ਪਿੰਡ ਵਾਸੀਆਂ ਨੇ ਕੇਂਦਰੀ ਮੰਤਰੀ ਖਿਲਾਫ ਕੀਤੀ ਨਾਅਰੇਬਾਜ਼ੀ

Friday, Jan 26, 2018 - 07:17 AM (IST)

ਪਿੰਡ ਵਾਸੀਆਂ ਨੇ ਕੇਂਦਰੀ ਮੰਤਰੀ ਖਿਲਾਫ ਕੀਤੀ ਨਾਅਰੇਬਾਜ਼ੀ

ਬਰੇਟਾ(ਸਿੰਗਲਾ)-ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਕੀਮ ਅਧੀਨ ਕੇਂਦਰ ਸਰਕਾਰ ਵੱਲੋਂ ਪਿੰਡਾਂ 'ਚ ਪਖਾਨੇ ਬਣਾਉਣ ਦੀ ਯੋਜਨਾ ਸ਼ੁਰੂ ਕੀਤੀ ਗਈ ਸੀ ਅਤੇ ਗਰੀਬ ਲੋਕਾਂ ਨੂੰ ਆਪਣੇ ਘਰਾਂ 'ਚ ਪੱਕੇ ਪਖਾਨੇ ਬਣਾਉਣ ਲਈ ਫੰਡ ਮੁਹੱਈਆ ਕਰਵਾਏ ਗਏ ਸਨ। ਇਸੇ ਤਰ੍ਹਾਂ ਪਿੰਡ ਧਰਮਪੁਰਾ ਵਿਖੇ ਸਾਲ 2015 ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ 324 ਪਖਾਨੇ ਬਣਾਉਣ ਦਾ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ ਗਿਆ ਸੀ, ਜਿਸ ਦਾ ਕੰਮ ਅੱਜ ਤੱਕ ਸ਼ੁਰੂ ਨਹੀਂ ਹੋ ਸਕਿਆ। ਇਸ ਦੇ ਰੋਸ ਵਜੋਂ ਅੱਜ ਪਿੰਡ ਵਾਸੀਆਂ ਵੱਲੋਂ ਕੇਂਦਰੀ ਮੰਤਰੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਇਸ ਸਕੀਮ ਅਧੀਨ ਆਉਣ ਵਾਲੇ ਵਿਅਕਤੀਆਂ ਦੇ ਘਰਾਂ 'ਚ ਪਖਾਨਿਆਂ ਦੀ ਉਸਾਰੀ ਦਾ ਕੰਮ ਚਲਾਉਣ ਦੀ ਮੰਗ ਕੀਤੀ ਗਈ। ਪਿੰਡ ਵਾਸੀਆਂ ਵੱਲੋਂ ਇਸ ਦੀ ਮੰਗ ਲਿਖਤੀ ਤੌਰ 'ਤੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਭੇਜੀ ਗਈ ਹੈ। ਸਮਾਜ ਸੇਵੀ ਅਤੇ ਯੂਥ ਆਗੂ ਜਗਵਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਲਈ ਕੰਮ ਘੱਟ ਅਤੇ ਇਸ਼ਤਿਹਾਰਬਾਜ਼ੀ ਵੱਧ ਕੀਤੀ ਜਾ ਰਹੀ ਹੈ, ਜਿਸ ਨਾਲ ਕਦੇ ਵੀ ਸਾਰਥਕ ਨਤੀਜੇ ਸਾਹਮਣੇ ਨਹੀਂ ਆ ਸਕਦੇ। ਪਿੰਡ 'ਚ ਲੋੜਵੰਦ ਪਰਿਵਾਰਾਂ ਨੂੰ ਇਸ ਸਹੂਲਤ ਦੇ ਨਾਂ ਥੱਲੇ ਚੋਣਾਂ ਸਮੇਂ ਭਰਮਾਇਆ ਗਿਆ ਅਤੇ ਵੋਟਾਂ ਬਟੋਰ ਲਈਆਂ ਗਈਆਂ। ਧੜਾ-ਧੜ ਰੱਖੇ ਗਏ ਨੀਂਹ ਪੱਥਰਾਂ ਦੀ ਮੁੜ ਕੇ ਸਾਰ ਲੈਣ ਵਾਲਾ ਕੋਈ ਵੀ ਦਿਖਾਈ ਨਹੀਂ ਦਿੰਦਾ। ਇਸ ਗੱਲ ਤੋਂ ਪਿੰਡ ਦੇ ਲੋਕਾਂ ਵਿਚ ਪ੍ਰਸ਼ਾਸਨ ਖਿਲਾਫ ਰੋਹ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਪਰਿਵਾਰਾਂ ਦੀ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰ ਕੇ ਪਖਾਨਿਆਂ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ।
ਇਸ ਸਬੰਧੀ ਵਾਟਰ ਸਪਲਾਈ ਮਹਿਕਮੇ ਦੇ ਜੇ. ਈ. ਰਛਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਹੁਣ ਜੋ ਲਾਭਪਾਤਰੀਆਂ ਦੀ ਸੂਚੀ ਮਿਲੀ ਹੈ, ਉਸ ਵਿਚ ਸਿਰਫ 82 ਲੋੜਵੰਦ ਵਿਅਕਤੀਆਂ ਦੇ ਨਾਂ ਸ਼ਾਮਲ ਹਨ ਅਤੇ ਫੰਡ ਆਉਣ 'ਤੇ ਇਨ੍ਹਾਂ ਦੀ ਜਲਦੀ ਉਸਾਰੀ ਕਰਵਾ ਦਿੱਤੀ ਜਾਵੇਗੀ। ਇਸ ਮੌਕੇ ਗੁਰਪ੍ਰੀਤ ਸਿੰਘ, ਪਰਮਜੀਤ ਕੌਰ, ਮੂਰਤੀ ਦੇਵੀ, ਸੁਖਵਿੰਦਰ ਕੌਰ, ਰਾਣੀ ਕੌਰ, ਸੁਖਦੀਪ ਸਿੰਘ, ਬੂਟਾ ਸਿੰਘ ਅਤੇ ਵੱਡੀ ਗਿਣਤੀ 'ਚ ਹੋਰ ਪਿੰਡ ਵਾਸੀ ਹਾਜ਼ਰ ਸਨ।


Related News