ਪੰਜਾਬ ਵਿਧਾਨ ਸਭਾ 'ਚ ਬੋਲੇ ਹਰਜੋਤ ਸਿੰਘ ਬੈਂਸ, ਦੋ ਨਵੀਆਂ ਯੂਨੀਵਰਸਿਟੀਆਂ ਨੂੰ ਮਿਲੀ ਮਨਜ਼ੂਰੀ
Friday, Jul 11, 2025 - 01:41 PM (IST)

ਚੰਡੀਗੜ੍ਹ- ਪੰਜਾਬ 'ਚ ਅੱਜ ਦੋ ਨਵੀਆਂ ਯੂਨੀਵਰਸਿਟੀਆਂ ਨੂੰ ਮਨਜ਼ੂਰੀ ਮਿਲ ਗਈ ਹੈ। ਵਿਧਾਨ ਸਭਾ 'ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੋ ਨਵੀਆਂ ਯੂਨੀਵਰਸਿਟੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਦੋ ਨਵੀਆਂ ਯੂਨੀਵਰਸਿਟੀਆਂ ਖੁੱਲ੍ਹਣਗੀਆਂ ਤਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਬਿਜ਼ਨਸ ਕਰਨ ਦੇ ਵੀ ਨਵੇਂ ਮੌਕੇ ਮਿਲਣਗੇ । ਇਸ ਦੌਰਾਨ ਉਨ੍ਹਾਂ ਕਿਹਾ ਸਾਡੀ ਸਰਕਾਰ ਦਾ ਮੁੱਖ ਏਜੰਡਾ ਹੀ ਸਿੱਖਿਆ ਹੈ। 2022 'ਚ ਪਹਿਲੀ ਵਾਰ ਹੋਇਆ ਸੀ ਕਿ ਕਿਸੇ ਸਰਕਾਰ ਨੇ ਸਿੱਖਿਆ ਦੇ ਏਜੰਡੇ 'ਤੇ ਵੋਟਾਂ ਮੰਗੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੇ ਘਰ-ਘਰ ਜਾ ਕੇ ਲੋਕਾਂ ਨੂੰ ਸਿੱਖਿਆ ਬਾਰੇ ਜਾਣੂ ਕਰਵਾਇਆ ਹੈ।
ਇਹ ਵੀ ਪੜ੍ਹੋ- ਪਾਣੀ ਦੇ ਮੁੱਦੇ 'ਤੇ ਬੋਲੇ ਸਿਹਤ ਮੰਤਰੀ, ਕਿਹਾ- 'ਹਰਿਆਣਾ ਕੋਲੋਂ ਤਾਂ ਆਪਣਾ ਪਾਣੀ ਸੰਭਾਲਿਆ ਨਹੀਂ ਜਾਂਦਾ'
ਸਿੱਖਿਆ ਮੰਤਰੀ ਨੇ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਅਜਨਾਲਾ, ਬਰਨਾਲਾ ਅਤੇ ਕੀਰਤਪੁਰ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦੇਸ਼ਾਂ ਤੋਂ ਵੀ ਵਿਦਿਆਰਥੀ ਪੜ੍ਹਾਈ ਲਈ ਪੰਜਾਬ ਆ ਰਹੇ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਬਿਹਤਰ ਮੌਕੇ ਮਿਲ ਸਕਣ।
ਇਹ ਵੀ ਪੜ੍ਹੋ- ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਫਿਰ ਹੋਵੇਗਾ ਸ਼ੁਰੂ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 2022 ਤੱਕ ਪੰਜਾਬ ਵਿੱਚ ਬ੍ਰੇਨ ਡਰੇਨ ਆਪਣੇ ਸਿਖਰ 'ਤੇ ਸੀ। ਜੋ ਬੱਚੇ ਯੋਗ ਸਨ ਉਹ ਵਿਦੇਸ਼ ਜਾਂਦੇ ਸਨ, ਅਤੇ ਲੋੜਵੰਦ ਬੱਚਿਆਂ ਦੇ ਵਜ਼ੀਫ਼ੇ ਵੀ ਪਹਿਲੀਆਂ ਸਰਕਾਰਾਂ ਨੇ ਖਾ ਲਏ। ਪਰ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ, ਤਾਂ ਅਸੀਂ ਸਥਿਤੀ ਨੂੰ ਸੁਧਾਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ। ਹੁਣ ਸਾਰੇ ਐੱਸਸੀ ਬੱਚਿਆਂ ਨੂੰ ਸਮੇਂ ਸਿਰ ਸਕਾਲਰਸ਼ਿਪ ਮਿਲ ਰਹੀ ਹੈ ਅਤੇ ਸਾਰੀਆਂ ਯੂਨੀਵਰਸਿਟੀਆਂ ਨੂੰ ਸਮੇਂ ਸਿਰ ਗ੍ਰਾਂਟਾਂ ਮਿਲ ਰਹੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕੋਈ ਵੀ ਗੈਸਟ ਫੈਕਲਟੀ ਆਪਣੀ ਨੌਕਰੀ ਨਹੀਂ ਗੁਆਏਗਾ। ਸਰਕਾਰ ਨੇ ਨਵੇਂ ਕੋਰਸ ਸ਼ੁਰੂ ਕੀਤੇ ਹਨ, ਜਿਨ੍ਹਾਂ ਦੀ ਬਾਜ਼ਾਰ ਵਿੱਚ ਚੰਗੀ ਮੰਗ ਹੈ, ਤਾਂ ਜੋ ਨੌਜਵਾਨਾਂ ਨੂੰ ਬਿਹਤਰ ਰੁਜ਼ਗਾਰ ਦੇ ਮੌਕੇ ਮਿਲ ਸਕਣ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀ ਦਿਓ ਧਿਆਨ, ਲੱਗ ਗਈ ਮੁਕੰਮਲ ਪਾਬੰਦੀ
ਦੋ ਨਵੀਆਂ ਯੂਨੀਵਰਸਿਟੀਆਂ ਦੇ ਮੁੱਦੇ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਜਵਾਬ
ਦੋ ਨਵੀਆਂ ਯੂਨੀਵਰਸਿਟੀਆਂ ਦੇ ਮੁੱਦੇ 'ਤੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ 'ਚ ਦੋ ਨਵੀਆਂ ਯੂਨੀਵਰਸਿਟੀਆਂ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਸੂਬੇ ਵਿੱਚ ਯੂਨੀਵਰਸਿਟੀਆਂ ਦੀ ਗਿਣਤੀ 17 ਤੋਂ ਵਧ ਕੇ 19 ਹੋ ਜਾਵੇਗੀ। ਬਾਜਵਾ ਨੇ ਸਰਕਾਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਕਦਮ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਸਰਕਾਰ 'ਤੇ ਵਾਧੂ ਬੋਝ ਨਹੀਂ ਪਵੇਗਾ ਪਰ ਉਨ੍ਹਾਂ ਸਰਕਾਰ ਨੂੰ ਜਲੰਧਰ ਵਿੱਚ ਪ੍ਰਸਤਾਵਿਤ ਸਪੋਰਟਸ ਯੂਨੀਵਰਸਿਟੀ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਵੀ ਕਿਹਾ। ਬਾਜਵਾ ਨੇ ਯਾਦ ਦਿਵਾਇਆ ਕਿ ਜਲੰਧਰ ਜ਼ਿਮਣੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਪੋਰਟਸ ਯੂਨੀਵਰਸਿਟੀ ਖੋਲ੍ਹਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਪੁੱਛਿਆ ਕਿ ਇਸ 'ਤੇ ਸਰਕਾਰ ਦਾ ਮੌਜੂਦਾ ਸਟੈਂਡ ਕੀ ਹੈ, ਹਾਲਾਂਕਿ ਉਨ੍ਹਾਂ ਨੇ ਖੁਦ ਕਿਹਾ ਸੀ ਕਿ ਉਹ ਇਸ ਦੇ ਹੱਕ ਵਿਚ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8