ਕਿਸਾਨਾਂ ’ਤੇ ਜ਼ੁਲਮ ਕਰ ਰਹੀ ਹੈ ਕੇਂਦਰ ਸਰਕਾਰ : ਹਰਸਿਮਰਤ

Monday, Dec 14, 2020 - 01:44 AM (IST)

ਅੰਮ੍ਰਿਤਸਰ, (ਸਰਬਜੀਤ)- ਦਿੱਲੀ ਬਾਰਡਰ ’ਤੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨ ਕਈ ਦਿਨਾਂ ਤੋਂ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰੇ ਹੋਏ ਹਨ ਅਤੇ ਇਸ ਲੰਮੇ ਸੰਘਰਸ਼ ਵਿਚ 18 ਤੋਂ 20 ਕਿਸਾਨ ਸ਼ਹੀਦ ਵੀ ਹੋ ਗਏ ਹਨ ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਦੇਸ਼ ਦਾ ਅੰਨਦਾਤਾ ਕਿਸਾਨ ਆਪਣੇ ਹੱਕਾਂ ਦੀ ਲੜਾਈ ਸਬੰਧੀ ਸਰਕਾਰ ਕੋਲ ਪਹੁੰਚਣਾ ਚਾਹੁੰਦਾ ਹੈ ਪਰ ਭਾਰੀ ਪੁਲਸ ਫੋਰਸ ਅਤੇ ਫੌਜ ਦੇ ਜਵਾਨ ਲਾ ਕੇ ਅਤੇ ਪਾਣੀ ਦੀਆਂ ਵਾਛੜਾਂ ਮਾਰ ਕੇ ਉਨ੍ਹਾਂ ਨੂੰ ਰੋਕਣ ਦਾ ਯਤਨ ਸਰਕਾਰ ਵੱਲੋਂ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤਾ। ਉਹ ਸ਼੍ਰੋਮਣੀ ਅਕਾਲੀ ਦਲ ਦੇ 14 ਦਸੰਬਰ ਨੂੰ ਆ ਰਹੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁ. ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਦੂਸਰੇ ਦਿਨ ਸੇਵਾ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਜਿਵੇਂ ਆਪਣੇ ਸਮੇਂ ਵਿਚ ਇੰਦਰਾ ਗਾਂਧੀ ਨੇ ਸਿੱਖਾਂ ਅਤੇ ਪੰਜਾਬੀਆਂ ’ਤੇ ਜ਼ੁਲਮ ਕੀਤੇ ਸਨ, ਉਸੇ ਰਾਹ ’ਤੇ ਹੁਣ ਕੇਂਦਰ ਸਰਕਾਰ ਚੱਲ ਰਹੀ ਹੈ। ਸੂਬੇ ਦੀ ਕਾਂਗਰਸ ਸਰਕਾਰ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਆਖਿਆ ਕਿ ਲੋਕਾਂ ਦੀਆਂ ਮੰਗਾਂ ਸਰਕਾਰ ਤਕ ਪਹੁੰਚਾਉਣ ਦਾ ਕੰਮ ਜਨਤਾ ਵੱਲੋਂ ਚੁਣੇ ਨੁਮਾਇੰਦਿਆਂ ਦਾ ਹੈ ਪਰ ਇੱਥੇ ਸੂਬਾ ਸਰਕਾਰ ਕੇਂਦਰ ਦੇ ਦਬਾਅ ਹੇਠ ਚੁੱਪਚਾਪ ਤਮਾਸ਼ਾ ਵੇਖ ਰਹੀ ਹੈ।


Bharat Thapa

Content Editor

Related News