ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਵਧੀ, ਮਾਪਿਆਂ ''ਤੇ ਦਬਾਅ ਪਾ ਕੇ ਵੇਚੀਆਂ ਜਾਂਦੀਆਂ ਵਰਦੀਆਂ ਤੇ ਕਿਤਾਬਾਂ
Saturday, Mar 30, 2024 - 11:08 AM (IST)
ਅੰਮ੍ਰਿਤਸਰ (ਦਲਜੀਤ)- ਪੰਜਾਬ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਜ਼ਿਲ੍ਹੇ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲ ਕਿਤਾਬਾਂ ਅਤੇ ਵਰਦੀਆਂ ਦੀ ਸ਼ਰੇਆਮ ਵਿਕਰੀ ਕਰ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਉਕਤ ਸਕੂਲਾਂ ਦੀਆਂ ਮਨਮਾਨੀਆਂ ਕਾਰਨ ਮਾਪੇ ਮਜ਼ਬੂਰ ਹੋ ਕੇ ਪ੍ਰਿੰਟ ਰੇਟਾਂ ’ਤੇ ਕਿਤਾਬਾਂ ਅਤੇ ਵਰਦੀਆਂ ਖਰੀਦ ਰਹੇ ਹਨ। ਮਾਪਿਆਂ ਵੱਲੋਂ ਅਧਿਕਾਰੀਆਂ ਨੂੰ ਜ਼ੁਬਾਨੀ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਇਸ ਸਕੈਂਡਲ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।
ਜਾਣਕਾਰੀ ਅਨੁਸਾਰ ਸੀ. ਬੀ. ਐੱਸ. ਈ., ਆਈ. ਸੀ. ਆਈ. ਸੀ., ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਹੋਰ ਬੋਰਡਾਂ ਨਾਲ ਸਬੰਧਤ ਸਕੂਲਾਂ ਵਿਚ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਗਿਆ ਹੈ। ਨਵੇਂ ਸੈਸ਼ਨ ਦਾ ਲਾਹਾ ਲੈਂਦਿਆਂ ਜ਼ਿਲ੍ਹੇ ਦੇ ਜ਼ਿਆਦਾਤਰ ਸਕੂਲ ਮਾਪਿਆਂ ਦੀਆਂ ਜੇਬਾਂ ’ਤੇ ਡਾਕਾ ਮਾਰਦੇ ਹੋਏ ਆਪਣਾ ਖਜ਼ਾਨਾ ਭਰ ਰਹੇ ਹਨ। ਸਿੱਖਿਆ ਦੇ ਵਪਾਰੀਕਰਨ ਕਾਰਨ ਸਿੱਖਿਆ ਦਾ ਪੱਧਰ ਹੇਠਾਂ ਜਾ ਰਿਹਾ ਹੈ ਅਤੇ ਵਪਾਰ ਵੱਧਦਾ ਜਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਪੱਤਰ ਜਾਰੀ ਕਰ ਕੇ ਸਕੂਲ ਕੰਪਲੈਕਸਾਂ ਵਿਚ ਕਿਤਾਬਾਂ ਅਤੇ ਵਰਦੀਆਂ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ ਪਰ ਇਸ ਦੇ ਬਾਵਜੂਦ ਜ਼ਿਆਦਾਤਰ ਸਕੂਲ ਵਿਭਾਗ ਦੀਆਂ ਹਦਾਇਤਾਂ ਨੂੰ ਛਿੱਕੇ ’ਤੇ ਟੰਗ ਕੇ ਕਿਤਾਬਾਂ ਅਤੇ ਵਰਦੀਆਂ ਦੀ ਵਿਕਰੀ ਕਰ ਰਹੇ ਹਨ।
