ਸੂਬੇ ''ਚ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ''ਤੇ ਪੰਜਾਬ ਕੈਬਨਿਟ ਦਾ ਅਹਿਮ ਫੈਸਲਾ
Wednesday, Jul 24, 2019 - 06:49 PM (IST)

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਸੂਬੇ ਵਿਚ ਪ੍ਰਾਈਵੇਟ ਯੂਨੀਵਰਸਿਟੀਆਂ ਦੀ ਸਥਾਪਨਾ ਲਈ ਲੌੜੀਂਦੀ ਘੱਟੋ-ਘੱਟ ਜ਼ਮੀਨ 35 ਏਕੜ ਤੋਂ ਘਟਾ ਕੇ 25 ਏਕੜ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਵੱਲੋਂ ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਨੀਤੀ-2010 ਵਿਚ ਸੋਧ ਦੀ ਪ੍ਰਵਾਨਗੀ ਦੇਣ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦਾ ਉਦੇਸ਼ ਉੱਚ ਸਿੱਖਿਆ ਵਿਚ ਨਿਵੇਸ਼ ਨੂੰ ਵਧਾਉਣਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਪ੍ਰਾਈਵੇਟ ਯੂਨੀਵਰਸਿਟੀਆਂ ਵਿਚ ਸਿੱਖਿਆ ਦੇ ਮਿਆਰੀ ਮਾਪਦੰਡਾਂ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕੁਝ ਨਿੱਜੀ ਯੂਨੀਵਰਸਿਟੀਆਂ ਉਹ ਕੋਰਸ ਕਰਵਾ ਰਹੀਆਂ ਹਨ ਜਿਨ੍ਹਾਂ ਦੀ ਵਿਵਹਾਰਕ ਵਰਤੋਂ ਨਹੀਂ ਹੈ ਅਤੇ ਇਹ ਕੋਰਸ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਵਿਚ ਨਾਕਾਮ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਨਿੱਜੀ ਯੂਨੀਵਰਸਿਟੀਆਂ ਲਈ ਰੈਗੂਲੇਟਰੀ ਅਥਾਰਟੀ ਸਥਾਪਤ ਕਰਨ ਦੀਆਂ ਸੰਭਵਨਾਵਾਂ ਦਾ ਅਧਿਐਨ ਕਰਨ ਲਈ ਆਪਣੀ ਸਰਕਾਰ ਵੱਲੋਂ ਸਥਾਪਤ ਕੀਤੀ ਕੈਬਨਿਟ ਸਬ-ਕਮੇਟੀ ਅਤੇ ਮਾਹਿਰ ਕਮੇਟੀ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਮਾਹਿਰ ਕਮੇਟੀ ਨੇ ਆਪਣੀ ਰਿਪੋਰਟ ਪੇਸ਼ ਕਰ ਦਿੱਤੀ ਹੈ ਜੋ ਅਗਲੀ ਕਾਰਵਾਈ ਅਤੇ ਸਿਫਾਰਸ਼ਾਂ ਲਈ ਕੈਬਨਿਟ ਸਬ-ਕਮੇਟੀ ਨੂੰ ਛੇਤੀ ਭੇਜ ਦਿੱਤੀ ਜਾਵੇਗੀ।