ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਕਾਬੂ, ਫ਼ਰਾਰ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
Sunday, Feb 22, 2026 - 09:11 AM (IST)
ਲੁਧਿਆਣਾ (ਅਨਿਲ, ਸ਼ਿਵਮ) : ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਪੀ. ਏ. ਯੂ. ਦੀ ਪੁਲਸ ਨੇ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਖਿਲਾਫ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟਣ ਵਾਲੇ 3 ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ’ਚੋਂ 2 ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਲੁਟੇਰਿਆਂ ਦੀ ਛਿੱਤਰ-ਪਰੇਡ! ਪੁਲਸ ਦੇ ਸਾਹਮਣੇ ਹੋਈ ਕੁੱਟਮਾਰ
ਥਾਣਾ ਮੁਖੀ ਇੰਸਪੈਕਟਰ ਰਜਿੰਦਰ ਪਾਲ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਵਿਕਾਸ ਕੁਮਾਰ ਵਾਸੀ ਪੰਜ ਪੀਰ ਰੋਡ ਨੇ ਪੁਲਸ ਨੂੰ ਦੱਸਿਆ ਕਿ 18 ਫਰਵਰੀ ਦੀ ਰਾਤ ਕਰੀਬ 11 ਵਜੇ ਜਦੋਂ ਉਹ ਆਪਣੇ ਦੋਸਤ ਸ਼ਿਵਾ ਕੁਮਾਰ ਨਾਲ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ, ਤਾਂ ਚਾਂਦ ਕਾਲੋਨੀ ਨੇੜੇ 3 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ। ਮੁਲਜ਼ਮਾਂ ਨੇ ਉਨ੍ਹਾਂ ਨਾਲ ਹੱਥੋਪਾਈ ਕੀਤੀ ਅਤੇ ਤੇਜ਼ਧਾਰ ਹਥਿਆਰ ਦਿਖਾ ਕੇ ਉਨ੍ਹਾਂ ਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਪੁਲਸ ਨੇ ਇਸ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਨਵਜੋਤ ਸਿੰਘ ਉਰਫ ਜੋਤ (ਵਾਸੀ ਤਾਜਪੁਰ ਰੋਡ), ਹਰਨੇਕ ਸਿੰਘ ਉਰਫ ਨੇਕਾ (ਵਾਸੀ ਅਸ਼ੋਕ ਨਗਰ) ਅਤੇ ‘ਆਲੂ’ (ਵਾਸੀ ਸਲੇਮ ਟਾਬਰੀ) ਖਿਲਾਫ ਕੇਸ ਦਰਜ ਕੀਤਾ। ਕਾਰਵਾਈ ਦੌਰਾਨ ਪੁਲਸ ਨੇ ਨਵਜੋਤ ਸਿੰਘ ਅਤੇ ਹਰਨੇਕ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂਕਿ ਉਨ੍ਹਾਂ ਦਾ ਤੀਜਾ ਸਾਥੀ ‘ਆਲੂ’ ਅਜੇ ਫਰਾਰ ਹੈ। ਮੁਲਜ਼ਮਾਂ ਕੋਲੋਂ ਖੋਹਿਆ ਹੋਇਆ ਮੋਟਰਸਾਈਕਲ ਅਤੇ ਇਕ ਹੋਰ ਵਾਹਨ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ ਚੱਲੇਗਾ ਕੈਸ਼!
ਇੰਸਪੈਕਟਰ ਚੌਧਰੀ ਨੇ ਦੱਸਿਆ ਕਿ ਹਰਨੇਕ ਸਿੰਘ ਖਿਲਾਫ ਪਹਿਲਾਂ ਵੀ ਥਾਣਾ ਸਰਾਭਾ ਨਗਰ ’ਚ ਲੁੱਟ ਦਾ ਕੇਸ ਦਰਜ ਹੈ ਅਤੇ ਉਹ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ। ਅੱਜ ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ। ਫਰਾਰ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।