ਇਹ ਵੀ ਪੜ੍ਹੋ : ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਵਧੀ, ਮਾਪਿਆਂ 'ਤੇ ਦਬਾਅ ਪਾ ਕੇ ਵੇਚੀਆਂ ਜਾਂਦੀਆਂ ਵਰਦੀਆਂ ਤੇ ਕਿਤਾਬਾਂ
ਜ਼ਿਲ੍ਹੇ ਦੇ ਸੀ. ਬੀ. ਐੱਸ. ਈ. ਅਤੇ ਆਈ. ਸੀ. ਆਈ. ਸੀ. ਨਾਲ ਸਬੰਧਤ ਜ਼ਿਆਦਾਤਰ ਸਕੂਲ ਅਜਿਹੇ ਹਨ, ਜੋ ਸਰਕਾਰ ਨੂੰ ਵੀ ਅੱਖਾਂ ਦਿਖਾਉਂਦੇ ਹਨ ਅਤੇ ਆਪਣੀਆਂ ਮਨਮਰਜ਼ੀਆਂ ਕਰਦੇ ਹੋਏ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹਨ। ਮਾਪੇ ਅਜਿਹੇ ਸਕੂਲਾਂ ਦੀਆਂ ਮਨਮਰਜ਼ੀਆਂ ਕਾਰਨ ਕਾਫੀ ਪ੍ਰੇਸ਼ਾਨ ਹਨ। ਲੋਹਾਰਕਾ ਰੋਡ, ਫਤਿਹਗੜ੍ਹ ਚੂੜੀਆਂ ਰੋਡ, ਲਾਰੈਂਸ ਰੋਡ, ਮਜੀਠਾ ਰੋਡ ਆਦਿ ਇਲਾਕਿਆਂ ਦੇ ਨੇੜੇ ਕਈ ਸਕੂਲ ਅਜਿਹੇ ਹਨ, ਜੋ ਸਕੂਲ ਕੰਪਲੈਕਸ ਵਿਚ ਹੀ ਕਿਤਾਬਾਂ ਅਤੇ ਵਰਦੀਆਂ ਵੇਚ ਰਹੇ ਹਨ। ਸਕੂਲਾਂ ਦੀ ਮਨਮਾਨੀਆਂ ਕਾਰਨ ਮਾਪੇ ਨਾ ਚਾਹੁੰਦੇ ਹੋਏ ਵੀ ਉਨ੍ਹਾਂ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦ ਰਹੇ ਹਨ। ਮਾਪਿਆਂ ਦਾ ਕਹਿਣਾ ਹੈ ਕਿ ਜੇਕਰ ਉਹ ਸਕੂਲ ਵਾਲਿਆਂ ਨੂੰ ਕਹਿੰਦੇ ਹਨ ਕਿ ਉਹ ਬਾਹਰੋਂ ਕਿਤਾਬਾਂ ਅਤੇ ਵਰਦੀਆਂ ਖਰੀਦ ਲੈਣਗੇ ਤਾਂ ਉਨ੍ਹਾਂ ਦਾ ਜਵਾਬ ਹੁੰਦਾ ਹੈ ਸਕੂਲ ਤੋਂ ਕਿਤਾਬਾਂ ਲਓ ਨਹੀਂ ਤਾਂ ਆਪਣੇ ਬੱਚਿਆਂ ਨੂੰ ਹਟਾ ਲਓ। ਜ਼ਿਆਦਾਤਰ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡਰ ਹੈ ਕਿ ਸਕੂਲ ਵਾਲੇ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖ਼ਰਾਬ ਕਰ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਕਿਤਾਬਾਂ ਅਤੇ ਵਰਦੀਆਂ ਖਰੀਦਣੀਆਂ ਪੈ ਰਹੀਆਂ ਹਨ।
ਨਿਯਮਾਂ ਅਨੁਸਾਰ 3 ਸਾਲਾਂ ਤੱਕ ਨਹੀਂ ਬਦਲੀ ਜਾ ਸਕਦੀ ਯੂਨੀਫਾਰਮ
