ਯੂਨਾਈਟਿਡ ਅਕਾਲੀ ਦਲ ਵੱਲੋਂ 1 ਨਵੰਬਰ ਨੂੰ ਪ੍ਰਧਾਨ ਮੰਤਰੀ ਦੇ ਨਿਵਾਸ ਵੱਲ ਮਾਰਚ ਦਾ ਐਲਾਨ
Tuesday, Oct 03, 2017 - 10:59 AM (IST)
ਜਲੰਧਰ(ਚਾਵਲਾ)— ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਸਕੱਤਰ ਜਨਰਲ ਗੁਰਦੀਪ ਸਿੰਘ ਬਠਿੰਡਾ ਨੇ ਸੋਮਵਾਰ ਨੂੰ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਸਤੰਬਰ 2015 ਨੂੰ ਗੁਰਮੀਤ ਰਾਮ ਰਹੀਮ ਦੇ ਹੱਕ ਵਿਚ ਜਨਰਲ ਹਾਊਸ 'ਚ ਇਕ ਮਤਾ ਪਾਸ ਕੀਤਾ ਗਿਆ ਸੀ। ਸਿੱਖ ਪ੍ਰੰਪਰਾਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਨੂੰ ਕਲੰਕਿਤ ਕਰਨ ਵਾਲਾ ਇਹ ਮਤਾ ਜੇਕਰ ਸ਼੍ਰੋਮਣੀ ਕਮੇਟੀ ਨੇ ਵਾਪਸ ਨਾ ਲਿਆ ਤਾਂ 22 ਅਕਤੂਬਰ ਨੂੰ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਕੋਠੀ ਅੱਗੇ ਇਕ ਦਿਨ ਦਾ ਰੋਸ ਧਰਨਾ ਦਿੱਤਾ ਜਾਵੇਗਾ
ਇਥੇ ਪ੍ਰੈੱਸ ਕਾਨਫਰੰਸ ਦੌਰਾਨ ਭਾਈ ਮੋਹਕਮ ਸਿੰਘ ਅਤੇ ਬਠਿੰਡਾ ਨੇ ਕਿਹਾ ਕਿ ਪਾਰਟੀ ਦੇ ਕੇਂਦਰੀ ਅਹੁਦੇਦਾਰਾਂ ਤੇ ਵਰਕਿੰਗ ਕਮੇਟੀ ਮੈਂਬਰਾਂ ਦੀ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਅਹਿਮ ਮੀਟਿੰਗ ਹੋਈ, ਜਿਸ ਵਿਚ ਕੀਤੇ ਫੈਸਲੇ ਅਨੁਸਾਰ 1 ਨਵੰਬਰ ਨੂੰ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ ਵੱਲ ਮਾਰਚ ਕੀਤਾ ਜਾਵੇਗਾ। ਇਸ ਦੌਰਾਨ ਪੰਥਕ ਮੁੱਦਿਆਂ ਨੂੰ ਲਾਗੂ ਕਰਵਾਉਣ ਲਈ ਮੈਂਬਰ ਪਾਰਲੀਮੈਂਟ ਅਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 25 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਪੰਥਕ ਕਾਨਫਰੰਸ ਕੀਤੀ ਜਾਵੇਗੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਵਿਰੋਧਤਾ ਨੂੰ ਗੈਰ-ਜ਼ਰੂਰੀ ਅਤੇ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਕਮਿਸ਼ਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸ਼ਾਂਤਮਈ ਧਰਨੇ ਵਿਚ ਬੈਠੇ ਸਿੱਖਾਂ ਨੂੰ ਸ਼ਹੀਦ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦਾ ਰਿਕਾਰਡ ਤਲਬ ਕੀਤਾ ਗਿਆ ਹੈ, ਜਦਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਨਹੀਂ ਸੱਦਿਆ ਗਿਆ। ਇਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨਾਲ ਜੋੜਨਾ ਬਿਲਕੁਲ ਹੀ ਬਾਦਲ ਪਰਿਵਾਰ ਦੇ ਇਸ਼ਾਰਿਆਂ 'ਤੇ ਕੀਤੀ ਗਲਤ ਕਾਰਵਾਈ ਹੈ। ਇਸ ਮੌਕੇ ਵੱਸਣ ਸਿੰਘ ਜਫਰਵਾਲ, ਸਤਨਾਮ ਸਿੰਘ ਮਨਾਵਾਂ, ਪਰਮਜੀਤ ਸਿੰਘ ਜੇਜੇਆਣੀ ਅਤੇ ਡਾਕਟਰ ਜੌਹਲ ਸਿੰਘ ਆਦਿ ਹਾਜ਼ਰ ਸਨ।
