ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ : ਹਰਭਜਨ ਸਿੰਘ

Tuesday, Jun 14, 2022 - 07:46 PM (IST)

ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ : ਹਰਭਜਨ ਸਿੰਘ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਿਤ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਵਚਨਬੱਧਤਾ ਦੇ ਚੱਲਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਹਰ ਰੋਜ਼ ਅੱਠ ਘੰਟੇ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਸੂਬੇ ’ਚ ਝੋਨੇ ਦੀ ਨਿਰਵਿਘਨ ਬੀਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਅੱਜ ਝੋਨੇ ਦੀ ਬੀਜਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਪੀ. ਐੱਸ. ਪੀ. ਸੀ. ਐੱਲ. ਵੱਲੋਂ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐੱਸ. ਬੀ. ਐੱਸ. ਨਗਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐੱਸ. ਏ. ਐੱਸ. ਨਗਰ ਜ਼ਿਲ੍ਹਿਆਂ ’ਚ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਹੀ ਦਿਨ ਪੀ.ਐੱਸ.ਪੀ.ਸੀ.ਐੱਲ. ਨੇ 12008 ਮੈਗਾਵਾਟ ਦੀ ਵੱਧ ਤੋਂ ਵੱਧ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ 10 ਜੂਨ, 2022 ਤੋਂ ਕੰਡਿਆਲੀ ਤਾਰ ਦੇ ਪਾਰ ਸਰਹੱਦੀ ਖੇਤਰ ’ਚ ਪਹਿਲਾਂ ਹੀ ਅੱਠ ਘੰਟੇ ਰੋਜ਼ਾਨਾ ਨਿਯਮਿਤ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ 10669 ਮੈਗਾਵਾਟ ਦੇ ਮੁਕਾਬਲੇ 13.06.2022 ਨੂੰ 11485 ਮੈਗਾਵਾਟ ਦੀ ਵੱਧ ਤੋਂ ਵੱਧ ਮੰਗ ਪੂਰੀ ਕੀਤੀ ਗਈ। 13 ਜੂਨ ਨੂੰ ਕੁਲ 2413 ਲੱਖ ਯੂਨਿਟਾਂ ਦੀ ਸਪਲਾਈ ਕੀਤੀ ਗਈ ਸੀ, ਜੋ 13.06.2021 ਨੂੰ ਸਪਲਾਈ ਕੀਤੀਆਂ ਗਈਆਂ 2042 ਲੱਖ ਯੂਨਿਟਾਂ ਨਾਲੋਂ 18 ਫੀਸਦੀ ਵੱਧ ਹੈ।

ਇਹ ਵੀ ਪੜ੍ਹੋ : ਸਿੱਖਾਂ ਨੂੰ ਲੈ ਕੇ ਕੀਤੀ ਵਿਵਾਦਿਤ ਟਿੱਪਣੀ ’ਤੇ ਬੁਰੀ ਤਰ੍ਹਾਂ ਘਿਰੀ ਕਿਰਨ ਬੇਦੀ, ਰਾਜਾ ਵੜਿੰਗ ਨੇ ਚੁੱਕੇ ਸਵਾਲ