ਸੂਤਰਾਂ ਦਾ ਕਹਿਣਾ ਹੈ ਕਿ ਲੋਹਾਰਕਾ ਰੋਡ ’ਤੇ ਇਕ ਪ੍ਰਾਈਵੇਟ ਸਕੂਲ ਹੈ ਜੋ ਸਿੱਖਿਆ ਵਿਭਾਗ ਦੇ ਨਿਯਮਾਂ ਨੂੰ ਛਿੱਕੇ ਟੰਗ ਰਿਹਾ ਹੈ। ਵਿਭਾਗ ਵੱਲੋਂ ਨਿਯਮ ਬਣਾਏ ਗਏ ਹਨ ਕਿ ਕੋਈ ਵੀ ਸਕੂਲ ਤਿੰਨ ਸਾਲ ਤੱਕ ਵਰਦੀ ਨਹੀਂ ਬਦਲ ਸਕਦਾ ਪਰ ਇਹ ਸਕੂਲ ਅਜਿਹਾ ਹੈ ਕਿ ਇਸ ਵਲੋਂ 1 ਸਾਲ ਬਾਅਦ ਹੀ ਸਕੂਲ ਦੀ ਵਰਦੀ ਬਦਲਾਅ ਦਿੱਤੀ ਜਾਂਦੀ ਹੈ ਅਤੇ ਮਾਪਿਆਂ ਨੂੰ ਖਾਸ ਇਕ ਦੁਕਾਨ ਦੀ ਗੱਲ ਕਰ ਕੇ ਉਥੋਂ ਵਰਦੀ ਖਰੀਦਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਵਿਭਾਗ ਨੂੰ ਵੀ ਇਸ ਮਾਮਲੇ ਦੀ ਭਿਣਕ ਹੈ ਪਰ ਅਜੇ ਤੱਕ ਇਸ ਮਾਮਲੇ ਵਿਚ ਕੋਈ ਵੀ ਕਾਰਵਾਈ ਨਹੀਂ ਹੋਈ ਹੈ।
ਇਹ ਵੀ ਪੜ੍ਹੋ : SGPC ਨੇ ਜਰਨਲ ਇਜਲਾਸ 'ਚ ਪਾਸ ਕੀਤੇ ਸ਼ੋਕ ਮਤੇ, ਬੇਅਦਬੀ ਮਾਮਲੇ 'ਚ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਮੰਗ
ਅਧਿਕਾਰੀ ਬਿਨ੍ਹਾਂ ਲਿਖਤੀ ਸ਼ਿਕਾਇਤ ਤੋਂ ਨਹੀਂ ਕਰਦੇ ਕਾਰਵਾਈ
ਸਮਾਜ ਸੇਵੀ ਜੈ ਗੋਪਾਲ ਲਾਲੀ ਅਤੇ ਰਜਿੰਦਰਾ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿਚ ਧੜੱਲੇ ਨਾਲ ਕਿਤਾਬਾਂ ਅਤੇ ਵਰਦੀਆਂ ਦੇ ਨਾਂ ’ਤੇ ਗੋਰਖ ਧੰਦਾ ਕੀਤਾ ਜਾ ਰਿਹਾ ਹੈ। ਉਕਤ ਧੰਦੇ ਖਿਲਾਫ ਉਹ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਮਿਲਣ ਵੀ ਗਏ ਸਨ ਪਰ ਉਹ ਆਪਣੇ ਦਫਤਰ ਵਿਚ ਮਿਲਦੇ ਹੀ ਨਹੀਂ। ਮੋਬਾਈਲ ’ਤੇ ਕਈ ਵਾਰ ਗੱਲਬਾਤ ਹੋਈ ਪਰ ਅਧਿਕਾਰੀਆਂ ਨੇ ਕਿਹਾ ਕਿ ਤੁਸੀਂ ਠੀਕ ਹੋ ਪਰ ਲਿਖਤੀ ਸ਼ਿਕਾਇਤ ਆਉਣ ’ਤੇ ਕਾਰਵਾਈ ਕੀਤੀ ਜਾਵੇਗੀ। ਲਾਲੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀ ਨੂੰ ਕਿਹਾ ਕਿ ਤੁਹਾਨੂੰ ਸਭ ਪਤਾ ਹੈ, ਕਿੱਥੇ ਕੀ ਕੁਝ ਹੋ ਰਿਹਾ ਹੈ, ਤੁਹਾਡੇ ਕੋਲ ਸਾਰਾ ਸਟਾਫ ਹੈ, ਫਿਰ ਵੀ ਤੁਸੀਂ ਕਾਰਵਾਈ ਕਿਉਂ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਪਿੱਛਾ ਛੁਡਵਾਉਣ ਲਈ ਅਧਿਕਾਰੀ ਨੇ ਕਿਹਾ ਕਿ ਮੈਂ ਦੇਖਦਾ ਹਾਂ। ਉਨ੍ਹਾਂ ਕਿਹਾ ਕਿ ਇਸ ਧੰਦੇ ਵਿਚ ਉੱਚ ਸਿੱਖਿਆ ਅਧਿਕਾਰੀ ਵੀ ਸ਼ਾਮਲ ਹਨ, ਜਿਸ ਕਰ ਕੇ ਉਹ ਕਾਰਵਾਈ ਨਹੀਂ ਕਰਦੇ।
ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਵਧੀ
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਿੱਖਿਆ ਅਤੇ ਸਿਹਤ ਸੇਵਾਵਾਂ ਵਿਚ ਸੁਧਾਰ ਕਰਨ ਦੀ ਗੱਲ ਕੀਤੀ ਸੀ ਪਰ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਵਧਣ ਦੀ ਬਜਾਏ ਆਪਣੇ ਸਕੂਲਾਂ ਦੇ ਕੰਪਲੈਕਸਾਂ ਵਿਚ ਵਰਦੀਆਂ ਅਤੇ ਕਿਤਾਬਾਂ ਵੇਚ ਕੇ ਮਾਪਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਜ਼ਿਆਦਾਤਰ ਸਕੂਲ ਸਿੱਖਿਆ ਦੇ ਨਾਂ ’ਤੇ ਵਪਾਰ ਕਰ ਰਹੇ ਹਨ, ਸਕੂਲਾਂ ਦੀ ਮਾਨਤਾ ਲੈਣ ਲਈ ਸਰਕਾਰ ਵੱਲੋਂ ਕਮੇਟੀਆਂ ਨੂੰ ਰਜਿਸਟਰਡ ਕੀਤਾ ਜਾਂਦਾ ਹੈ, ਉਸ ਵਿਚ ਕਮੇਟੀਆਂ ਵਲੋਂ ਕਿਹਾ ਜਾਂਦਾ ਹੈ ਕਿ ਉਹ ਬਿਨ੍ਹਾਂ ਕਿਸੇ ਸਵਾਰਥ ਤੋਂ ਸਿੱਖਿਆ ਦਾ ਪ੍ਰਚਾਰ ਕਰਨਗੇ, ਪਰ ਹੁਣ ਇਹੋ ਜਿਹੀ ਸਥਿਤੀ ਪੈਦਾ ਹੋ ਗਈ ਹੈ ਕਿ ਸਿੱਖਿਆ ਵਪਾਰ ਬਣ ਗਈ ਹੈ ਅਤੇ ਸਕੂਲ ਵਪਾਰ ਕਰ ਰਹੇ ਹਨ, ਜਦਕਿ ਸਿੱਖਿਆ ਦਾ ਪ੍ਰਸਾਰ ਘੱਟ ਰਿਹਾ ਹੈ। ਕਈ ਸਕੂਲਾਂ ਦੀਆਂ ਸ਼ਿਕਾਇਤਾਂ ਵਿਭਾਗ ਕੋਲ ਜਾਂਦੀਆਂ ਹਨ, ਪਰ ਉਹ ਠੰਡੇ ਬਸਤੇ ਵਿਚ ਪਾ ਦਿੱਤੀਆਂ ਜਾਂਦੀਆਂ ਹਨ। ਅਧਿਕਾਰੀਆਂ ਦੀ ਅਣਗਹਿਲੀ ਕਾਰਨ ਸਿੱਖਿਆ ਦਾ ਵਪਾਰੀਕਰਨ ਹੋ ਰਿਹਾ ਹੈ ਅਤੇ ਮਾਪਿਆਂ ਦਾ ਖੂਨ ਚੂਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : SGPC ਵਲੋਂ ਸਾਲ 2024-25 ਲਈ 12 ਅਰਬ 60 ਕਰੋੜ ਤੋਂ ਵੱਧ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
