ ਜਾਵੇ। ਬਾਜਵਾ ਨੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦੇ ਕੇਂਦਰੀ ਮੰਤਰੀ ਰਮੇਸ਼ ਪੋਖ਼ਰਿਆਲ ਨਿਸ਼ੰਕ ਨੂੰ ਅੱਜ ਇਕ ਪੱਤਰ ਲਿਖ ਕੇ ਕਿਹਾ ਕਿ ਇਹ ਦਾਖ਼ਲਾ ਟੈਸਟ ਸ਼ੁਰੂ ਵਿਚ ਅੰਗਰੇਜ਼ੀ, ਹਿੰਦੀ ਅਤੇ ਗੁਜਰਾਤੀ ਭਾਸ਼ਾਵਾਂ ਵਿਚ ਲਿਆ ਜਾਂਦਾ ਸੀ ਪਰ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਦੀ ਮੰਗ 'ਤੇ ਕੇਂਦਰੀ ਮੰਤਰਾਲੇ ਨੇ ਇਹ ਫ਼ੈਸਲਾ ਕੀਤਾ ਹੈ ਕਿ ਇਹ 2021 ਤੋਂ ਇਹ ਦਾਖ਼ਲਾ ਟੈਸਟ ਅਸਾਮੀ, ਬੰਗਾਲੀ, ਤਾਮਿਲ, ਕੰਨੜ, ਉਰਦੂ, ਮਰਾਠੀ, ਉੜੀਆ ਅਤੇ ਤੇਲਗੂ ਭਾਸ਼ਾਵਾਂ ਵਿਚ ਵੀ ਲਿਆ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਪੰਜਾਬੀ ਭਾਸ਼ਾ ਨੂੰ ਇਸ ਸੂਚੀ ਵਿਚ ਨਾ ਸ਼ਾਮਲ ਕਰਕੇ ਪੰਜਾਬੀ ਭਾਸ਼ਾ ਨਾਲ ਵਿਤਕਰਾ ਕੀਤਾ ਗਿਆ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਜੇ. ਈ. ਈ. (ਮੁੱਖ) ਦਾਖ਼ਲਾ ਟੈਸਟ ਮੁਲਕ ਦਾ ਉਹ ਵੱਕਾਰੀ ਟੈਸਟ ਹੈ ਜਿਸ ਰਾਹੀਂ ਦੇਸ਼ ਦੇ ਪ੍ਰਮੁੱਖ ਇੰਜੀਨੀਅਰਿੰਗ ਕਾਲਜਾਂ ਅਤੇ ਆਈ.ਆਈ.ਟੀ. ਸੰਸਥਾਵਾਂ ਵਿਚ ਇੰਜੀਨੀਅਰਿੰਗ ਅਤੇ ਆਰਕੀਟੈਕਚਰਲ ਦੇ ਦਾਖ਼ਲੇ ਕੀਤੇ ਜਾਂਦੇ ਹਨ। ਪਹਿਲਾਂ ਇਹ ਟੈਸਟ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਵਲੋਂ ਲਿਆ ਜਾਂਦਾ ਸੀ ਪਰ ਹੁਣ ਇਹ ਟੈਸਟ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਵਲੋਂ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਰਾਹੀਂ ਲਿਆ ਜਾਂਦਾ ਹੈ।

ਬਾਜਵਾ ਨੇ ਕਿਹਾ ਕਿ ਜੇ ਪੰਜਾਬੀ ਭਾਸ਼ਾ ਨੂੰ ਇਸ ਟੈਸਟ ਦੀਆਂ ਭਾਸ਼ਾਵਾਂ ਦੀ ਸੂਚੀ ਵਿਚ ਨਾ ਪਾਇਆ ਗਿਆ ਤਾਂ ਪੰਜਾਬ ਦੇ ਸੈਂਕੜੇ ਵਿਦਿਆਰਥੀ ਮੁਲਕ ਦੇ ਵੱਕਾਰੀ ਇੰਜੀਨੀਅਰਿੰਗ ਕਾਲਜਾਂ ਵਿਚ ਦਾਖ਼ਲਾ ਲੈਣ ਤੋਂ ਵਾਂਝੇ ਰਹਿ ਜਾਣਗੇ।ਇਸ ਤੋਂ ਬਿਨਾਂ ਸੂਬੇ ਦੇ ਵਿਦਿਆਰਥੀਆਂ ਨੂੰ ਮਜਬੂਰਨ ਅੰਗਰੇਜ਼ੀ ਜਾਂ ਹਿੰਦੀ ਮਾਧਿਅਮ ਵਿਚ ਪੜ੍ਹਨਾ ਪਵੇਗਾ ਜੋ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਰਾਹ ਵਿਚ ਬੜਾ ਵੱਡਾ ਰੋੜਾ ਸਿੱਧ ਹੋਵੇਗਾ।


Gurminder Singh

Content Editor

Related News