ਮੌਤ ਦੀ ਸਜ਼ਾ ਨੂੰ ਉਮਰ ਕੈਦ ''ਚ ਬਦਲ ਕੇ ਰਾਜੋਆਣਾ ਨੂੰ ਜੇਲੋਂ ਬਾਹਰ ਕੱਢਣ ਦੀ ਸਾਜ਼ਿਸ਼ : ਜਗਦਗੁਰੂ ਪੰਚਾਨੰਦ ਗਿਰੀ
Tuesday, Oct 01, 2019 - 12:59 AM (IST)

ਪਟਿਆਲਾ, (ਰਾਜੇਸ਼)— ਮੋਦੀ ਸਰਕਾਰ ਵਲੋਂ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਤੇ ਖਾਲਿਸਤਾਨੀ ਅੱਤਵਾਦੀਆਂ ਦੀ ਰਿਹਾਈ ਦੇ ਫੈਸਲੇ ਨਾਲ ਅੱਤਵਾਦੀਆਂ ਦੇ ਹੌਸਲੇ ਬੁਲੰਦ ਹੋਣਗੇ। ਜੇਕਰ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ ਤਾਂ ਉਹ ਦਹਿਸ਼ਤ ਫੈਲਾਉਣਗੇ। ਇਹ ਵਿਚਾਰ ਸ਼੍ਰੀ ਹਿੰਦੂ ਤਖਤ ਦੇ ਧਰਮਾਦੀਸ਼ ਜਗਤਗੁਰੂ ਪੰਚਾਨੰਦ ਗਿਰੀ ਨੇ ਪ੍ਰਗਟਾਉਂਦਿਆਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲ ਕੇ ਉਸ ਨੂੰ ਜੇਲੋਂ ਬਾਹਰ ਕੱਢਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਹ ਬੇਅੰਤ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਦਾ ਕਾਤਲ ਹੈ। ਉਸ ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਤੁਰੰਤ ਫਾਂਸੀ ਦਿੱਤੀ ਜਾਵੇ। ਉਸ ਦੀ ਸਜ਼ਾ ਨੂੰ ਉਮਰ ਕੈਦ 'ਚ ਨਾ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਤਵਾਦ ਵਿਰੁੱਧ ਜ਼ੀਰੋ ਟਾਲਰੈਂਸ ਦੀ ਗੱਲ ਕਰਦੇ ਹਨ, ਦੂਜੇ ਪਾਸੇ ਵੋਟਾਂ ਕੇ ਚੱਕਰ ਵਿਚ ਦੇਸ਼ ਨੂੰ ਤੋੜਨ ਦੇ ਸੁਪਨੇ ਵੇਖਣ ਵਾਲਿਆਂ ਨੂੰ ਖੁਸ਼ ਕਰ ਰਹੇ ਹਨ।
ਪੰਚਾਨੰਦ ਗਿਰੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਕਰਤਾਰਪੁਰ ਲਾਂਘਾ ਅਜੇ ਤੱਕ ਸ਼ੁਰੂ ਨਹੀਂ ਹੋਇਆ। ਪਹਿਲਾਂ ਹੀ ਪਾਕਿਸਤਾਨ ਪੰਜਾਬ 'ਚ ਅੱਤਵਾਦੀਆਂ ਨੂੰ ਉਤਸ਼ਾਹਤ ਕਰ ਰਿਹਾ ਹੈ। ਲਾਂਘਾ ਖੋਲ੍ਹਣ ਤੋਂ ਬਾਅਦ ਅੱਤਵਾਦੀ ਜਨਤਕ ਤੌਰ 'ਤੇ ਦਹਿਸ਼ਤ ਫੈਲਾਉਣਗੇ। ਇਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਜਾਵੇਗਾ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਲਾਂਘੇ ਨੂੰ ਖੋਲ੍ਹਣ ਬਾਰੇ ਇਕ ਵਾਰ ਫਿਰ ਵਿਚਾਰ ਕਰਨ।