''ਪੰਜਾਬ ''ਚ ਮਿਸ਼ਨ ਫਤਿਹ ਤਹਿਤ ਡਾਕਟਰੀ ਟੀਮਾਂ ਦੀ ਵਧੀਆ ਕਾਰਗੁਜ਼ਾਰੀ ਨਾਲ ਮੌਤ ਦਰ ''ਚ ਆਈ ਕਮੀ''

Tuesday, Sep 22, 2020 - 09:38 PM (IST)

''ਪੰਜਾਬ ''ਚ ਮਿਸ਼ਨ ਫਤਿਹ ਤਹਿਤ ਡਾਕਟਰੀ ਟੀਮਾਂ ਦੀ ਵਧੀਆ ਕਾਰਗੁਜ਼ਾਰੀ ਨਾਲ ਮੌਤ ਦਰ ''ਚ ਆਈ ਕਮੀ''

ਸੰਗਰੂਰ,(ਵਿਜੈ ਕੁਮਾਰ ਸਿੰਗਲਾ)- ਕੋਵਿਡ-19 ਦੀ ਮਹਾਂਮਾਰੀ ਨੂੰ ਲੈ ਕੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ 'ਤੇ ਗਲਤ ਅਫਵਾਹਾਂ ਫੈਲਾਉਣ ਵਾਲੇ ਗੈਰ ਸਾਮਾਜਿਕ ਅਨਸਰਾਂ ਖਿਲਾਫ਼ ਸਖ਼ਤ ਕਦਮ ਚੁੱਕਦਿਆਂ ਕੂੜ ਪ੍ਰਚਾਰ ਕਰਨ ਵਾਲੇ ਲੋਕਾਂ ਦੇ 108 ਸੋਸ਼ਲ ਮੀਡੀਆ ਅਕਾਊਂਟ ਬੰਦ ਕਰਵਾ ਕੇ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ ਅਤੇ ਭਵਿੱਖ 'ਚ ਅਜਿਹੇ ਲੋਕਾਂ ਨੂੰ ਹੋਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਅੱਜ ਸਥਾਨਕ ਸਿਵਲ ਹਸਪਤਾਲ ਸੰਗਰੂਰ ਵਿਖੇ ਕੋਵਿਡ-19 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਸਿੱਧੂ ਨੇ ਕੋਵਿਡ-19 ਦੇ ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋ ਪੰਜਾਬ ਅੰਦਰ ਮਿਸ਼ਨ ਫਤਿਹ ਮੁਹਿੰਮ ਤਹਿਤ ਡਾਕਟਰੀ ਟੀਮਾਂ ਦੀ ਵਧੀਆ ਕਾਰਗੁਜ਼ਾਰੀ ਨਾਲ ਮੌਤ ਦਰ ਅੰਦਰ ਕਮੀ ਆਈ ਹੈ ਅਤੇ ਕੋਰੋਨਾ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਵੱਡੀ ਗਿਣਤੀ ਲੋਕਾਂ ਦਾ ਠੀਕ ਹੋਣਾ ਪੰਜਾਬ ਦੇ ਲੋਕਾਂ ਲਈ ਚੰਗਾ ਸੰਕੇਤ ਹੈ ਪਰ ਬਾਵਜੂਦ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੀਆਂ ਸਾਵਧਾਨੀਆਂ ਅਤੇ ਬਚਾਅ ਬਾਰੇ ਸੁਚੇਤ ਰਹਿਣ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਫਵਾਹਾਂ ਨੂੰ ਦਰਕਿਨਾਰ ਕਰਦਿਆਂ ਕੋਰੋਨਾ ਸੈਂਪਲਿੰਗ ਦੀ ਅਹਿਮੀਅਤ ਨੂੰ ਸਮਝਿਆ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਪੱਧਰ 'ਤੇ ਲਏ ਜਾ ਰਹੇ ਨਮੂਨਿਆਂ ਦੇ ਨਤੀਜ਼ੇ ਬਿਹਤਰ ਆ ਰਹੇ ਹਨ।

ਕੈਬਨਿਟ ਮੰਤਰੀ ਸਿੱਧੂ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਹਸਪਤਾਲ ਦੇ ਸਟਾਕ ਅੰਦਰ ਦਵਾਈ ਹੋਣ ਦੀ ਸੂਰਤ 'ਚ ਬਾਹਰ ਦੀ ਦਵਾਈ ਲਿਖਣ ਵਾਲੇ ਡਾਕਟਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕੋਵਿਡ ਮਰੀਜ਼ਾਂ ਨੂੰ ਵੰਡੀਆਂ ਜਾਣ ਵਾਲੀਆਂ ਕਿੱਟਾਂ,  ਔਕਸੀਮੀਟਰ ਅਤੇ ਲੋੜੀਂਦੀਆਂ ਦਵਾਈਆਂ ਆਦਿ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ-ਦੋ ਦਿਨਾਂ 'ਚ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਲਦ ਹੀ ਕਰੀਬ 900 ਡਾਕਟਰਾਂ ਦੀ ਭਰਤੀ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅੰਦਰ ਜਣੇਪੇ ਦੀ ਸੁਵਿਧਾ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।

ਕੈਬਨਿਟ ਮੰਤਰੀ ਨੇ ਇਕ ਹੋਰ ਸਵਾਲ ਦੇ ਜਵਾਬ 'ਚ ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੀਤੇ ਦਿਨੀ ਹੀ ਸ੍ਰੀ ਸਿੰਗਲਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਨਵੀਨੀਕਰਣ ਨੂੰ ਲੈ ਕੇ ਗੱਲਬਾਤ ਕੀਤੀ ਸੀ ਜਿਸਨੂੰ ਅਮਲੀਜਾਮਾ ਪਹਿਨਾਉਣ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ੍ਰੀ ਸਿੱਧੂ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਐਸ.ਐਸ.ਪੀ. ਸ੍ਰੀ ਸੰਦੀਪ ਗਰਗ, ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆ, ਸਿਵਲ ਸਰਜਨ ਡਾ. ਰਾਜ ਕੁਮਾਰ, ਐਸ.ਐਮ.ਓ ਡਾ. ਬਲਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਪ੍ਰਮਿੰਦਰ ਕੌਰ ਸਮੇਤ ਸਿਵਲ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲੇ ਦੀ ਮੌਜੂਦਾ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲਿਆ।
 


author

Deepak Kumar

Content Editor

Related News