ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਭੰਨਿਆ ਭਾਜਪਾ ਆਗੂ ਦੀ ਗੱਡੀ ਦਾ ਸ਼ੀਸ਼ਾ

Thursday, May 26, 2022 - 04:40 PM (IST)

ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਅਤੇ ਇਲਾਕੇ 'ਚ ਬੇਖੌਫ਼ ਘੁੰਮ ਰਹੇ ਲੁੱਟਾਂ ਖੋਹਾਂ ਕਰਨ ਵਾਲੇ ਅਤੇ ਚੋਰ ਗਿਰੋਹ ਦੀ ਦਹਿਸ਼ਤ ਕਾਰਨ ਆਮ ਲੋਕਾਂ 'ਚ ਭਾਰੀ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੇਰ ਰਾਤ ਇਕ ਸਵਿੱਫਟ ਕਾਰ 'ਚ ਸਵਾਰ ਹੋ ਕੇ ਆਏ ਅਣਪਛਾਤਿਆਂ ਵੱਲੋਂ ਸਥਾਨਕ ਸ਼ਹਿਰ ਦੀ ਬਲਿਆਲ ਰੋਡ ਉੱਪਰ ਭਾਜਪਾ ਆਗੂ ਅਤੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਡਾਇਰੈਕਟਰ ਜੀਵਨ ਗਰਗ ਦੇ ਘਰ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਗੱਡੀ ਦਾ ਸ਼ੀਸ਼ਾ ਭੰਨ ਕੇ ਭੱਜਣ ਦੀ ਜਾਣਕਾਰੀ ਮਿਲੀ ਹੈ। 

ਇਹ ਵੀ ਪੜ੍ਹੋ- ਸੰਗਰੂਰ ਵਿਖੇ ਭਿਆਨਕ ਕਾਰ ਹਾਦਸੇ 'ਚ ਮਾਂ-ਪੁੱਤ ਦੀ ਮੌਤ, ਹਸਪਤਾਲ 'ਚ ਜ਼ਿੰਦਗੀ ਦੀ ਜੰਗ ਲੜ ਰਹੀਆਂ ਪਤਨੀ-ਧੀ

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਡਾਇਰੈਕਟਰ ਜੀਵਨ ਗਰਗ ਨੇ ਦੱਸਿਆ ਕਿ ਰਾਤ ਦੇ ਕਰੀਬ 11:30  ਵਜੇ ਉਹ ਆਪਣੀ ਗੱਡੀ ਆਪਣੇ ਘਰ ਦੇ ਬਾਹਰ ਖੜ੍ਹੀ ਕਰਕੇ ਘਰ ਅੰਦਰ ਚੱਲੇ ਗਏ ਸਨ ਪਰ ਜਦੋਂ ਸਵੇਰੇ ਸਾਢੇ 5:00 ਵਜੇ ਉੱਠੇ ਤਾਂ ਉਨ੍ਹਾਂ ਨੂੰ ਕਿਸੇ ਕਰੀਬੀ ਨੇ ਸੂਚਨਾ ਦਿੱਤੀ ਕਿ ਘਰ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਗੱਡੀ ਦਾ ਸ਼ੀਸ਼ਾ ਭੰਨਿਆ ਹੋਇਆ ਹੈ। ਜਦੋਂ ਉਨ੍ਹਾਂ ਬਾਹਰ ਨਿਕਲ ਕੇ ਦੇਖਿਆ ਤਾਂ ਉਨ੍ਹਾਂ ਦੀ ਗੱਡੀ ਦਾ ਡਰਾਈਵਰ ਸਾਇਡ ਵਾਲਾ ਸ਼ੀਸ਼ਾ ਭੰਨਿਆ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਦੋਸ਼ੀ ਦੀ ਪਛਾਣ ਕਰਨ ਲਈ ਆਪਣੇ ਘਰ ਨਾਲ ਲੱਗਦੀ ਦੁਕਾਨ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਰਿਕਾਰਡਿੰਗ ਦੇਖੀ ਤਾਂ ਪਤਾ ਲੱਗਾ ਕਿ ਰਾਤ ਦੇ ਕਰੀਬ ਡੇਢ ਵਜੇ ਇਕ ਸਵਿਫਟ ਕਾਰ 'ਚ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਆਪਣੀ ਕਾਰ ਉਨ੍ਹਾਂ ਦੇ ਘਰ ਦੇ ਸਾਹਮਣੇ ਖੜ੍ਹੀ ਕੀਤੀ ਜਾਂਦੀ ਹੈ ਅਤੇ ਫਿਰ ਉਨ੍ਹਾਂ 'ਚੋਂ ਇਕ ਵਿਅਕਤੀ ਲੋਹੇ ਦੀ ਰਾਡ ਨਾਲ ਉਨ੍ਹਾਂ ਦੀ ਗੱਡੀ ਦਾ ਸ਼ੀਸ਼ਾ ਤੋੜ ਦਿੰਦਾ ਹੈ ਅਤੇ ਫਿਰ ਆਪਣੀ ਕਾਰ 'ਚ ਸਵਾਰ ਹੋ ਕੇ ਫਰਾਰ ਹੋ ਜਾਂਦੇ ਹਨ।

ਇਹ ਵੀ ਪੜ੍ਹੋ- ਸ਼ੱਕ ਨੇ ਉਜਾੜਿਆ ਪਰਿਵਾਰ, ਪਤਨੀ ਦਾ ਕਤਲ ਕਰਨ ਤੋਂ ਬਾਅਦ ਪਤੀ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਸ਼ੱਕ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਗੱਡੀ ਨੂੰ ਚੋਰੀ ਕਰਨ ਦੀ ਨੀਅਤ ਨਾਲ ਜਾਂ ਫਿਰ ਕਿਸੇ ਵੱਲੋਂ ਉਨ੍ਹਾਂ ਨਾਲ ਰੰਜਿਸ਼ ਦੇ ਚਲਦਿਆਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਜੀਵਨ ਗਰਗ ਨੇ ਦੱਸਿਆ ਕਿ ਦਿੱਲੀ ਵਿਖੇ ਚੱਲੇ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਉਪਰ ਕਈ ਵਾਰ ਹਮਲਾ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸੰਬੰਧੀ ਸਥਾਨਕ ਪੁਲਸ ਦੇ ਨਾਲ-ਨਾਲ ਜ਼ਿਲ੍ਹਾ ਪੁਲਸ ਮੁੱਖੀ ਅਤੇ ਸੂਬੇ ਦੇ ਉੱਚ ਪੁਲਸ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੰਗ ਕੀਤੀ ਹੈ ਕਿ ਸ਼ਹਿਰ ਦੇ ਵਿੱਚ ਬੇਖੌਫ਼ ਘੁੰਮ ਰਹੇ ਚੋਰ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਨੂੰ ਤੁਰੰਤ ਕਾਬੂ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸ਼ਹਿਰ ਦੇ ਵਿੱਚ ਲਗਾਤਾਰ ਹੋ ਰਹੀਆਂ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਸਬੰਧੀ ਪੁਲਸ ਪ੍ਰਸ਼ਾਸਨ ਨੇ ਜਲਦ ਕੋਈ ਸਖ਼ਤ ਕਦਮ ਨਾ ਚੁੱਕੇ ਤਾਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਉਪਰ ਤਿੱਖਾ ਰੋਸ ਧਰਨਾ ਸ਼ੁਰੂ ਕੀਤਾ ਜਾਵੇਗਾ। 

ਨੋਟ- ਇਹ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News