ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, PM ਨਾਲ ਮੀਟਿੰਗ ਕਰਨ ਦਾ ਦਿੱਤਾ ਭਰੋਸਾ

Wednesday, Jan 05, 2022 - 01:29 PM (IST)

ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, PM ਨਾਲ ਮੀਟਿੰਗ ਕਰਨ ਦਾ ਦਿੱਤਾ ਭਰੋਸਾ

ਫ਼ਿਰੋਜ਼ਪੁਰ (ਚੋਪੜਾ) : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰੋਜ਼ਪੁਰ ਪਹੁੰਚ ਰਹੇ ਹਨ, ਜਿੱਥੇ ਉਹ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਕਈ ਕਿਸਾਨ ਆਗੂਆਂ ਵਲੋਂ ਮੋਦੀ ਦਾ ਵਿਰੋਧ ਕੀਤਾ ਜਾਵੇਗਾ। ਇਸ ਸਬੰਧ ’ਚ ਕੇਂਦਰੀ ਮੰਤਰੀ ਗਜਿੰਦਰ ਸ਼ੇਖਾਵਤ ਨੇ ਕਿਹਾ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰਨ ਜਾ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਪੁਲਸ ਨੇ ਰਾਸਤੇ ’ਚ ਰੋਕ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਕਈ ਖ਼ਾਸ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ।

ਸ਼ੇਖਾਵਤ ਨੇ ਕਿਸਾਨਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਕਿਸਾਨਾਂ ’ਤੇ ਜੋ ਪਰਚੇ ਦਰਜ ਕੀਤੇ ਗਏ, ਉਨ੍ਹਾਂ ਨੂੰ ਰੱਦ ਕਰਨ ਵਾਲੀ ਗਤੀ ’ਚ ਤੇਜੀ ਲਿਆਂਦੀ ਜਾਵੇਗੀ। ਕਿਸਾਨ ਸੰਘਰਸ਼ ਕਮੇਟੀ ਦੀ 15 ਮਾਰਚ ਨੂੰ ਪ੍ਰਧਾਨ ਮੰਤਰੀ ਨਾਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ। ਸ਼ੇਖਾਵਤ ਨੇ ਕਿਹਾ ਕਿ ਅੱਜ ਇਸ ਰੈਲੀ ’ਚ ਲੱਖਾਂ ਦੇ ਕਰੀਬ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨ ਬਿਲਕੁਲ ਸਹੀ ਸਨ, ਜਿਸ ਦੇ ਬਾਰੇ ਲੋਕਾਂ ਨੂੰ ਸਮਝ ਨਹੀਂ ਸੀ। ਕਿਸਾਨਾਂ ਵਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਗੁਰਪੁਰਬ ਵਾਲੇ ਦਿਨ ਇਨ੍ਹਾਂ ਕਾਨੂੰਨਾਂ ਨੂੰ ਰਦ ਕਰਨ ਦਾ ਐਲਾਨ ਕਰ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਕਿਸੇ ਮੁੱਦਿਆਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨਿਰਾਸ਼ਾ ਦੇ ਆਲਮ ’ਚ ਸਨ, ਜਿਸ ਦੇ ਸਬੰਧ ’ਚ ਵਿਚਾਰ ਚਰਚਾ ਕਰ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਕ ਸਾਲ ’ਚ ਵੱਖ-ਵੱਖ ਧਾਰਾਵਾਂ ਦੇ ਤਹਿਤ ਕਿਸਾਨਾਂ ’ਤੇ ਜੋ ਪਰਚੇ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਰੱਦ ਕਰਨ ਦੀ ਮੰਗ ਕਿਸਾਨਾਂ ਵਲੋਂ ਕੀਤੀ ਜਾ ਰਹੀ ਹੈ। ਸਰਕਾਰ ਪਹਿਲਾਂ ਹੀ ਇਸ ਗੱਲ ਦਾ ਫ਼ੈਸਲਾ ਕਰ ਚੁੱਕੀ ਹੈ ਕਿ ਜੇਕਰ ਕੋਈ ਪਰਾਲੀ ਜਾਂ ਖੇਤੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਖ਼ਿਲਾਫ਼ ਨਾ ਕੋਈ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਨਾ ਹੀ ਉਸ ਖ਼ਿਲਾਫ਼ ਕੋਈ ਕਾਰਵਾਈ ਕੀਤੀ ਜਾਵੇਗੀ। ਐੱਮ.ਐੱਸ.ਪੀ ਨੂੰ ਲੈ ਕੇ ਕਮੇਟੀ ਬਣਾਉਣ ਦੇ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਦੇ ਸਬੰਧ ’ਚ ਕੰਮ ਕੀਤਾ ਜਾ ਰਿਹਾ ਹੈ।
 


author

rajwinder kaur

Content Editor

Related News