ਜਲਾਲਾਬਾਦ ‘ਚ 2 ਕਿੱਲੋ ਹੈਰੋਇਨ ਸਣੇ ਦੋ ਤਸਕਰ ਕਾਬੂ, ਡਰੋਨ ਵੀ ਬਰਾਮਦ
Friday, Apr 03, 2026 - 03:47 PM (IST)
ਜਲਾਲਾਬਾਦ (ਟੀਨੂੰ/ ਸੁਮਿਤ) : ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਦੋ ਤਸਕਰਾਂ ਨੂੰ 2 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਇੱਕ ਡਰੋਨ ਵੀ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਟੀਮ ਨੇ ਜਲਾਲਾਬਾਦ ਦੇ ਨੇੜਲੇ ਪਿੰਡ ਢਾਣੀ ਨੱਥਾ ਸਿੰਘ ਇਲਾਕੇ 'ਚ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਦੀਸ਼ ਸਿੰਘ ਵਾਸੀ ਲੰਗੇਆਣਾ (ਫਿਰੋਜ਼ਪੁਰ) ਅਤੇ ਗੁਰਸੇਵਕ ਸਿੰਘ ਉਰਫ਼ ਗੁੰਨਾ ਵਾਸੀ ਪਿੰਡ ਬਾਗੀਆਂ, ਸਿੱਧਵਾਂ ਬੇਟ ਵਜੋਂ ਹੋਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀ ਰਜਵੰਤ ਸਿੰਘ ਨੇ ਦੱਸਿਆ ਕਿ ਦੋਸ਼ੀ ਪਾਕਿਸਤਾਨ 'ਚ ਬੈਠੇ ਤਸਕਰਾਂ ਨਾਲ ਸੰਪਰਕ 'ਚ ਸਨ ਅਤੇ ਉਨ੍ਹਾਂ ਵੱਲੋਂ ਡਰੋਨ ਰਾਹੀਂ ਹੈਰੋਇਨ ਮੰਗਵਾਈ ਗਈ ਸੀ। ਜਦੋਂ ਦੋਵੇਂ ਦੋਸ਼ੀ ਇਹ ਨਸ਼ਾ ਲੈ ਕੇ ਪੈਦਲ ਵਾਪਸ ਆ ਰਹੇ ਸਨ, ਤਦ ਪੁਲਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਸ ਨੇ ਦੋਸ਼ੀਆਂ ਦੇ ਖ਼ਿਲਾਫ਼ ਥਾਣਾ (ਐੱਸ. ਐੱਸ. ਓ. ਸੀ.) 'ਚ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਅਦਾਲਤ ਵੱਲੋਂ ਰਿਮਾਂਡ ਮਨਜ਼ੂਰ ਕੀਤਾ ਗਿਆ ਹੈ। ਰਜਵੰਤ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ, ਤਾਂ ਜੋ ਨਸ਼ਾ ਤਸਕਰੀ ਦੇ ਵੱਡੇ ਰੈਕਟ ਦਾ ਪਰਦਾਫਾਸ਼ ਕੀਤਾ ਜਾ ਸਕੇ।
