ਬੇਰੁਜ਼ਗਾਰ ਅਧਿਆਪਕ 15 ਸਤੰਬਰ ਨੂੰ ਘੇਰਨਗੇ ਸਿੱਖਿਆ ਮੰਤਰੀ ਦੀ ਕੋਠੀ

09/13/2019 7:53:56 PM

ਚੰਡੀਗੜ੍ਹ,(ਭੁੱਲਰ) : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਦਿਆਂ ਭਲਕੇ 15 ਸਤੰਬਰ ਐਤਵਾਰ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ। ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਯੂਨੀਅਨ ਵੱਲੋਂ ਪਹਿਲਾਂ ਹੀ ਸੰਗਰੂਰ ਵਿੱਚ ਪਿਛਲੇ ਹਫ਼ਤੇ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ, ਹੁਣ ਮੰਤਰੀ ਕੋਠੀ ਸਾਹਮਣੇ ਮੁਜ਼ਾਹਰਾ ਕਰਕੇ ਉਹ ਆਪਣੀਆਂ ਮੰਗਾਂ।ਮਨਵਾਉਣ ਲਈ ਸੰਘਰਸ਼ ਤੇਜ਼ ਕਰਨਗੇ। ਜਥੇਬੰਦੀ ਦੀਆਂ ਮੰਗਾਂ ਵਿੱਚ ਰੋਪੜ ਜੇਲ੍ਹ ਭੇਜੇ ਬੇਰੁਜ਼ਗਾਰ ਅਧਿਆਪਕਾਂ ਦੀ ਰਿਹਾਈ, ਕੇਸ ਰੱਦ ਕਰਵਾਉਣ, ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਤੁਰੰਤ ਜਾਰੀ ਕਰਨ, ਮਾਸਟਰ ਕਾਡਰ ਦੀ ਭਰਤੀ ਲਈ ਗ੍ਰੈਜੂਏਸ਼ਨ 'ਚੋਂ 55 ਫੀਸਦੀ ਅੰਕਾਂ ਦੀ ਸ਼ਰਤ ਖ਼ਤਮ ਕਰਕੇ ਨੈਸ਼ਨਲ ਕੌਂਸਲ ਆਫ਼ ਟੀਚਰਜ਼ ਐਜੂਕੇਸ਼ਨ ਦੀਆਂ ਹਦਾਇਤਾਂ ਰਾਹੀਂ ਭਰਤੀ ਕੀਤੇ ਜਾਣ, ਨੌਕਰੀ ਉਡੀਕਦਿਆਂ ਆਪਣੀ ਉਮਰ-ਹੱਦ ਲੰਘਾ ਚੁੱਕੇ ਉਮੀਦਵਾਰਾਂ ਪ੍ਰਤੀ ਵਿਚਾਰ ਕਰਦਿਆਂ ਉਮਰ ਹੱਦ 42 ਸਾਲ ਕੀਤੇ ਜਾਣ ਅਤੇ 2 ਸਾਲ ਐਕਸ਼ਟੈਨਸ਼ਨ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤੁਰੰਤ ਸੇਵਾਮੁਕਤ ਕਰਕੇ ਨਵੇਂ ਉਮੀਦਵਾਰਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀਆਂ ਮੰਗਾਂ ਸ਼ਾਮਲ ਹਨ।