ਅੰਮ੍ਰਿਤਸਰ 'ਚ ਹਾਈ ਅਲਰਟ, ਅਰਧ-ਸੈਨਿਕ ਫੋਰਸਾਂ ਦੀਆਂ ਟੁਕੜੀਆਂ ਤਾਇਨਾਤ, ਪੁਲਸ ਨੂੰ ਸਖ਼ਤ ਨਿਰਦੇਸ਼
Monday, Jun 05, 2023 - 10:05 AM (IST)
ਜਲੰਧਰ (ਧਵਨ) : ਆਪ੍ਰੇਸ਼ਨ ਬਲੂਸਟਾਰ ਦੀ 6 ਜੂਨ ਨੂੰ ਬਰਸੀ ਨੂੰ ਵੇਖਦੇ ਹੋਏ ਅੰਮ੍ਰਿਤਸਰ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਪੁਲਸ ਅਤੇ ਅਰਧ-ਸੈਨਿਕ ਫੋਰਸਾਂ ਦੀਆਂ ਟੁਕੜੀਆਂ ਨੂੰ ਪੂਰੇ ਜ਼ਿਲ੍ਹੇ ’ਚ ਤਾਇਨਾਤ ਕੀਤਾ ਗਿਆ ਹੈ। ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਸ ਨੇ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਬਣਾਏ ਰੱਖਣ ਦੇ ਮਕਸਦ ਨਾਲ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ’ਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਘੁਡਾਣੀ ਕਲਾਂ ਦੇ ਪਰਮੀਤ ਸਿੰਘ ਬੋਪਾਰਾਏ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ
ਪੰਜਾਬ ਪੁਲਸ ਦੇ ਵਿਸ਼ੇਸ਼ ਡੀ. ਜੀ. ਪੀ. (ਕਾਨੂੰਨ-ਵਿਵਸਥਾ) ਅਰਪਿਤ ਸ਼ੁਕਲਾ ਨੇ ਅੰਮ੍ਰਿਤਸਰ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਦੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ’ਚ ਦੱਸਿਆ ਗਿਆ ਕਿ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੌਨਿਹਾਲ ਸਿੰਘ ਨੇ ਅੰਮ੍ਰਿਤਸਰ ਸ਼ਹਿਰ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਸਥਾਨਕ ਪੁਲਸ ਦੇੇ ਨਾਲ-ਨਾਲ ਅਰਧ-ਸੈਨਿਕ ਫੋਰਸਾਂ ਨੂੰ ਅੰਮ੍ਰਿਤਸਰ ਦੇ ਅੰਦਰੂਨੀ ਅਤੇ ਬਾਹਰੀ ਖੇਤਰਾਂ ’ਚ ਤਾਇਨਾਤ ਕੀਤਾ ਗਿਆ ਹੈ ਅਤੇ ਨਾਲ ਹੀ ਪੈਟ੍ਰੋਲਿੰਗ ਪਾਰਟੀਆਂ ਨੂੰ ਭੀੜ-ਭੜੱਕੇ ਵਾਲੇ ਇਲਾਕਿਆਂ ’ਚ ਗਸ਼ਤ ਕਰਨ ਲਈ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੇਂਦਰ ਵੱਲੋਂ ਦੁਨੀਆ ਦੀ ਸਭ ਤੋਂ ਵੱਡੀ ਖ਼ੁਰਾਕ ਭੰਡਾਰਨ ਯੋਜਨਾ ਨੂੰ ਮਨਜ਼ੂਰੀ, ਕਿਸਾਨਾਂ ਨੂੰ ਹੋਵੇਗਾ ਵੱਡਾ ਫ਼ਾਇਦਾ
ਵਿਸ਼ੇਸ਼ ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਅੰਮ੍ਰਿਤਸਰ ’ਚ 24 ਘੰਟੇ 68 ਚੈੱਕ ਪੁਆਇੰਟ ਬਣਾਏ ਗਏ ਹਨ। ਭੀੜ-ਭੜੱਕੇ ਵਾਲੇ ਇਲਾਕਿਆਂ ’ਚ ਪੈਟ੍ਰੋਲਿੰਗ ਪਾਰਟੀਆਂ ਭੇਜੀਆਂ ਗਈਆਂ ਹਨ। ਪੁਲਸ ਵੱਲੋਂ ਸੋਸ਼ਲ ਮੀਡੀਆ ’ਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਪੁਲਸ ਅਮਨ-ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ’ਤੇ ਫੈਲਾਈਆਂ ਜਾ ਰਹੀਆਂ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ’ਤੇ ਧਿਆਨ ਨਾ ਦੇਣ।
ਇਹ ਵੀ ਪੜ੍ਹੋ : ਦਿਲ ਦੇ ਦੌਰੇ ਦੌਰਾਨ ਵਧੇਰੇ ਲੋਕ ਸਿਰਫ਼ ਇਸ ਕਾਰਨ ਗੁਆ ਦਿੰਦੇ ਨੇ ਜਾਨ, ਕਦੇ ਨਾ ਕਰੋ ਨਜ਼ਰਅੰਦਾਜ਼
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਲੋਕਾਂ ਨੂੰ ਬਿਨਾਂ ਤੱਥਾਂ ਦੀ ਜਾਣਕਾਰੀ ਲਏ ਬਿਨਾਂ ਕੋਈ ਵੀ ਪੋਸਟ ਅੱਪਲੋਡ ਨਹੀਂ ਕਰਨੀ ਚਾਹੀਦੀ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਭਰ ’ਚ ਪੁਲਸ ਅਧਿਕਾਰੀਆਂ ਦੀ ਅਗਵਾਈ ’ਚ ਫਲੈਗ ਮਾਰਚ ਕੱਢੇ ਜਾ ਰਹੇ ਹਨ ਅਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ 192 ਸੰਵੇਦਨਸ਼ੀਲ ਖੇਤਰਾਂ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀ. ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ’ਚ ਫਲੈਗ ਮਾਰਚ ਕੱਢਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਚਾਹਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ
ਵਿਸ਼ੇਸ਼ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਆਪ੍ਰੇਸ਼ਨ ਬਲੂਸਟਾਰ ਦੀ ਬਰਸੀ ਨੂੰ ਸ਼ਾਂਤਮਈ ਢੰਗ ਨਾਲ ਆਯੋਜਿਤ ਕਰਨ ਨੂੰ ਯਕੀਨੀ ਬਣਾਏਗੀ, ਜਿਸ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ਭਰ ’ਚ ਲੋਂੜੀਦੀ ਸੁਰੱਖਿਆ ਵੀ ਤਾਇਨਾਤ ਕੀਤੀ ਗਈ ਹੈ। ਸਮਾਜ ਵਿਰੋਧੀ ਅਨਸਰਾਂ ਦੀ ਘੁਸਪੈਠ ਨੂੰ ਰੋਕਣ ਲਈ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ’ਚ ਪੁਲਸ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹਿਆਂ ’ਚ ਦਾਖ਼ਲ ਹੋਣ ਵਾਲੇ ਰਸਤਿਆਂ ’ਤੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