ਤ੍ਰਿਪਤ ਰਜਿੰਦਰ ਬਾਜਵਾ ਨੇ ਦਿੱਤਾ ਅਸਤੀਫ਼ਾ, ਵਿਧਾਨ ਸਭਾ ਵਲੋਂ ਮਨਜ਼ੂਰ
Thursday, Oct 30, 2025 - 06:55 PM (IST)
ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਅਨੁਸਾਰ ਪੰਜਾਬ ਦੇ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬੇਅਦਬੀਆਂ ਰੋਕਣ ਅਤੇ ਧਾਰਮਿਕ ਗ੍ਰੰਥਾਂ ਦੇ ਮਾਮਲੇ ਸੰਬੰਧੀ ਕਾਨੂੰਨ ਬਣਾਉਣ ਲਈ ਬਣੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ।ਪ੍ਰਾਪਤ ਜਾਣਕਾਰੀ ਮੁਤਾਬਕ, ਤ੍ਰਿਪਤ ਬਾਜਵਾ ਵੱਲੋਂ ਸਪੀਕਰ ਨੂੰ ਸੌਂਪਿਆ ਗਿਆ ਇਹ ਅਸਤੀਫਾ ਪੰਜਾਬ ਵਿਧਾਨ ਸਭਾ ਵੱਲੋਂ ਮਨਜ਼ੂਰ (ਸਵੀਕਾਰ) ਕਰ ਲਿਆ ਗਿਆ ਹੈ।
ਦੱਸ ਦਈਏ ਕਿ ਵਿਧਾਨ ਸਭਾ ਵਲੋਂ ਇਹ ਕਮੇਟੀ ਉਸ ਵੇਲੇ ਬਣਾਈ ਗਈ ਸੀ, ਜਦੋਂ ਸੂਬੇ ਭਰ ਵਿੱਚ ਵੱਖ-ਵੱਖ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਚਿੰਤਾ ਵਧੀ ਸੀ। ਕਮੇਟੀ ਦਾ ਮੁੱਖ ਮਕਸਦ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਪ੍ਰਾਵਧਾਨ ਬਣਾਉਣਾ ਸੀ। ਇਸ ਦਾ ਕੰਮ ਧਾਰਮਿਕ ਗ੍ਰੰਥਾਂ ਦੀ ਸੁਰੱਖਿਆ, ਆਦਰ ਅਤੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਜ਼ਾਵਾਂ ਦੇ ਕਾਨੂੰਨੀ ਢਾਂਚੇ ਨੂੰ ਤਿਆਰ ਕਰਨਾ ਸੀ।
ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਤ੍ਰਿਪਤ ਬਾਜਵਾ ਨੇ ਕੁਝ ਕਾਨੂੰਨੀ ਪ੍ਰਕਿਰਿਆਵਾਂ ਅਤੇ ਸਿਆਸੀ ਦ੍ਰਿਸ਼ਟੀਕੋਣ ਨੂੰ ਲੈ ਕੇ ਕਮੇਟੀ ਤੋਂ ਹਟਣ ਦਾ ਫੈਸਲਾ ਕੀਤਾ ਹੈ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਈ ਵਾਰ ਇਹ ਗੱਲ ਮੰਨੀ ਹੈ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਜਿਹੀਆਂ ਘਟਨਾਵਾਂ ਸੰਵੇਦਨਸ਼ੀਲ ਹਨ ਅਤੇ ਇਨ੍ਹਾਂ ਉੱਤੇ ਸਿਆਸੀ ਲਾਭ ਲਈ ਸਿਆਸਤ ਨਹੀਂ ਹੋਣੀ ਚਾਹੀਦੀ। ਇਸ ਘਟਨਾ ਨੇ ਪੰਜਾਬ ਦੇ ਸਿਆਸੀ ਅਤੇ ਧਾਰਮਿਕ ਮਾਮਲਿਆਂ ਵਿੱਚ ਬਣੀ ਇਸ ਮਹੱਤਵਪੂਰਨ ਕਮੇਟੀ ਦੀ ਕਾਰਜਸ਼ੈਲੀ ਨੂੰ ਲੈ ਕੇ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ।
