ਹੈਰੋਇਨ ਸਮੇਤ ਕਾਰ ’ਤੇ ਆਉਂਦੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ
Thursday, Jul 30, 2026 - 10:44 AM (IST)
ਜ਼ੀਰਾ/ਮੱਖੂ (ਗੁਰਮੇਲ ਸੇਖਵਾਂ) : ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਇਕ ਕਾਰ ਸਵਾਰ ਦੋ ਨਸ਼ਾ ਤਸਕਰਾਂ ਨੂੰ 220 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਥਾਣਾ ਜ਼ੀਰਾ ਸਿਟੀ ਅਤੇ ਥਾਣਾ ਮਖੂ ਦੀ ਪੁਲਸ ਨੇ 2 ਦੋਸ਼ੀਆਂ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਜ਼ੀਰਾ ਦੇ ਏ. ਐੱਸ. ਆਈ. ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰਦੇ ਹੋਏ ਪਿੰਡ ਬਹਿਕ ਗੁਜਰਾਂ ਨੇੜੇ ਪਹੁੰਚੇ ਤਾਂ ਉਨ੍ਹਾਂ ਪੰਜਾਬ ਨੰਬਰ ਦੀ ਸਵਿੱਫ਼ਟ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੁਕਵਾਇਆ। ਕਾਰ ਵਿਚ ਸਵਾਰ ਦੋ ਵਿਅਕਤੀਆਂ ਦੀ ਪਛਾਣ ਰੁਸਤਮ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਨੂਰਦੀ (ਨਜ਼ਦੀਕ ਝਬਾਲ, ਜ਼ਿਲ੍ਹਾ ਤਰਨਤਾਰਨ) ਅਤੇ ਲਵਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਮੁੰਡਾ (ਜ਼ਿਲਾ ਤਰਨਤਾਰਨ) ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਵੱਲੋਂ ਉਕਤ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 220 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਲੱਖਾਂ ਰੁਪਏ ਦੱਸੀ ਜਾਂਦੀ ਹੈ।
ਦੂਜੇ ਪਾਸੇ ਥਾਣਾ ਸਿਟੀ ਜ਼ੀਰਾ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਅਤੇ ਚੈਕਿੰਗ ਕਰਦਿਆਂ ਅਵਾਨ ਰੋਡ ਤੋਂ ਬਿਕਰਮ ਉਰਫ਼ ਹਨੀ ਪੁੱਤਰ ਸੰਜੀਵ ਕੁਮਾਰ ਵਾਸੀ ਬਸਤੀ ਮਾਛੀਆਂ (ਗਊਸ਼ਾਲਾ ਰੋਡ, ਜ਼ੀਰਾ) ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਓਧਰ ਥਾਣਾ ਮਖੂ ਦੇ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰਦੇ ਹੋਏ ਮੱਖੂ ਸ਼ਹਿਰ ਲਿੰਕ ਰੋਡ (ਨੇੜੇ ਕਬਰਿਸਤਾਨ ਸੂਦਾ) ਪਹੁੰਚੇ ਤਾਂ ਉਨ੍ਹਾਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕੀਤਾ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਜਰਨੈਲ ਸਿੰਘ ਉਰਫ਼ ਆਕਾਸ਼ ਪੁੱਤਰ ਹਰਨੇਕ ਸਿੰਘ ਵਾਸੀ ਪੀਰ ਮੁਹੰਮਦ ਵਜੋਂ ਹੋਈ, ਜਿਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
