ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਪੰਜਾਬ ਨੂੰ ਦੇਵੇ 20 ਹਜ਼ਾਰ ਕਰੋੜ ਦਾ ਰਾਹਤ ਪੈਕੇਜ : ਜਿੰਦਾ

04/07/2020 12:04:54 AM

ਜ਼ੀਰਾ,(ਅਕਾਲੀਆਂਵਾਲਾ)– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦਾ ਜੀ. ਐੱਸ. ਟੀ. ਦਾ ਜੋ ਬਕਾਇਆ ਹੈ, ਉਹ ਤੁਰੰਤ ਜਾਰੀ ਕਰ ਦੇਣਾ ਚਾਹੀਦਾ ਹੈ ਕਿਉਂਕਿ ਪੰਜਾਬ ਇਸ ਸਮੇਂ ਸੰਕਟ ਦੀ ਘੜੀ ’ਚੋਂ ਲੰਘ ਰਿਹਾ ਹੈ। ਇਸ ਦੇ ਨਾਲ ਹੀ 20 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਪੰਜਾਬ ਲਈ ਜਾਰੀ ਕਰਨਾ ਚਾਹੀਦਾ ਹੈ। ਜੇਕਰ ਮੋਦੀ ਸਰਕਾਰ ਅਜਿਹਾ ਫੈਸਲਾ ਨਹੀਂ ਲੈਂਦੀ ਤਾਂ ਇਹ ਸਮਝ ਲਿਆ ਜਾਵੇਗਾ ਕਿ ਮੋਦੀ ਸਰਕਾਰ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਸੰਜੀਦਾ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਉੱਘੇ ਸਮਾਜ-ਸੇਵੀ ਰਜਿੰਦਰ ਸਿੰਘ ਜਿੰਦਾ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੋਰੋਨਾ ਵਾਇਰਸ ਦੀ ਆਫਤ ਨੂੰ ਲੈ ਕੇ ਪੰਜਾਬ ’ਚ ਜਿਥੇ ਅਹਿਮ ਜ਼ਿੰਮੇਵਾਰੀ ਨਿਭਾਅ ਰਹੇ ਹਨ, ਉਥੇ ਪੰਜਾਬ ਦਾ ਪੁਲਸ ਵਿਭਾਗ ਵੀ ਫਿਕਰਮੰਦੀ ਨਾਲ ਡਿਊਟੀ ਨਿਭਾਅ ਰਿਹਾ ਹੈ। ਸ਼ਾਇਦ ਇਸੇ ਹੀ ਕਰ ਕੇ ਪੁਲਸ ਵਿਭਾਗ ਨੇ ਈਮਾਨਦਾਰੀ ਨਾਲ ਡਿਊਟੀ ਨਿਭਾਉਣ ਵਾਲੇ ਪੁਲਸ ਅਫਸਰਾਂ ਨੂੰ ਵਿਸ਼ੇਸ਼ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ’ਚ ਸਿਹਤ ਸਹੂਲਤਾਂ ਬਿਹਤਰ ਬਣਾਉਣ ਲਈ ਤੁਰੰਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਸਰਕਾਰ ਮੌਜੂਦਾ ਹਾਲਾਤ ਨਾਲ ਨਿਪਟ ਸਕੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਸ ਗੱਲ ਦਾ ਪ੍ਰਗਟਾਵਾ ਕਰ ਚੁੱਕੇ ਹਨ ਕਿ ਕੋਰੋਨਾ ਕਹਿਰ ਦੌਰਾਨ 5 ਹਜ਼ਾਰ ਕਰੋੜ ਰੁਪਏ ਦਾ ਮਾਲੀ ਨੁਕਸਾਨ ਪੰਜਾਬ ਨੂੰ ਪੁੱਜਾ ਹੈ ਅਤੇ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜ਼ਿਲਿਆਂ ਨੂੰ 150 ਕਰੋੜ ਰੁਪਏ ਕੋਰੋਨਾ ਰਾਹਤ ਕਾਰਜਾਂ ਲਈ ਜਾਰੀ ਕੀਤੇ ਗਏ ਹਨ। ਇਸ ਮੁਸ਼ਕਲ ਦੇ ਦੌਰ ’ਚ ਸਰਕਾਰ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਰਾਹਤ ਕਾਰਜਾਂ ਅਤੇ ਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਜਾਣਗੇ। ਇਸ ਕੰਮ ’ਚ ਪੈਸੇ ਦੀ ਘਾਟ ਕੋਈ ਅੜਿੱਕਾ ਨਹੀਂ ਬਣੇਗੀ। ਪੰਜਾਬ ਸਰਕਾਰ ਵੱਲੋਂ ਮੈਡੀਕਲ ਉਪਕਰਨ ਅਤੇ ਹੋਰ ਲੋੜੀਂਦਾ ਸਾਜੋ-ਸਾਮਾਨ ਖਰੀਦਣ ਲਈ ਵੀ 50 ਕਰੋੜ ਰੁਪਏ ਦਿੱਤੇ ਗਏ ਹਨ, ਜਿਸ ਤਰ੍ਹਾਂ ਪੰਜਾਬ ਸਰਕਾਰ ਦਾ ਪ੍ਰਸ਼ਾਸਨ ਅਤੇ ਪੁਲਸ ਵਿਭਾਗ ਕੋਰੋਨਾ ਵਾਇਰਸ ਦੇ ਖਾਤਮੇ ਲਈ ਦਿਨ-ਰਾਤ ਇਕ ਕਰ ਕੇ ਲੱਗਾ ਹੋਇਆ ਹੈ। ਯਕੀਨਨ ਹੀ ਹੈ ਕਿ ਪੰਜਾਬ ਵਾਸੀ ਇਸ ਨੂੰ ਹਰਾ ਕੇ ਹੀ ਦਮ ਲੈਣਗੇ। ਉਨ੍ਹਾਂ ਸਿਹਤ ਵਿਭਾਗ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਨਿੱਜੀ ਹਸਪਤਾਲਾਂ ਨੂੰ ਵੀ ਇਸ ਆਫਤ ਦੌਰਾਨ ਆਪਣੇ ਦਰਵਾਜ਼ੇ ਖੋਲ੍ਹ ਦੇਣੇ ਚਾਹੀਦੇ ਹਨ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮਿਲ ਸਕਣ।


Bharat Thapa

Content Editor

Related News