ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ ਤਾਏ ਨੇ ਭਤੀਜਾ ਵੱਢਿਆ
Friday, Jul 24, 2026 - 03:55 PM (IST)
ਬਠਿੰਡਾ (ਵਿਜੈ ਵਰਮਾ) : ਬਠਿੰਡਾ ਜ਼ਿਲ੍ਹੇ ਦੇ ਪਿੰਡ ਡਿਖ ਵਿਚ ਜ਼ਮੀਨ ਅਤੇ ਸਿੰਚਾਈ ਲਈ ਪਾਣੀ ਦੀ ਵਾਰੀ ਨੂੰ ਲੈ ਕੇ ਚੱਲ ਰਿਹਾ ਪੁਰਾਣਾ ਪਰਿਵਾਰਕ ਵਿਵਾਦ ਸ਼ੁੱਕਰਵਾਰ ਸਵੇਰੇ ਖੂਨੀ ਟਕਰਾਅ ਵਿਚ ਬਦਲ ਗਿਆ। ਇਸ ਦੌਰਾਨ 24 ਸਾਲਾ ਨੌਜਵਾਨ ਅਕਾਸ਼ਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਹਰਜਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮ੍ਰਿਤਕ ਦੇ ਪਰਿਵਾਰ ਨੇ ਕਥਿਤ ਤੌਰ 'ਤੇ ਉਸ ਦੇ ਸਗੇ ਤਾਏ ਕੁਲਵੰਤ ਸਿੰਘ 'ਤੇ ਕਤਲ ਦਾ ਦੋਸ਼ ਲਗਾਇਆ ਹੈ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵਾਂ ਪਰਿਵਾਰਾਂ ਵਿਚਕਾਰ ਕਾਫੀ ਸਮੇਂ ਤੋਂ ਜ਼ਮੀਨ ਦੀ ਵੰਡ ਅਤੇ ਖੇਤਾਂ ਨੂੰ ਪਾਣੀ ਲਗਾਉਣ ਦੀ ਵਾਰੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸ ਸਬੰਧੀ ਕਈ ਵਾਰ ਪੰਚਾਇਤ ਅਤੇ ਪ੍ਰਸ਼ਾਸਨ ਕੋਲ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਪਰ ਮਸਲੇ ਦਾ ਪੱਕਾ ਹੱਲ ਨਹੀਂ ਨਿਕਲਿਆ। ਇਸ ਕਾਰਨ ਦੋਵਾਂ ਧਿਰਾਂ ਵਿਚਕਾਰ ਤਣਾਅ ਲਗਾਤਾਰ ਬਣਿਆ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
ਸ਼ੁੱਕਰਵਾਰ ਸਵੇਰੇ ਅਕਾਸ਼ਦੀਪ ਸਿੰਘ ਆਪਣੇ ਪਿਤਾ ਹਰਜਿੰਦਰ ਸਿੰਘ ਨਾਲ ਖੇਤਾਂ ਵਿਚ ਪਾਣੀ ਲਗਾਉਣ ਗਿਆ ਹੋਇਆ ਸੀ। ਇਸ ਦੌਰਾਨ ਪਾਣੀ ਦੀ ਵਾਰੀ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ, ਜੋ ਕੁਝ ਹੀ ਪਲਾਂ ਵਿਚ ਹਿੰਸਕ ਝਗੜੇ ਵਿਚ ਬਦਲ ਗਈ। ਪਰਿਵਾਰ ਦਾ ਦੋਸ਼ ਹੈ ਕਿ ਇਸ ਦੌਰਾਨ ਕੁਲਵੰਤ ਸਿੰਘ ਨੇ ਨਲਕੇ ਦੀ ਹੱਥੀ ਨਾਲ ਅਕਾਸ਼ਦੀਪ ਸਿੰਘ ਦੇ ਸਿਰ 'ਤੇ ਲਗਾਤਾਰ ਕਈ ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪਿਤਾ ਹਰਜਿੰਦਰ ਸਿੰਘ ਨੇ ਜਦੋਂ ਉਸ ਦਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਵੀ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਵੀ ਗੰਭੀਰ ਜ਼ਖਮੀ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਦੋਵਾਂ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਰਾਮਪੁਰਾ ਲੈ ਕੇ ਪਹੁੰਚੇ। ਉੱਥੇ ਡਾਕਟਰਾਂ ਨੇ ਅਕਾਸ਼ਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਹਰਜਿੰਦਰ ਸਿੰਘ ਦਾ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬਾਲਿਆਂਵਾਲੀ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਜਾਂਚ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਿੰਡ ਵਾਸੀਆਂ ਅਨੁਸਾਰ ਮ੍ਰਿਤਕ ਅਕਾਸ਼ਦੀਪ ਸਿੰਘ ਦਾ ਵਿਆਹ ਕਰੀਬ ਤਿੰਨ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੀ ਇਕ ਸਾਲ ਦੀ ਮਾਸੂਮ ਧੀ ਹੈ। ਘਰ ਦੇ ਇਕੱਲੇ ਕਮਾਉਂਦੇ ਨੌਜਵਾਨ ਦੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਵਿਚ ਸੋਗ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪਹਿਲਾਂ ਹੀ ਵਿਵਾਦ ਦਾ ਹੱਲ ਕਰਵਾ ਦਿੱਤਾ ਜਾਂਦਾ ਤਾਂ ਸ਼ਾਇਦ ਇਹ ਖੂਨੀ ਘਟਨਾ ਨਾ ਵਾਪਰਦੀ। ਉਧਰ ਪੁਲਸ ਨੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
