ਟਰੂਡੋ ਦੇ ਦੋਸ਼ ਨਿੰਦਣਯੋਗ, ਗੈਰ-ਜ਼ਿੰਮੇਵਾਰਾਨਾ, ਬੇਬੁਨਿਆਦ ਅਤੇ ਬੇਤੁਕੇ : ਜਾਖੜ

09/22/2023 11:55:47 PM

ਚੰਡੀਗੜ੍ਹ (ਹਰੀਸ਼ਚੰਦਰ) : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਭਾਰਤ ’ਤੇ ਲਾਏ ਗਏ ਦੋਸ਼ ਨਿੰਦਣਯੋਗ, ਗੈਰ-ਜ਼ਿੰਮੇਵਾਰਾਨਾ, ਬੇਬੁਨਿਆਦ ਅਤੇ ਬੇਤੁਕੇ ਹਨ। ਸੂਬਾਈ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਇੱਥੇ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਟਰੂਡੋ ਦੀਆਂ ਆਪਣੀਆਂ ਸਿਆਸੀ ਮਜਬੂਰੀਆਂ ਹਨ ਕਿਉਂਕਿ ਉਨ੍ਹਾਂ ਦੀ ਸਰਕਾਰ ਘੱਟਗਿਣਤੀ ਵਿਚ ਹੈ, ਜਿਸ ਕੋਲ ਬਹੁਮਤ ਨਹੀਂ ਸੀ। ਉਨ੍ਹਾਂ ਨੇ ਵੀ ਵੱਖਵਾਦੀ ਤਾਕਤਾਂ ਦਾ ਸਹਾਰਾ ਲੈ ਕੇ ਆਪਣੇ ਦੇਸ਼ ਦਾ ਬਹੁਤ ਨੁਕਸਾਨ ਕੀਤਾ ਹੈ। ਕੈਨੇਡਾ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਕਿਸੇ ਵੀ ਦੇਸ਼ ਦੀ ਵਿਦੇਸ਼ ਨੀਤੀ ਉਸ ਦੇਸ਼ ਦੀਆਂ ਸਿਆਸੀ ਮਜਬੂਰੀਆਂ ਨਾਲ ਚਲਾਈ ਨਹੀਂ ਜਾਂਦੀ। ਜਦੋਂ ਪ੍ਰਧਾਨ ਮੰਤਰੀ ਟਰੂਡੋ ਆਪਣੀ ਸੰਸਦ ਵਿਚ ਭਾਰਤ ਵਿਰੁੱਧ ਬਿਆਨ ਦੇ ਰਹੇ ਹਨ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਧਾਨ ਮੰਤਰੀ ਤੋਂ ਪੁੱਛ ਰਹੇ ਹਨ ਕਿ ਇਸ ਗੱਲ ਦਾ ਸਬੂਤ ਕਿੱਥੇ ਹੈ?

ਇਹ ਵੀ ਪੜ੍ਹੋ : ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਜਾਖੜ ਨੇ ਕਿਹਾ ਕਿ ਕੈਨੇਡਾ ਵਿਚ ਅੱਤਵਾਦੀਆਂ ਅਤੇ ਵੱਖਵਾਦੀ ਕਿਸਮ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੂੰ ਅੱਤਵਾਦੀ-ਵੱਖਵਾਦੀ ਬਣਨ ਲਈ ਉਕਸਾਉਣ ਦਾ ਕੰਮ ਪਾਕਿਸਤਾਨ ਨੇ ਕੀਤਾ ਹੈ ਅਤੇ ਕੈਨੇਡਾ ਨੇ ਉਨ੍ਹਾਂ ਨੂੰ ਪਨਾਹ ਦੇਣ ਅਤੇ ਸੁਰੱਖਿਆ ਦੇਣ ਦਾ ਕੰਮ ਕੀਤਾ ਹੈ। ਇਸ ਦੀ ਇਕ ਮਿਸਾਲ ਤਨਿਸ਼ਕ ਜਹਾਜ਼ ਹੈ, ਜਿਸ ਵਿਚ 329 ਬੇਕਸੂਰ ਯਾਤਰੀਆਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਵੀ ਪੰਜਾਬੀ ਉਥੇ ਗਏ ਹਨ। ਉਹ ਭੀਖ ਮੰਗਣ ਨਹੀਂ ਗਏ। ਪੰਜਾਬ ਨੇ ਕੈਨੇਡਾ ਦੀ ਆਰਥਿਕਤਾ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਪੰਜਾਬ ਨੇ ਆਪਣਾ ਪੇਟ ਕੱਟਿਆ, ਲੋਕਾਂ ਨੇ ਆਪਣੀਆਂ ਜ਼ਮੀਨਾਂ ਵੇਚ ਕੇ ਆਪਣੇ ਬੱਚਿਆਂ ਨੂੰ ਕੈਨੇਡਾ ਭੇਜਿਆ, ਜੋ ਉਥੋਂ ਦੀ ਆਰਥਿਕਤਾ ਵਿਚ ਯੋਗਦਾਨ ਪਾ ਰਹੇ ਹਨ। ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਮੁਖੀ ਨੂੰ ਬਿਨਾਂ ਸਬੂਤ ਦੇ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਨਹੀਂ ਦੇਣੇ ਚਾਹੀਦੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News