ਜ਼ਿਲ੍ਹੇ ਦੇ ਜ਼ਿਆਦਾਤਰ ਸਕੂਲ ਅਜਿਹੇ ਹਨ, ਜਿਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਹੈ, ਉਹ ਕਿਸੇ ਤੋਂ ਡਰਦੇ ਨਹੀਂ ਹਨ। ਕਈ ਸਕੂਲ ਆਈ. ਏ. ਐੱਸ. ਅਤੇ ਆਈ. ਪੀ. ਐੱਸ. ਅਧਿਕਾਰੀਆਂ ਦੇ ਸੰਪਰਕ ਵਿਚ ਹਨ, ਜਦੋਂ ਵੀ ਸਕੂਲ ਵਿਚ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਉਹ ਉਕਤ ਅਧਿਕਾਰੀਆਂ ਨੂੰ ਬੁਲਾਇਆ ਜਾਂਦਾ ਹੈ ਤਾਂ ਜੋ ਮਾਪਿਆਂ ’ਤੇ ਦਬਾਅ ਪਾਇਆ ਜਾ ਸਕੇ ਕਿ ਅਜਿਹੇ ਅਧਿਕਾਰੀ ਉਨ੍ਹਾਂ ਦੇ ਸੰਪਰਕ ਵਿਚ ਹਨ। ਇਨ੍ਹਾਂ ਸਕੂਲਾਂ ਵਿੱਚ ਜੇਕਰ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਉਸ ’ਤੇ ਕਾਰਵਾਈ ਕਰਨ ਦੀ ਬਜਾਏ ਉਸ ਵਿਚ ਸੁਧਾਰ ਕਰਵਾ ਲਿਆ ਜਾਂਦਾ ਹੈ ਜਾਂ ਗਲਤੀ ਨੂੰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ।
ਨਿਯਮਾਂ ਦੀ ਪਾਲਣਾ ਕਰਨ ਲਈ ਬਣਾਈ ਟੀਮ , ਸਕੂਲਾਂ ਦੀ ਕੀਤੀ ਜਾ ਰਹੀ ਹੈ ਜਾਂਚ
ਇਸ ਸਬੰਧੀ ਜਦੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਟੀਮ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮਾਤਾ-ਪਿਤਾ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਵਿਭਾਗ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਅਤੇ ਸਬੰਧਤ ਸਕੂਲ ਦੀ ਜਾਂਚ ਕਰਵਾਈ ਜਾਵੇ, ਜੇਕਰ ਉਹ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ’ਤੇ ਕਾਰਵਾਈ ਕੀਤੀ ਜਾਂਦੀ ਹੈ, ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜੇਕਰ ਕੋਈ ਮਾਪੇ ਉਨ੍ਹਾਂ ਨੂੰ ਜ਼ੁਬਾਨੀ ਸ਼ਿਕਾਇਤ ਕਰਦਾ ਹੈ ਤਾਂ ਉਨ੍ਹਾਂ ਕਿਹਾ ਕਿ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਐਡਵੋਕੇਟ ਧਾਮੀ ਨੇ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਬਾਬਾ ਤਰਸੇਮ ਸਿੰਘ ਦੇ ਕਤਲ ’ਤੇ ਕੀਤਾ ਦੁੱਖ ਪ੍ਰਗਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8