ਟਰੂਡੋ ਦੇ ਸਵਾਗਤ ਲਈ ਆਹਮੋ-ਸਾਹਮਣੇ ਹੋਣਗੇ ਕਾਂਗਰਸੀ ਤੇ ਅਕਾਲੀ

02/21/2018 1:51:58 AM

ਜਲੰਧਰ (ਵੈਬ ਡੈਸਕ)— ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਅੰਮ੍ਰਿਤਸਰ ਆ ਰਹੇ ਹਨ। ਇਸ ਦੌਰਾਨ ਕਈ ਸੀਨੀਅਰ ਆਗੂ ਤੇ ਸੀਨੀਅਰ ਅਧਿਕਾਰੀ ਉਨ੍ਹਾਂ ਦੇ ਸਵਾਗਤ ਲਈ ਏਅਰਪੋਰਟ 'ਤੇ ਮੌਜੂਦ ਹੋਣਗੇ, ਜਿਨ੍ਹਾਂ 'ਚ ਦੇਸ਼ ਦੇ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਬਾਰੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਟੂਰਿਜ਼ਮ, ਸੱਭਿਆਚਾਰਕ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਆਈ.ਏ.ਐੱਸ. ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਜੀਤ ਸੰਗਲਾ, ਆਈ.ਪੀ.ਐੱਸ. ਤੇ ਪੁਲਸ ਕਮਿਸ਼ਨਰ ਐੱਸ.ਐੱਸ. ਸ਼ਿਰਵਾਸਤਵ ਸ਼ਾਮਲ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੰਚ ਦੌਰਾਨ ਟਰੂਡੋ ਨਾਲ ਅੱਧੇ ਘੰਟੇ ਦੀ ਮੁਲਾਕਾਤ ਕਰਨਗੇ।
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਵੀ ਇਹ ਸਾਫ ਕਰ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਜਸਟਿਨ ਟਰੂਡੋ ਦੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੌਰਾਨ ਉਥੇ ਹਾਜ਼ਰ ਰਹਿਣਗੇ। ਟਰੂਡੋ ਦੇ ਪੰਜਾਬ ਦੌਰੇ 'ਤੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਆਪਣੇ ਭਾਰਤ ਦੌਰੇ ਦੌਰਾਨ ਕੈਨੇਡਾ ਦੇ ਰੱਖਿਆ ਮੰਤਰੀ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਸਿਫਾਰਿਸ਼ ਕੀਤੀ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਤੇ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ (ਹਰਜੀਤ ਸਿੰਘ ਸੱਜਣ) ਦੀ ਮੁਲਾਕਾਤ ਤੈਅ ਕਰਵਾਈ ਜਾਵੇ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਟਰੂਡੋ ਨਾਲ ਮੁਲਾਕਾਤ ਸਬੰਧੀ ਜਾਣਕਾਰੀ ਦਿੱਤੀ। ਹੁਣ ਟਰੂਡੋ ਦੀ ਅੰਮ੍ਰਿਤਸਰ ਫੇਰੀ 'ਤੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ ਹੋਣਗੇ। ਅਜਿਹੇ 'ਚ ਇਹ ਦੇਖਣਾ ਹੋਵੇਗਾ ਕਿ ਟਰੂਡੋ ਦੀ ਅੰਮ੍ਰਿਤਸਰ ਫੇਰੀ 'ਤੇ ਖਾਲਿਸਤਾਨ ਦਾ ਮੁੱਦਾ ਵਿਚਾਰਿਆ ਜਾਂਦਾ ਹੈ ਜਾਂ ਨਹੀਂ ਤੇ ਇਸ 'ਤੇ ਕਾਂਗਰਸ ਤੇ ਅਕਾਲੀ ਦਲ ਕੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹਨ। ਜ਼ਿਕਰਯੋਗ ਹੈ ਕਿ ਬੀਤੇ ਸਾਲ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਭਾਰਤ ਦੌਰੇ 'ਤੇ ਆਏ ਸਨ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨੇ ਉਨ੍ਹਾਂ ਨੂੰ ਖਾਲਿਸਤਾਨੀ ਸਮਰਥਕ ਦੱਸਦੇ ਹੋਏ ਮਿਲਣ ਤੋਂ ਨਾਂਹ ਕਰ ਦਿੱਤੀ ਸੀ। ਹੁਣ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਤੇ ਕੈਨੇਡਾ ਵਿਚਾਲੇ ਦੋ-ਪੱਖੀ ਬਿਹਤਰ ਸਬੰਧਾਂ ਤੇ ਰੋਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਦੌਰੇ 'ਤੇ ਹਨ। ਟਰੂਡੋ 17 ਫਰਵਰੀ ਤੋਂ 24 ਫਰਵਰੀ ਤੱਕ ਦੇ ਭਾਰਤ ਦੌਰੇ 'ਤੇ ਰਹਿਣਗੇ।


Related News