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਤਾਪਮਾਨ ’ਚ ਭਾਰੀ ਵਾਧਾ ਹੋਣ ਕਾਰਨ ਬਿਜਲੀ ਦੀ ਮੰਗ ਕਾਫ਼ੀ ਵਧੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ. ਨੇ ਅਪ੍ਰੈਲ ਅਤੇ ਮਈ 2021 ਨਾਲੋਂ ਕ੍ਰਮਵਾਰ ਅਪ੍ਰੈਲ ਅਤੇ ਮਈ 2022 ਦੌਰਾਨ 33 ਫੀਸਦੀ ਅਤੇ 36 ਫੀਸਦੀ ਵੱਧ ਬਿਜਲੀ ਸਪਲਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਜੂਨ 2022 ’ਚ ਬਿਜਲੀ ਦੀ ਇਹ ਅਸਾਧਾਰਨ ਮੰਗ ਨਿਰੰਤਰ ਜਾਰੀ ਹੈ ਅਤੇ ਜੂਨ 2021 ਦੇ ਮੁਕਾਬਲੇ ਇਸ ਸਾਲ 22 ਫੀਸਦੀ ਵੱਧ ਬਿਜਲੀ ਸਪਲਾਈ ਕੀਤੀ ਗਈ ਹੈ ਅਤੇ ਖਪਤਕਾਰਾਂ ਦੀ ਕਿਸੇ ਵੀ ਸ਼੍ਰੇਣੀ ’ਤੇ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾ ਰਿਹਾ ਹੈ ਅਤੇ ਖੇਤੀਬਾੜੀ ਪੰਪਸੈੱਟਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਸਪਲਾਈ ਦਿੱਤੀ ਜਾ ਰਹੀ ਹੈ।
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਏ. ਪੀ. ਖਪਤਕਾਰਾਂ ਲਈ 4750/- ਰੁਪਏ ਪ੍ਰਤੀ ਬੀ.ਐੱਚ.ਪੀ. ਦੀਆਂ ਮੌਜੂਦਾ ਦਰਾਂ ਦੇ ਮੁਕਾਬਲੇ 2500/- ਰੁਪਏ ਪ੍ਰਤੀ ਬੀ. ਐੱਚ. ਪੀ. ਦੇ ਘਟੇ ਹੋਏ ਸੇਵਾ ਕੁਨੈਕਸ਼ਨ ਚਾਰਜ ਦੇ ਹਿਸਾਬ ਨਾਲ ਵੀ. ਡੀ. ਐੱਸ. ਦੀ ਪ੍ਰਗਤੀ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ 4417 ਖਪਤਕਾਰਾਂ ਨੇ 16961  ਬੀਐਚਪੀ ਦਾ ਲੋਡ  ਵਧਾਉਣ ਲਈ ਬੇਨਤੀਆਂ ਦਿੱਤੀਆਂ ਹਨ।

ਜ਼ਿਕਰਯੋਗ ਹੈ ਕਿ ਪੀ. ਐੱਸ. ਪੀ. ਸੀ. ਐੱਲ. ਨੇ ਇਸ ਲੋਡ ਨੂੰ ਵਧਾਉਣ ਲਈ ਟਰਾਂਸਫਾਰਮਰਾਂ ਅਤੇ ਲਾਈਨਾਂ ਆਦਿ ਨੂੰ ਬਦਲਣ ਦਾ ਕੰਮ ਕੀਤਾ ਹੈ ਤਾਂ ਜੋ ਝੋਨੇ ਦੇ ਸੀਜ਼ਨ ਦੌਰਾਨ ਲੋੜੀਂਦੀ ਸਪਲਾਈ ਦਿੱਤੀ ਜਾ ਸਕੇ। ਮੰਤਰੀ ਨੇ ਅੱਗੇ ਦੱਸਿਆ ਕਿ ਤਲਵੰਡੀ ਅਤੇ ਲਹਿਰਾ ਮੁਹੱਬਤ ਵਿਖੇ ਇਕ-ਇਕ ਯੂਨਿਟ ਨੂੰ ਛੱਡ ਕੇ ਸਾਰੇ ਥਰਮਲ ਯੂਨਿਟ ਚੱਲ ਰਹੇ ਹਨ। ਤਲਵੰਡੀ ਵਿਖੇ ਤੀਜਾ ਯੂਨਿਟ ਕੱਲ੍ਹ ਤੋਂ ਬਿਜਲੀ ਪੈਦਾ ਕਰਨਾ ਸ਼ੁਰੂ ਕਰ ਦੇਵੇਗਾ। ਦੱਸਣਯੋਗ ਹੈ ਕਿ ਪੀ.ਐੱਸ.ਪੀ.ਸੀ.ਐੱਲ. ਨੂੰ ਝੋਨੇ ਦੇ ਸੀਜ਼ਨ ਦੌਰਾਨ ਸੂਬੇ ’ਚ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।


author

Manoj

Content Editor

Related News