ਯੂ. ਕੇ.’ਚ ਸਿੱਖ ’ਤੇ ਨਸਲੀ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ
Thursday, Sep 24, 2020 - 09:49 AM (IST)

ਅੰਮ੍ਰਿਤਸਰ (ਦੀਪਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ ਯੂ.ਕੇ. ਵਿਚ ਸਿੱਖ ਟੈਕਸੀ ਡਰਾਈਵਰ ਵਨੀਤ ਸਿੰਘ ’ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ’ਤੇ ਹੁੰਦੇ ਨਫ਼ਰਤੀ ਹਮਲਿਆਂ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਰਾਹੀਂ ਲੋੜੀਂਦੀ ਕਾਰਵਾਈ ਕਰੇ। ਭਾਈ ਲੌਂਗੋਵਾਲ ਨੇ ਕਿਹਾ ਕਿ ਯੂ. ਕੇ. ਵਿਚ ਸਿੱਖ ਟੈਕਸੀ ਡਰਾਈਵਰ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰਨਾ ਅਤੇ ਉਸ ਦੀ ਦਸਤਾਰ ਅਤੇ ਕੇਸਾਂ ਬਾਰੇ ਅਪਸ਼ਬਦ ਬੋਲਣਾ ਬੇਹੱਦ ਮੰਦਭਾਗਾ ਹੈ। ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਅੰਦਰ ਡਰ ਦੀ ਭਾਵਨਾ ਬਣੀ ਹੋਈ ਹੈ। ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਕਈ ਦੇਸ਼ਾਂ ਅੰਦਰ ਸਿੱਖਾਂ ਨੂੰ ਨਸਲੀ ਵਿਤਕਰੇ ਦਾ ਨਿਸ਼ਾਨਾ ਬਣਾਇਆ ਗਿਆ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਭਰਾਰਤੀ ਭਾਈਚਾਰੇ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਸਰਬੱਤ ਦੇ ਭਲੇ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਹਰ ਲੋੜਵੰਦ ਦੀ ਸਹਾਇਤਾ ਲਈ ਤਤਪਰ ਰਹਿੰਦੇ ਹਨ। ਵਿਦੇਸ਼ਾਂ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਸਿੱਖਾਂ ਨੇ ਆਪਣੀ ਸਖਤ ਮਿਹਨਤ ਨਾਲ ਯੋਗਦਾਨ ਪਾਇਆ ਹੈ। ਮਿਹਨਤੀ ਅਤੇ ਲੋੜਵੰਦਾਂ ਦੀ ਮਦਦ ਕਰਨ ਵਾਲੇ ਸਿੱਖਾਂ ਨੂੰ ਨਫ਼ਰਤ ਨਾਲ ਦੇਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਇਸ ਵਰਤਾਰੇ ਨੂੰ ਠੱਲ੍ਹਣ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਦੀ ਭੂਮਿਕਾ ਨੂੰ ਸਹੀ ਦਿਸ਼ਾ ਦੇਣ ਲਈ ਭਾਰਤ ਸਰਕਾਰ ਪਹਿਲਕਦਮੀ ਕਰੇ। ਵਿਦੇਸ਼ ਮੰਤਰਾਲਾ ਇਸ ਸੰਜੀਦਾ ਮਸਲੇ ’ਤੇ ਬਣਦੀ ਜ਼ਿੰਮੇਵਾਰੀ ਨਿਭਾਏ।