ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਦਿੱਤਾ ਵੱਡਾ ਬਿਆਨ
Saturday, Jun 13, 2026 - 04:23 PM (IST)
ਅੰਮ੍ਰਿਤਸਰ (ਰਮਨ)- ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਮ੍ਰਿਤਸਰ ਦੌਰੇ ਦੌਰਾਨ ਪਹਿਲਾਂ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਬਾਅਦ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਦੀਆਂ ਉਪਲਬਧੀਆਂ ਗਿਣਵਾਈਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਰਾਜਨੀਤੀ ਦੀ ਤਸਵੀਰ ਬਦਲਣ ਦਾ ਕੰਮ ਕੀਤਾ ਹੈ ਅਤੇ ਲੋਕਾਂ ਵਿੱਚ ਰਾਜਨੀਤਿਕ ਨੇਤ੍ਰਿਤਵ ਪ੍ਰਤੀ ਭਰੋਸਾ ਵਧਾਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
ਖੱਟਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਗਰੀਬ ਕਲਿਆਣ, ਬੁਨਿਆਦੀ ਢਾਂਚੇ ਦੇ ਵਿਕਾਸ, ਰਾਸ਼ਟਰੀ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਕੰਮ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਰੋੜਾਂ ਲੋਕ ਗਰੀਬੀ ਰੇਖਾ ਤੋਂ ਉੱਪਰ ਆਏ ਹਨ, ਦੇਸ਼ ਭਰ ਵਿੱਚ ਘਰ, ਬਿਜਲੀ, ਪਾਣੀ ਅਤੇ ਮੁਫ਼ਤ ਅਨਾਜ ਵਰਗੀਆਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਿਆ ਹੈ। ਪੰਜਾਬ ਦੀ ਰਾਜਨੀਤੀ ਬਾਰੇ ਗੱਲ ਕਰਦਿਆਂ ਖੱਟਰ ਨੇ ਕਿਹਾ ਕਿ ਭਾਜਪਾ ਦਾ ਅਗਲਾ ਟੀਚਾ ਪੰਜਾਬ ਵਿੱਚ ਸਰਕਾਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਭਾਜਪਾ 117 ਸੀਟਾਂ 'ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਇਕੱਲੇ ਚੋਣ ਲੜਨ ਦੀ ਸਥਿਤੀ ਵਿਚ ਵੀ ਪਾਰਟੀ ਪਿੱਛੇ ਨਹੀਂ ਰਹੇਗੀ।
ਇਹ ਵੀ ਪੜ੍ਹੋ- ਅੱਜ ਪੰਜਾਬ ’ਚ ਕਾਕਰੋਚ ਜਨਤਾ ਪਾਰਟੀ ਦੀ ਐਂਟਰੀ, ਅੰਮ੍ਰਿਤਸਰ ਦੇ ‘ਗੋਲਡਨ ਗੇਟ’ ’ਤੇ ਹੋਵੇਗਾ ਵੱਡਾ ਪ੍ਰਦਰਸ਼ਨ
ਅਕਾਲੀ ਦਲ ਨਾਲ ਸੰਭਾਵਿਤ ਗਠਜੋੜ ਸਬੰਧੀ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਹ ਪਾਰਟੀ ਦੀ ਨੀਤੀ ਅਤੇ ਲੀਡਰਸ਼ਿਪ ਦਾ ਫੈਸਲਾ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਮੌਜੂਦਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਗੈਂਗਸਟਰਵਾਦ ਅਤੇ ਅਪਰਾਧ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਚਿੰਤਾ ਹੈ। ਇੰਡੋ-ਪਾਕਿ ਵਪਾਰ ਮੁੜ ਸ਼ੁਰੂ ਕਰਨ ਦੀ ਵਪਾਰੀਆਂ ਵੱਲੋਂ ਉਠਾਈ ਮੰਗ ਸਬੰਧੀ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਬੰਧਾਂ ਅਤੇ ਵਪਾਰਕ ਫੈਸਲਿਆਂ 'ਤੇ ਸਮੇਂ ਅਤੇ ਹਾਲਾਤਾਂ ਦੇ ਮੁਤਾਬਕ ਵਿਚਾਰ ਕੀਤਾ ਜਾਂਦਾ ਹੈ।
ਪੰਜਾਬ ਵਿੱਚ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ਾ ਆਉਣ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਨ ਵਾਲੇ ਦੋਸ਼ਾਂ ਨੂੰ ਖਾਰਜ ਕਰਦਿਆਂ ਖੱਟਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦਾ ਨਾ ਹੋਣ ਕਾਰਨ ਉਹ ਭਾਜਪਾ 'ਤੇ ਬੇਬੁਨਿਆਦ ਇਲਜ਼ਾਮ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਨਤਾ ਸਮਝਦਾਰ ਹੈ ਅਤੇ ਉਹ ਕੰਮ ਦੇ ਆਧਾਰ 'ਤੇ ਹੀ ਆਪਣਾ ਫੈਸਲਾ ਕਰਦੀ ਹੈ। ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਹੋਇਆ ਹੈ ਅਤੇ ਸੜਕਾਂ, ਰੇਲਵੇ, ਹਵਾਈ ਸੇਵਾਵਾਂ ਅਤੇ ਬਿਜਲੀ ਉਤਪਾਦਨ ਵਿੱਚ ਵੱਡੇ ਸੁਧਾਰ ਹੋਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਟੀਚਾ ਸੇਵਾ, ਵਿਕਾਸ ਅਤੇ ਆਤਮਨਿਰਭਰ ਭਾਰਤ ਦੀ ਸੋਚ ਨੂੰ ਹੋਰ ਮਜ਼ਬੂਤ ਕਰਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
