ਹਸਪਤਾਲਾਂ ''ਚ ਗ਼ੈਰ-ਜ਼ਰੂਰੀ ਆਪ੍ਰੇਸ਼ਨਾਂ ਨੂੰ ਬੰਦ ਕਰਕੇ ਕੋਵਿਡ ਮਰੀਜ਼ਾਂ ਲਈ ਰਾਖਵੇਂ ਕੀਤੇ ਜਾਣ ਬੈੱਡ : ਮੁੱਖ ਸਕੱਤਰ
Thursday, Apr 22, 2021 - 01:59 AM (IST)
ਚੰਡੀਗੜ੍ਹ, (ਅਸ਼ਵਨੀ)- ਸੂਬੇ ਵਿਚ ਕੋਵਿਡ-19 ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਾਰੇ ਹਸਪਤਾਲਾਂ ਵਿਚ ਗ਼ੈਰ-ਜ਼ਰੂਰੀ ਆਪ੍ਰੇਸ਼ਨ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਵਿਡ ਦੀ ਦੂਜੀ ਲਹਿਰ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ ਵਿਚ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ।
ਪ੍ਰਸ਼ਾਸਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ, ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨਾਲ ਰਾਜ ਵਿਚ ਕੋਵਿਡ-19 ਦੀ ਸਥਿਤੀ ਬਾਰੇ ਇੱਕ ਜਾਇਜ਼ਾ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਲੋਕਾਂ ਨੂੰ ਕੋਵਿਡ ਵੈਕਸੀਨ ਲਵਾਉਣ ਵਾਸਤੇ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਮਹਾਜਨ ਨੇ ਦੱਸਿਆ ਕਿ ਭਲਕੇ ਵੀਰਵਾਰ ਨੂੰ ਕੋਵੀਸ਼ੀਲਡ ਵੈਕਸੀਨ ਦੀਆਂ 4 ਲੱਖ ਤੋਂ ਵੱਧ ਖੁਰਾਕਾਂ ਪੰਜਾਬ ਪਹੁੰਚ ਜਾਣਗੀਆਂ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਨੇ ਕੋਵਿਡ ਕਾਰਨ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਇਕਾਂਤਵਾਸ ਦੌਰਾਨ ‘ਕਰੋਨਾ ਫਤਿਹ ਕਿੱਟ’ ਅਤੇ ‘ਫੂਡ ਕਿੱਟ’ ਉਸੇ ਦਿਨ ਹੀ ਮੁਹੱਈਆ ਕਰਵਾਉਣ ਲਈ ਆਖਿਆ।
ਕੋਵਿਡ ਵਿਰੁੱਧ ਜੰਗ ਵਿਚ ਧਾਰਮਿਕ ਅਤੇ ਸਮਾਜਿਕ ਆਗੂਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕਰਦੇ ਹੋਏ ਮਹਾਜਨ ਨੇ ਦੱਸਿਆ ਕਿ ਐੱਸ.ਜੀ.ਪੀ.ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਬਿਮਾਰੀ ਨਾਲ ਲੜਨ ਲਈ ਆਪਣਾ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਸਿਹਤ ਵਿਭਾਗ ਦੇ ਪ੍ਰਮੱਖ ਸਕੱਤਰ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਸਮੇਂ ਰੋਜ਼ਾਨਾ 54,000 ਟੈਸਟ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵਿਚ ਹੋਰ ਵਾਧਾ ਕੀਤਾ ਜਾਵੇਗਾ।
ਆਕਸੀਜਨ ਦੀ ਕਮੀ ਦੀਆਂ ਅਫ਼ਵਾਹਾਂ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਸੂਬੇ ਕੋਲ ਢੁਕਵੀਂ ਮਾਤਰਾ ਵਿਚ ਮੈਡੀਕਲ ਆਕਸੀਜਨ ਮੌਜੂਦ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਗ਼ੈਰ ਕਾਨੂੰਨੀ ਢੰਗ ਨਾਲ ਆਕਸੀਜ਼ਨ ਦੀ ਜ਼ਖ਼ੀਰੇਬਾਜ਼ੀ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਮੁੱਖ ਸਕੱਤਰ ਨੇ ਵੈਕਸੀਨੇਸ਼ਨ ਵਾਸਤੇ ਯੋਗ ਵਿਅਕਤੀਆਂ ਦੀ ਲਾਮਬੰਦੀ ਲਈ ਦਿਹਾਤੀ ਇਲਾਕਿਆਂ ਵਿਚ ਬੀ.ਐੱਲ.ਓ. ਤਾਇਨਾਤ ਕਰਨ ਲਈ ਆਖਿਆ।
ਪੰਜਾਬ ਪੁਲਸ ਦੇ ਡਾਇਰੈਕਟਰ ਦਿਨਕਰ ਗੁਪਤਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਸੂਬਾ ਪੁਲਸ ਰਾਜ ਸਰਕਾਰ ਵਲੋਂ ਹਾਲ ਹੀ ਵਿਚ ਐਲਾਨੀਆਂ ਗਈਆਂ ਪਾਬੰਦੀਆਂ ਨੂੰ ਸਖਤ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾ ਰਹੀ ਹੈ। ਰਾਤ ਦੇ ਕਰਫਿਊ ਅਤੇ ਸਾਰੇ ਤਰ੍ਹਾਂ ਦੇ ਇਕੱਠਾਂ ਦੀ ਸੀਮਾ ਦੇ ਸਬੰਧ ਵਿਚ ਪਾਬੰਦੀਆਂ ਨੂੰ ਢੁਕਵੇਂ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਮੀਟਿੰਗ ਵਿਚ ਸਿਹਤ ਵਿਭਾਗ ਦੇ ਸਲਾਹਕਾਰ ਡਾ. ਕੇ.ਕੇ ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਸ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਅਤੇ ਪ੍ਰੋ. ਰਾਜੇਸ਼ ਕੁਮਾਰ, ਪ੍ਰਮੁੱਖ ਸਕੱਤਰ (ਉਦਯੋਗ) ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ (ਡਾਕਟਰੀ ਸਿੱਖਿਆ ਤੇ ਖੋਜ) ਡੀ.ਕੇ. ਤਿਵਾੜੀ, ਐੱਮ. ਡੀ. (ਐੱਨ.ਐੱਚ.ਐੱਮ.) ਪੰਜਾਬ ਕੁਮਾਰ ਰਾਹੁਲ, ਐੱਮ.ਡੀ. (ਪੀ.ਐੱਚ.ਐੱਸ.ਸੀ.) ਤਨੂ ਕਸ਼ਅੱਪ, ਵਿਸ਼ੇਸ਼ ਸਕੱਤਰ (ਸਿਹਤ) ਅਮਿਤ ਕੁਮਾਰ, ਡਾਇਰੈਕਟਰ (ਸਿਹਤ ਸੇਵਾਵਾਂ) ਡਾ. ਜੀ.ਬੀ ਸਿੰਘ, ਨੋਡਲ ਅਫਸਰ (ਕੋਵਿਡ-19) ਡਾ. ਰਾਜੇਸ਼ ਭਾਸਕਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।